Punjab

ਬਿਕਰਮਮਜੀਠੀਆ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਐਸਆਈਟੀ ਨੇ ਸੰਮਨ ਲਏ ਵਾਪਸ

ਮੁਹਾਲੀ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਐਨਡੀਪੀਐਸ ਕੇਸ ਵਿੱਚ ਸਪੈਸ਼ਲ ਜਾਂਚ ਟੀਮ ਵੱਲੋਂ ਭੇਜੇ ਸੰਮਨ ਐਸਆਈਟੀ ਨੇ ਵਾਪਸ ਲੈ ਲਏ।

ਪਿਛਲੇ ਮਹੀਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਵਿਕਾਸ ਬਹਿਲ ਨੇ ਡਰੱਗ ਮਾਮਲੇ ‘ਚ SIT ਵੱਲੋਂ ਬਿਕਰਮ ਸਿੰਘ ਮਜੀਠੀਆ ਨੂੰ ਸੰਮਨ ਜਾਰੀ ਕਰਨ ‘ਤੇ ਰੋਕ ਲਗਾ ਦਿੱਤੀ ਸੀ। ਇਹ ਪਾਬੰਦੀ 8 ਜੁਲਾਈ 2024 ਤੱਕ ਦਿੱਤੀ ਗਈ ਸੀ। ਬਿਕਰਮ ਸਿੰਘ ਮਜੀਠੀਆ ਨੇ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕਰਕੇ SIT ਦੁਆਰਾ ਭੇਜੇ ਸੰਮਨ (18 ਜੂਨ, 2024) ਨੂੰ ਚੁਣੌਤੀ ਦਿੱਤੀ ਸੀ। ਉਸ ਨੇ ਇਹ ਵੀ ਮੰਗ ਕੀਤੀ ਸੀ ਕਿ ਪਟੀਸ਼ਨ ਦੇ ਲੰਬਿਤ ਹੋਣ ਦੌਰਾਨ ਉਸ ਵਿਰੁੱਧ ਕੋਈ ਸਜ਼ਾਯੋਗ ਕਾਰਵਾਈ ਨਾ ਕੀਤੀ ਜਾਵੇ।

ਕੀ ਹੈ ਪੂਰਾ ਮਾਮਲਾ

ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ 20 ਦਸੰਬਰ 2021 ਨੂੰ ਬਿਕਰਮ ਸਿੰਘ ਮਜੀਠੀਆ ਖਿਲਾਫ਼ ਮੋਹਾਲੀ ਵਿੱਚ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਸੀ। ਇਸ ਮਾਮਲੇ ਵਿੱਚ ਮਜੀਠੀਆ 24 ਫਰਵਰੀ 2022 ਨੂੰ ਪਟਿਆਲਾ ਜੇਲ੍ਹ ਗਏ ਸਨ। 10 ਅਗਸਤ 2022 ਨੂੰ ਹਾਈ ਕੋਰਟ ਨੇ ਮਜੀਠੀਆ ਨੂੰ ਜ਼ਮਾਨਤ ਦੇ ਦਿੱਤੀ ਅਤੇ ਉਹ 11 ਅਗਸਤ ਨੂੰ ਉਹ ਜੇਲ੍ਹ ਚੋਂ ਬਾਹਰ ਆਏ ਸਨ।

ਪੁਲਿਸ ਨੇ ਮਜੀਠੀਆ ਖ਼ਿਲਾਫ਼ ਇਹ ਕੇਸ ਤਿੰਨ ਸਾਲ ਪਹਿਲਾਂ 20 ਦਸੰਬਰ 2021 ਨੂੰ ਕਾਂਗਰਸ ਸਰਕਾਰ ਵੇਲੇ ਦਰਜ ਕੀਤਾ ਸੀ। ਇਸ ਤੋਂ ਬਾਅਦ ਉਸ ਨੂੰ ਜੇਲ੍ਹ ਵੀ ਜਾਣਾ ਪਿਆ। 5 ਮਹੀਨੇ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਮਜੀਠੀਆ ਨੂੰ 10 ਅਗਸਤ 2022 ਨੂੰ ਜ਼ਮਾਨਤ ਮਿਲ ਗਈ ਸੀ। ਮਜੀਠੀਆ ਨੇ ਦੋਸ਼ ਲਾਇਆ ਹੈ ਕਿ ਜਿਸ ਕੇਸ ਵਿੱਚ ਉਹ ਜੇਲ੍ਹ ਤੋਂ ਪਰਤਿਆ ਹੈ, ਉਸ ਵਿੱਚ ਹਾਲੇ ਤੱਕ ਕੋਈ ਚਾਰਜਸ਼ੀਟ ਦਾਖ਼ਲ ਨਹੀਂ ਕੀਤੀ ਗਈ ਹੈ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਉਸ ਕੋਲੋਂ ਕੋਈ ਵਸੂਲੀ ਨਹੀਂ ਹੋਈ ਹੈ।