ਚੰਡੀਗੜ੍ਹ : ਪੰਜਾਬ ‘ਚ ਭਾਜਪਾ ਇਕੱਲਿਆਂ ਹੀ ਲੋਕ ਸਭਾ ਚੋਣਾਂ ਲੜੇਗੀ। ਇਸ ਦਾ ਐਲਾਨ ਕਰਦਿਆਂ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਇਹ ਫੈਸਲਾ ਲੋਕਾਂ ਦੀ ਰਾਏ ਤੋਂ ਬਾਅਦ ਲਿਆ ਗਿਆ ਹੈ। ਵਰਕਰਾਂ ਤੇ ਆਗੂਆਂ ਦੀ ਵੀ ਇਹੀ ਰਾਏ ਹੈ। ਪੰਜਾਬ ਵਿੱਚ ਲੋਕ ਸਭਾ ਦੀਆਂ 13 ਸੀਟਾਂ ਹਨ।
ਇੱਕ ਵੀਡੀਓ ਜਾਰੀ ਕਰਦਿਆਂ ਪੰਜਾਬ ਭਾਜਪਾ ਸੁਨੀਲ ਜਾਖੜ ਨੇ ਐਲਾਨ ਕੀਤਾ ਹੈ ਕਿ ਪੰਜਾਬ ਵਿਚ ਭਾਜਪਾ ਇਕੱਲਿਆਂ ਚੋਣਾਂ ਲੜੇਗੀ। ਉਨਾਂ ਦੱਸਿਆ ਕਿ ਵਰਕਰਾਂ ਦੀ ਰਾਇ ਲੈ ਕੇ ਇਹ ਫੈਸਲਾ ਕੀਤਾ ਗਿਆ ਹੈ ਕਿ ਭਾਜਪਾ ਇਕੱਲਿਆਂ ਪੰਜਾਬ ਵਿਚ ਚੋਣਾਂ ਲੜੇਗੀ। ਸੁਨੀਲ ਜਾਖੜ ਨੇ ਕਿਹਾ ਕਿ ਲੋਕਾਂ, ਪਾਰਟੀ ਵਰਕਰਾਂ ਅਤੇ ਆਗੂਆਂ ਦੀ ਰਾਏ ਲੈਣ ਮਗਰੋਂ ਪੰਜਾਬ ਦੇ ਭਵਿੱਖ, ਜਵਾਨੀ, ਕਿਸਾਨੀ ਅਤੇ ਸਾਰਿਆਂ ਦੀ ਬਿਹਤਰੀ ਵਾਸਤੇ ਇਹ ਫ਼ੈਸਲਾ ਲਿਆ ਗਿਆ ਹੈ।
ਜਾਖੜ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਜੋ ਕੰਮ ਭਾਜਪਾ ਨੇ 10 ਸਾਲਾਂ ਵਿਚ ਕੀਤਾ ਹੈ, ਉਹ ਹਾਲੇ ਤੱਕ ਕਿਸੇ ਨੇ ਨਹੀਂ ਕੀਤਾ। ਉਹਨਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਫੈਸਲਾ ਲਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਫਸਲ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਕਾਰਗੁਜ਼ਾਰੀ ਦੇ ਚਲਦਿਆਂ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਿਆ ਗਿਆ।
2020 ਵਿੱਚ, ਕਿਸਾਨਾਂ ਨੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਲਈ ਇੱਕ ਅੰਦੋਲਨ ਸ਼ੁਰੂ ਕੀਤਾ। ਕੇਂਦਰ ਵਿੱਚ ਅਕਾਲੀ ਦਲ ਤੇ ਭਾਜਪਾ ਦੇ ਗਠਜੋੜ ਕਾਰਨ ਕਿਸਾਨਾਂ ਦਾ ਗੁੱਸਾ ਸਥਾਨਕ ਆਗੂਆਂ ’ਤੇ ਨਿੱਕਲ ਰਿਹਾ ਹੈ। ਕਿਸਾਨਾਂ ਨੇ ਭਾਜਪਾ ਆਗੂਆਂ ਦੇ ਨਾਲ-ਨਾਲ ਅਕਾਲੀ ਦਲ ਦਾ ਵੀ ਬਾਈਕਾਟ ਕਰਨਾ ਸ਼ੁਰੂ ਕਰ ਦਿੱਤਾ ਸੀ। ਇਸ ਦੌਰਾਨ 18 ਸਤੰਬਰ 2020 ਨੂੰ ਬਾਦਲ ਪਰਿਵਾਰ ਦੀ ਨੂੰਹ ਹਰਸਿਮਰਤ ਕੌਰ ਬਾਦਲ ਨੇ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਵਿੱਚ ਭਾਜਪਾ ਦੇ ਮੁੜ ਅਕਾਲੀ ਦਲ ਨਾਲ ਗਠਜੋੜ ਦੀ ਚਰਚਾ ਸੀ। ਭਾਜਪਾ ਦੇ ਸੀਨੀਅਰ ਆਗੂ ਵੀ ਇਸ ਦੇ ਹੱਕ ਵਿੱਚ ਸਨ। ਇਸ ਦੇ ਬਾਵਜੂਦ ਗੱਲਬਾਤ ਨਹੀਂ ਹੋ ਸਕੀ।
ਅਕਾਲੀ ਦਲ ਅਤੇ ਭਾਜਪਾ ਦਾ ਰਿਸ਼ਤਾ ਬਹੁਤ ਪੁਰਾਣਾ ਹੈ। ਐਨਡੀਏ ਦੇ ਵਿਸਤਾਰ ਵਿੱਚ, ਅਕਾਲੀ ਦਲ ਪਹਿਲੀ ਜਥੇਬੰਦੀ ਸੀ ਜਿਸ ਨੇ ਭਾਜਪਾ ਨਾਲ ਹੱਥ ਮਿਲਾਇਆ। 1992 ਤੱਕ ਭਾਜਪਾ ਅਤੇ ਅਕਾਲੀ ਦਲ ਅਲੱਗ-ਅਲੱਗ ਚੋਣਾਂ ਲੜਦੇ ਸਨ। ਚੋਣਾਂ ਤੋਂ ਬਾਅਦ ਅਕਾਲੀ ਦਲ ਨੇ ਭਾਜਪਾ ਦਾ ਸਾਥ ਦਿੱਤਾ। 1996 ‘ਚ ਅਕਾਲੀ ਦਲ ਨੇ ‘ਮੋਗਾ ਐਲਾਨਨਾਮੇ’ ‘ਤੇ ਦਸਤਖਤ ਕੀਤੇ ਸਨ ਅਤੇ 1997 ‘ਚ ਪਹਿਲੀ ਵਾਰ ਇਕੱਠੇ ਚੋਣਾਂ ਲੜੀਆਂ ਸਨ।