‘ਦ ਖ਼ਾਲਸ ਬਿਊਰੋ : ਭਾਰਤੀ ਜਨਤੀ ਪਾਰਟੀ ਨੇ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਪਠਾਨਕੋਟ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਇਸਦੇ ਨਾਲ ਹੀ ਭਾਰਤੀ ਜਨਤਾ ਪਾਰਟੀ ਨੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਭਾਜਪਾ ਨੇ ਕੱਲ ਰਾਜ ਚੋਣਾਂ ਲਈ 34 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ। ਇਹ ਐਲਾਨ ਕੱਲ੍ਹ ਕੀਤੇ 34 ਉਮੀਦਵਾਰਾਂ ਨਾਲੋਂ ਵੱਖਰੇ ਤੌਰ ’ਤੇ ਕੀਤਾ ਗਿਆ ਹੈ।
ਪਾਰਟੀ ਦੇ ਕੌਮੀ ਜਨਰਲ ਸਕੱਤਰ ਅਰੁਣ ਸਿੰਘ ਨੇ ਦੱਸਿਆ ਕਿ ਭਾਜਪਾ ਦੀ ਕੇਂਦਰੀ ਚੋਣ ਕਮੇਟੀ ਨੇ ਸ਼ਰਮਾ ਨੂੰ ਪਠਾਨਕੋਟ ਤੋਂ ਚੋਣ ਮੈਦਾਨ ਵਿੱਚ ਉਤਾਰਨ ਦਾ ਫੈਸਲਾ ਕੀਤਾ ਹੈ। ਪਾਰਟੀ ਦਾ ਉਮੀਦਵਾਰ ਬਣਾਏ ਜਾਣ ਤੋਂ ਬਾਅਦ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ, ਪਾਰਟੀ ਦੇ ਸੂਬਾ ਚੋਣ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਅਤੇ ਭਾਜਪਾ ਪਰਿਵਾਰ ਦਾ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਮੇਰੇ ‘ਤੇ ਭਰੋਸਾ ਕਰਕੇ ਮੈਨੂੰ ਪਠਾਨਕੋਟ ਤੋਂ ਮੈਦਾਨ ‘ਚ ਉਤਾਰਿਆ।