Punjab

ਮਜੀਠੀਆ ਨੂੰ ਨਹੀਂ ਮਿਲੀ ਅੱਜ ਵੀ ਰਾਹਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੀਨੀਅਰ ਅਕਾਲੀ ਨੇਤਾ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਜਿਹੜੇ ਕਿ ਨਸ਼ਾ ਤਸਕਰੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ, ਨੂੰ ਅਦਾਲਤ ਵੱਲੋਂ ਅੱਜ ਕੋਈ ਰਾਹਤ ਨਹੀਂ ਮਿਲ ਸਕੀ। ਅਦਾਲਤ ਨੇ ਜ਼ਮਾਨਤ ਅਰਜ਼ੀ ‘ਤੇ ਅੱਜ ਮੁੜ ਸੁਣਵਾਈ ਟਾਲ ਦਿੱਤੀ ਹੈ। ਜ਼ਮਾਨਤ ਅਰਜ਼ੀ ‘ਤੇ ਹੁਣ 10 ਜਨਵਰੀ ਨੂੰ ਅਗਲੀ ਸੁਣਵਾਈ ਹੋਵੇਗੀ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਅੱਠ ਜਨਵਰੀ ਤੱਕ ਜਵਾਬ ਦਾਖਲ ਕਰਨ ਲਈ ਕਿਹਾ ਹੈ। ਦਰਅਸਲ, ਮਜੀਠੀਆ ਨੇ ਨਸ਼ਿਆਂ ਦੇ ਮਾਮਲੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਅਗਾਊ ਜ਼ਮਾਨਤ ਲਈ ਦਿੱਤੀ ਅਰਜ਼ੀ ਦਾਇਰ ਕੀਤੀ ਸੀ। ਇਹ ਦੂਜੀ ਵਾਰ ਹੈ ਜਦੋਂ ਪੇਸ਼ੀ ਜ਼ਮਾਨਤ ‘ਤੇ ਸੁਣਵਾਈ ਹੋਣ ਦੀ ਥਾਂ ਅਗਲੀ ਤਰੀਕ ਦੇ ਦਿੱਤੀ ਗਈ ਹੈ। ਪਤਾ ਲੱਗਾ ਹੈ ਕਿ ਪੰਜਾਬ ਸਰਕਾਰ ਵੱਲੋਂ ਦਿੱਤੇ ਜਾਣ ਵਾਲੇ ਜਵਾਬ ਉੱਤੇ ਅਗਲੀ ਤਰੀਕ ਮੌਕੇ ਬਹਿਸ ਹੋਵੇਗੀ।

ਤੁਹਾਨੂੰ ਦੱਸ ਦੇਈਏ ਕਿ ਅਦਾਲਤ ਨੇ ਮਜੀਠੀਆ ਦੀ ਗ੍ਰਿਫਤਾਰੀ ‘ਤੇ ਰੋਕ ਨਹੀਂ ਲਗਾਈ ਹੈ। ਇਸ ਤੋਂ ਪਹਿਲਾ ਮਜੀਠੀਆ ਨੇ ਮੁਹਾਲੀ ਅਦਾਲਤ ਵਿੱਚ ਅਗਾਊ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ ਪਰ ਮੁਹਾਲੀ ਅਦਾਲਤ ਨੇ ਮਜੀਠੀਆ ਦੀ ਜ਼ਮਾਨਤ ਦੀ ਅਰਜੀ ਰੱਦ ਕਰ ਦਿੱਤੀ ਸੀ।