‘ਦ ਖ਼ਾਲਸ ਬਿਊਰੋ :- ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅੱਜ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਦੇ ਜਨਮ ਦਿਹਾੜੇ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਅਨੰਦਪੁਰ ਸਾਹਿਬ ਵਿਖੇ ਮਹਾਨ ਗੁਰਮਤਿ ਸਮਾਗਮ ਕਰਵਾਏ ਗਏ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਬੋਧਨ ਕਰਦਿਆਂ ਸੰਗਤ ਨੂੰ ਜਾਤ ਪਾਤ ਤੋਂ ਉੱਪਰ ਉੱਠਣ ਦੀ ਅਪੀਲ ਕੀਤੀ। ਧਾਮੀ ਨੇ ਧਰਮ ਪਰਿਵਰਤਨ ਦੀਆਂ ਘਟਨਾਵਾਂ ਉੱਤੇ ਚਿੰਤਾ ਵੀ ਪ੍ਰਗਟ ਕੀਤੀ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਜੀ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਨੇ ਸੰਗਤ ਨੂੰ ਅੰਮ੍ਰਿਤ ਬਾਟੇ ਦੀ ਮਹੱਤਤਾ ਤੋਂ ਜਾਣੂ ਕਰਵਾਇਆ। ਜਥੇਦਾਰ ਰਘੁਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਅਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਹਰ ਸਾਲ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾਣ ਦਾ ਐਲਾਨ ਕਰਨ ਦੀ ਬੇਨਤੀ ਕੀਤੀ। ਧਰਮ ਪਰਿਵਰਤਨ ਬਾਰੇ ਬੋਲਦਿਆਂ ਜਥੇਦਾਰ ਨੇ ਸਾਰਿਆਂ ਨੂੰ ਅੰਮ੍ਰਿਤ ਛਕਣ ਦੀ ਅਪੀਲ ਕੀਤੀ।
ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਅੰਮ੍ਰਿਤ ਛਕ ਕੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਜਥੇਦਾਰ ਨੇ ਕਿਹਾ ਕਿ ਅੱਜ ਪੰਜਾਬ ਦੀ ਧਰਤੀ ਉੱਤੇ ਸਾਡੇ ਲੋਕਾਂ ਨੂੰ ਕੁਝ ਪਾਖੰਡੀ ਧਰਮ ਜਥੇਬੰਦੀਆਂ ਵੱਲੋਂ ਧਰਮ ਪਰਿਵਰਤਨ ਵਾਸਤੇ ਮਜ਼ਬੂਰ ਕੀਤਾ ਜਾ ਰਿਹਾ ਹੈ। ਅੱਧੇ ਲੋਕ ਤਾਂ ਵੈਸੇ ਹੀ ਵਿਦੇਸ਼ ਚਲੇ ਗਏ ਹਨ, ਇਸ ਲਈ ਮਗਰ ਜੋ ਲੋਕ ਰਹਿ ਗਏ ਹਨ, ਉਹ ਕਿਤੇ ਪੰਜਾਬ ਜਾਂ ਪੰਥ ਦੇ ਵਾਰਿਸ ਨਾ ਬਣ ਜਾਣ, ਇਸ ਕਰਕੇ ਉਨ੍ਹਾਂ ਦਾ ਧਰਮ ਤਬਦੀਲ ਕਰਵਾਇਆ ਜਾ ਰਿਹਾ ਹੈ। ਮਹਾਨ ਸ਼ਹੀਦ, ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਫ਼ੌਜਾਂ ਦੇ ਜਰਨੈਲ ਬਾਬਾ ਜੀਵਨ ਸਿੰਘ ਜੀ ਉਹ ਮਹਾਨ ਸਿੱਖ ਸਨ, ਜਿਹੜੇ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸੀਸ ਸ੍ਰੀ ਅਨੰਦਪੁਰ ਸਾਹਿਬ ਲੈ ਕੇ ਆਏ ਸਨ। ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪ ਜੀ ਨੂੰ ਰੰਘਰੇਟਾ ਗੁਰੂ ਕਾ ਬੇਟਾ ਕਹਿ ਕੇ ਸੀਨੇ ਨਾਲ ਲਗਾਇਆ ਅਤੇ ਬੜਾ ਮਾਣ ਬਖਸ਼ਿਸ਼ ਕੀਤਾ।