The Khalas Tv Blog Punjab ਫਗਵਾੜਾ ਮਿਲ ਵਿੱਚ ਫਸੇ ਕਿਸਾਨਾਂ ਦੇ ਬਕਾਏ ਨੂੰ ਲੈ ਕੇ ਖੇਤੀ ਮੰਤਰੀ ਦਾ ਵੱਡਾ ਬਿਆਨ
Punjab

ਫਗਵਾੜਾ ਮਿਲ ਵਿੱਚ ਫਸੇ ਕਿਸਾਨਾਂ ਦੇ ਬਕਾਏ ਨੂੰ ਲੈ ਕੇ ਖੇਤੀ ਮੰਤਰੀ ਦਾ ਵੱਡਾ ਬਿਆਨ

ਫਗਵਾੜਾ : ਫਗਵਾੜਾ ਖੰਡ ਮਿਲ ਦੇ ਬਕਾਏ ਨੂੰ ਲੈ ਕੇ ਹਾਈਵੇਅ ਜਾਮ ਕਰ,ਕਿਸਾਨਾਂ ਨੇ ਸੰਘਰਸ਼ ਛੇੜਿਆ ਹੋਇਆ ਹੈ। ਕਿਸਾਨਾਂ ਦੀਆਂ ਮੰਗਾਂ ਦਾ ਨਿਪਟਾਰਾ ਕਰਨ ਲਈ ਕਿਸਾਨ ਯੂਨੀਅਨ ਦੁਆਬਾ ਦੇ ਮੈਂਬਰਾਂ ਨਾਲ ਖੇਤੀ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਇੱਕ ਮੀਟਿੰਗ  ਕੀਤੀ ਹੈ ,ਜਿਸ ਤੋਂ ਬਾਅਦ ਉਹਨਾਂ ਐਲਾਨ ਕੀਤਾ ਹੈ ਕਿ ਫਗਵਾੜਾ ਸ਼ੂਗਰ ਮਿੱਲ ਲਿਮਿਟਡ ਵੱਲੋਂ ਕਿਸਾਨਾਂ ਦੇ ਰੋਕੇ ਗਏ ਕਰੀਬ 72 ਕਰੋੜ ਰੁਪਏ ਦੀ ਅਦਾਇਗੀ ਬਾਕੀ ਸੀ,ਜੋ ਕਿ ਕੱਲ ਤੋਂ ਮਿਲਣੀ ਸ਼ੁਰੂ ਹੋ ਜਾਵੇਗੀ, ਕਿਉਂਕਿ ਉਕਤ ਮਿਲ ਦੀ ਹਰਿਆਣਾ ਸਥਿਤ ਜਾਇਦਾਦ ਵੇਚ ਦਿੱਤੀ ਗਈ ਹੈ ਤੇ ਮਿਲ ਦੇ ਖਾਤੇ ਵਿਚ ਕਰੀਬ 23.76 ਕਰੋੜ ਰੁਪਏ ਆ ਗਏ ਹਨ।

ਉਨਾਂ ਕਿਸਾਨਾਂ ਨੂੰ ਇਹ ਵੀ ਭਰੋਸਾ ਦਿੱਤਾ ਕਿ ਬਾਕੀ ਬਕਾਇਆ ਰਾਸ਼ੀ ਵੀ ਮਿਲ ਪ੍ਰਬੰਧਕਾਂ ਕੋਲੋਂ ਵਸੂਲ ਕੀਤੀ ਜਾਵੇਗੀ।ਜਿਸ ਲਈ ਸਰਕਾਰ ਵੱਲੋਂ ਮਿਲ ਦੇ ਮਾਲਕਾਂ ਦੀ ਨਿੱਜੀ ਜਾਇਦਾਦ ਨੂੰ ਅਟੈਚ ਕਰਨ ਦੀ ਕਾਰਵਾਈ ਸ਼ੁਰੂ ਕੀਤੀ ਜਾ ਰਹੀ ਹੈ।

ਖੇਤੀਬਾੜੀ ਮੰਤਰੀ ਪੰਜਾਬ,ਕੁਲਦੀਪ ਸਿੰਘ ਧਾਲੀਵਾਲ

ਖੇਤੀ ਮੰਤਰੀ ਨੇ ਕਿਹਾ ਕਿ ਗੰਨੇ ਦੇ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਮਿਲ ਦੇ ਮੌਜੂਦਾ ਮਾਲਕਾਂ ਤੋਂ ਇਲਾਵਾ ਕਈ ਨਿੱਜੀ ਮਿਲਾਂ ਨਾਲ ਗੱਲਬਾਤ ਚੱਲ ਰਹੀ ਹੈ ਅਤੇ ਜੇਕਰ ਇਹਨਾਂ ਧਿਰਾਂ ਨਾਲ ਕੋਈ ਸਮਝੌਤਾ ਸਿਰੇ ਨਾ ਚੜਿਆ ਤਾਂ ਸਰਕਾਰ ਖ਼ੁਦ ਇਹ ਖੰਡ ਮਿਲ ਚਲਾਏਗੀ, ਪਰ ਕਿਸਾਨਾਂ ਦਾ ਗੰਨਾ ਨਹੀਂ ਰੁਲਣ ਦਿੱਤਾ ਜਾਵੇਗਾ।

ਸ. ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਕਿਸਾਨ ਹਿਤੈਸ਼ੀ ਸਰਕਾਰ ਹੈ ਅਤੇ ਅਸੀਂ ਕਿਸਾਨਾਂ ਨੂੰ ਆਰਥਿਕ ਤੌਰ ਉਤੇ ਮਜ਼ਬੂਤ ਕਰਨਾ ਚਾਹੁੰਦੇ ਹਾਂ, ਕਿਉਂਕਿ ਪੰਜਾਬ ਦੀ 75 ਫੀਸਦੀ ਅਬਾਦੀ ਸਿੱਧੇ ਜਾਂ ਅਸਿੱਧੇ ਤੌਰ ਉਤੇ ਖੇਤੀ ਨਾਲ ਜੁੜੀ ਹੋਈ ਹੈ।ਉਨਾਂ ਕਿਸਾਨ ਧਿਰਾਂ ਤੇ ਯੂਨੀਅਨਾਂ ਨੂੰ ਵੀ ਅਪੀਲ ਕੀਤੀ ਕਿ ਕਿਹਾ ਕਿ ਕਿਸੇ ਵੀ ਮਸਲੇ ਉਤੇ ਧਰਨਾ ਲਗਾਉਣ ਤੋਂ ਪਹਿਲਾਂ ਸਰਕਾਰ ਨਾਲ ਗੱਲਬਾਤ ਲਈ ਮੇਜ਼ ‘ਤੇ ਆ ਕੇ ਬੈਠਣ। ਸਰਕਾਰ ਪੰਜਾਬ ਦੇ ਕਿਸਾਨ ਨੂੰ ਪੈਰਾਂ ਸਿਰ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ।

Exit mobile version