ਦਿੱਲੀ : ਖਨੌਰੀ ਬਾਰਡਰ ‘ਤੇ 36 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਹਸਪਤਾਲ ‘ਚ ਦਾਖਲ ਕਰਵਾਉਣ ਲਈ ਪੰਜਾਬ ਸਰਕਾਰ ਨੂੰ ਹੋਰ 3 ਦਿਨਾਂ ਦਾ ਸਮਾਂ ਮਿਲ ਗਿਆ ਹੈ। ਮੰਗਲਵਾਰ ਨੂੰ ਸੁਪਰੀਮ ਕੋਰਟ ‘ਚ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਦੀ ਬੈਂਚ ਨੇ ਇਸ ‘ਤੇ ਸੁਣਵਾਈ ਕੀਤੀ।
28 ਦਸੰਬਰ ਦਿਨ ਸ਼ਨੀਵਾਰ ਨੂੰ ਹੋਈ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਦੇਣ ਦੀਆਂ ਹਦਾਇਤਾਂ ‘ਤੇ ਅਮਲ ਨਾ ਕਰਨ ਲਈ ਪੰਜਾਬ ਸਰਕਾਰ ਦੇ ਰਵੱਈਏ ਨੂੰ ਸਖ਼ਤ ਫਟਕਾਰ ਲਗਾਈ ਸੀ।
ਸੁਪਰੀਮ ਕੋਰਟ ਨੇ ਕਿਹਾ ਕਿ ਸਾਡੇ ਹੁਕਮਾਂ ਦੀ ਹਰ ਕੀਮਤ ‘ਤੇ ਪਾਲਣਾ ਕੀਤੀ ਜਾਣੀ ਚਾਹੀਦੀ ਹੈ ਅਤੇ ਕੇਂਦਰ ਸਰਕਾਰ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗੀ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ ਤੁਸੀਂ ਕੁਝ ਹੋਰ ਸਮਾਂ ਕਿਉਂ ਮੰਗ ਰਹੇ ਹੋ।
ਪੰਜਾਬ ਸਰਕਾਰ ਦੇ ਏਜੀ ਨੇ ਅਦਾਲਤ ਨੂੰ ਦੱਸਿਆ ਕਿ ਕੁਝ ਜ਼ਿੰਮੇਵਾਰ ਲੋਕ ਡੱਲੇਵਾਲ ਨਾਲ ਗੱਲ ਕਰਨ ਗਏ ਸਨ। ਬੀਤੇ ਦਿਨ ਦੋ ਗੱਲਾਂ ਹੋਈਆਂ। ਪਹਿਲਾਂ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਸੀ, ਜਿਸ ਕਾਰਨ ਪੰਜਾਬ ਭਰ ‘ਚ ਜਾਮ ਲੱਗ ਗਿਆ ਸੀ। ਦੂਜਾ, ਕੇਂਦਰ ਸਰਕਾਰ ਨੂੰ ਇਹ ਪ੍ਰਸਤਾਵ ਦਿੱਤਾ ਗਿਆ ਹੈ ਕਿ ਜੇਕਰ ਉਨ੍ਹਾਂ ਨੂੰ ਗੱਲਬਾਤ ਦਾ ਪ੍ਰਸਤਾਵ ਮਿਲਦਾ ਹੈ ਤਾਂ ਡੱਲੇਵਾਲ ਡਾਕਟਰੀ ਸਹਾਇਤਾ ਲੈਣ ਲਈ ਤਿਆਰ ਹਨ।
ਪੰਜਾਬ ਸਰਕਾਰ ਦੀ ਮੰਗ ‘ਤੇ ਸੁਪਰੀਮ ਕੋਰਟ ਨੇ ਸਮਾਂ ਦਿੱਤਾ ਹੈ ਅਤੇ ਮਾਮਲੇ ਉਤੇ ਅਗਲੀ ਸੁਣਵਾਈ 2 ਜਨਵਰੀ 2025 ਨੂੰ ਹੋਵੇਗੀ।
ਇਸ ਤੋਂ ਪਹਿਲਾਂ 28 ਦਸੰਬਰ ਨੂੰ ਹੋਈ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ 31 ਦਸੰਬਰ ਤੱਕ ਦਾ ਸਮਾਂ ਦਿੱਤਾ ਸੀ।