The Khalas Tv Blog Punjab ਬਿਕਰਮ ਮਜੀਠੀਆ ਨੂੰ ਮੁੜ ਤੋਂ ਭੇਜਿਆ ਗਿਆ ਸੰਮਨ
Punjab

ਬਿਕਰਮ ਮਜੀਠੀਆ ਨੂੰ ਮੁੜ ਤੋਂ ਭੇਜਿਆ ਗਿਆ ਸੰਮਨ

ਬਿਉਰੋ ਰਿਪੋਰਟ: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ SIT ਵੱਲੋਂ ਇੱਕ ਵਾਰ ਫਿਰ ਤੋਂ ਸੰਮਨ ਭੇਜੇ ਗਏ ਹਨ। ਹੁਣ ਐਸਆਈਟੀ ਦੇ ਵੱਲੋਂ ਬਿਕਰਮ ਸਿੰਘ ਮਜੀਠੀਆ ਨੂੰ 8 ਅਗਸਤ ਨੂੰ ਸੱਦਿਆ ਗਿਆ ਹੈ।

ਪਹਿਲਾਂ ਵੀ ਐਸਆਈਟੀ ਵੱਲੋਂ ਬਿਕਰਮ ਸਿੰਘ ਮਜੀਠੀਆ ਨੂੰ ਸੰਮਨ ਭੇਜੇ ਗਏ ਸਨ ਪਰ ਚੰਡੀਗੜ੍ਹ ਅਦਾਲਤ ’ਚ ਪੇਸ਼ ਹੋਣ ਕਾਰਨ ਉਹ ਐਸਆਈਟੀ ਸਾਹਮਣੇ ਪੇਸ਼ ਨਹੀਂ ਹੋਏ ਸਨ। ਪਿਛਲੀ ਦਫ਼ਾ ਉਨ੍ਹਾਂ ਨੇ SIT ਨੂੰ ਚਿੱਠੀ ਲਿਖ ਕੇ ਆਪਣੇ ਵੱਲੋਂ ਪੇਸ਼ ਨਾ ਹੋਣ ਦਾ ਕਾਰਨ ਦੱਸਿਆ ਸੀ।

ਇਸ ਤੋਂ ਪਹਿਲਾਂ ਪਿਛਲੇ ਮਹੀਨੇ ਜਦੋਂ SIT ਨੇ ਮਜੀਠੀਆ ਨੂੰ ਨੋਟਿਸ ਭੇਜਿਆ ਸੀ ਤਾਂ ਮਜੀਠੀਆ ਇਸ ਮਾਮਲੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਪਹੁੰਚ ਗਏ ਸਨ। ਉਨ੍ਹਾਂ ਦਲੀਲ ਦਿੱਤੀ ਸੀ ਕਿ SIT ਵੱਲੋਂ ਉਨ੍ਹਾਂ ਨੂੰ ਵਾਰ-ਵਾਰ ਸੰਮਨ ਭੇਜ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਤੋਂ ਬਾਅਦ ਹਾਈਕੋਰਟ ਨੇ ਉਨ੍ਹਾਂ ਨੂੰ 8 ਜੁਲਾਈ ਤੱਕ ਐਸਆਈਟੀ ਸਾਹਮਣੇ ਪੇਸ਼ ਹੋਣ ਲਈ ਰਾਹਤ ਦਿੱਤੀ ਸੀ।

ਦਰਅਸਲ ਪੁਲਿਸ ਨੇ ਮਜੀਠੀਆ ਖ਼ਿਲਾਫ਼ ਇਹ ਕੇਸ ਤਿੰਨ ਸਾਲ ਪਹਿਲਾਂ ਕਾਂਗਰਸ ਸਰਕਾਰ ਵੇਲੇ 20 ਦਸੰਬਰ 2021 ਨੂੰ ਦਰਜ ਕੀਤਾ ਸੀ। ਇਸ ਤੋਂ ਬਾਅਦ ਉਸ ਨੂੰ ਜੇਲ੍ਹ ਵੀ ਜਾਣਾ ਪਿਆ। 5 ਮਹੀਨੇ ਜੇਲ੍ਹ ’ਚ ਰਹਿਣ ਤੋਂ ਬਾਅਦ ਮਜੀਠੀਆ ਨੂੰ 10 ਅਗਸਤ 2022 ਨੂੰ ਜ਼ਮਾਨਤ ਮਿਲ ਗਈ ਸੀ।

ਮਜੀਠੀਆ ਨੇ ਇਲਜ਼ਾਮ ਲਾਇਆ ਸੀ ਕਿ ਜਿਸ ਕੇਸ ਵਿੱਚ ਉਹ ਜੇਲ੍ਹ ਵਿੱਚ ਹਨ, ਉਸ ਵਿੱਚ ਹਾਲੇ ਤੱਕ ਕੋਈ ਚਾਰਜਸ਼ੀਟ ਦਾਖ਼ਲ ਨਹੀਂ ਕੀਤੀ ਗਈ। ਇੱਥੋਂ ਤੱਕ ਕਿ ਨਸ਼ਾ ਤਸਕਰੀ ਦੇ ਦੋਸ਼ਾਂ ਵਿੱਚ ਵੀ ਉਨ੍ਹਾਂ ਕੋਲੋਂ ਕੋਈ ਵਸੂਲੀ ਨਹੀਂ ਹੋਈ ਹੈ। ਹੁਣ ਉਹ ਜ਼ਮਾਨਤ ’ਤੇ ਹਨ ਪਰ ਆਮ ਆਦਮੀ ਪਾਰਟੀ ਨੇ ਬਿਕਰਮ ਸਿੰਘ ਮਜੀਠੀਆ ਤੋਂ SIT ਦਾ ਗਠਨ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Exit mobile version