ਮੁਹਾਲੀ : ਪੰਜਾਬ ਵਿੱਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ। ਉਹਨਾਂ ਦਾ ਜੁਡੀਸ਼ੀਅਲ ਰਿਮਾਂਡ ਅੱਜ ਖ਼ਤਮ ਹੋ ਰਿਹਾ ਹੈ।
ਇਸ ਦੌਰਾਨ ਮੌਕੇ ’ਤੇ ਅਕਾਲੀ ਆਗੂਆਂ ਨੂੰ ਇਕੱਠੇ ਹੋਣ ਤੋਂ ਰੋਕਣ ਲਈ ਪੁਲਿਸ ਨੇ ਅਨੇਕਾਂ ਅਕਾਲੀ ਆਗੂ ਘਰਾਂ ਵਿਚ ਨਜ਼ਰਬੰਦ ਕਰ ਦਿੱਤੇ ਹਨ। ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਟੀਮ ਨੇ ਵੀ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਵੱਡੇ ਤੜਕੇ ਤੋਂ ਪੁਲਿਸ ਝਿੰਜਰ ਦੀ ਰਿਹਾਇਸ਼ ’ਤੇ ਪਹੁੰਚ ਕੇ ਉਹਨਾਂ ਨੂੰ ਨਜ਼ਰਬੰਦ ਕਰ ਚੁੱਕੀ ਹੈ।
ਪੋਸਟ ਸਾਂਝੀ ਕਰਦਿਆਂ ਉਨ੍ਹਾਂ ਵੱਲੋਂ ਕਿਹਾ ਗਿਆ ਹੈ ਕਿ ਅੱਜ ਸਵੇਰੇ 4ਵਜੇ ਤੋਂ ਬਿਨਾਂ ਕਿਸੇ ਕਾਰਨ ਦੱਸੇ ਪੰਜਾਬ ਪੁਲਿਸ ਦੇ 8-10 ਮੁਲਾਜ਼ਮ ਸਰਬਜੀਤ ਸਿੰਘ ਝਿੰਜਰ ਜੀ ਦੇ ਘਰ ਵਿੱਚ ਅਤੇ ਬਾਕੀ ਹੋਰ ਪੁਲਿਸ ਵਾਲੇ ਘਰ ਨੂੰ ਘੇਰਾ ਪਾਕੇ ਬੈਠੇ ਹਨ। ਪੂਰੇ ਪਰਿਵਾਰ ਦੇ ਫੋਨ ਵੀ ਜ਼ਬਤ ਕਰ ਲੀਤੇ ਗਏ ਹਨ ਤੇ ਘਰ ਅੰਦਰ ਨਜ਼ਰਬੰਦ ਕਰਕੇ ਰੱਖਿਆ ਹੋਇਆ ਹੈ ਅਤੇ ਇਸ ਸਭ ਪਿੱਛੇ ਕੋਈ ਕਾਰਣ ਵੀ ਨਹੀਂ ਦੱਸਿਆ ਜਾ ਰਿਹਾ।
ਮਜੀਠੀਆ ਨੂੰ ਉਨ੍ਹਾਂ ਦੇ ਅੰਮ੍ਰਿਤਸਰ ਘਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ
ਪੰਜਾਬ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਸਵੇਰੇ 11:30 ਵਜੇ 2021 ਵਿੱਚ ਦਰਜ ਕੀਤੇ ਗਏ ਐਨਡੀਪੀਐਸ ਕੇਸ ਨਾਲ ਸਬੰਧਤ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫ਼ਤਾਰ ਕੀਤਾ ਸੀ। ਮਜੀਠੀਆ ਦੇ ਵਕੀਲਾਂ ਦਾ ਦਾਅਵਾ ਹੈ ਕਿ ਰਿਪੋਰਟ 24 ਜੂਨ ਨੂੰ ਰਾਤ 10:30 ਵਜੇ ਵਿਜੀਲੈਂਸ ਨੂੰ ਸੌਂਪੀ ਗਈ ਸੀ, ਜਦੋਂ ਕਿ ਮਜੀਠੀਆ ਨੂੰ ਅਗਲੇ ਦਿਨ ਸਵੇਰੇ 4:30 ਵਜੇ ਕੇਸ ਦਰਜ ਕਰਨ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਸੀ।