‘ਦ ਖ਼ਾਲਸ ਬਿਊਰੋ :- ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਸੰਘਰਸ਼ ਸਬੰਧੀ ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ 23 ਦਸੰਬਰ ਬਰਨਾਲਾ ਵਿਖੇ ਪਹੁੰਚੇ, ਇਸ ਦੌਰਾਨ ਚੀਮਾ ਨੇ ਕਿਸਾਨਾਂ ਪ੍ਰਤੀ ਕੇਂਦਰ ਸਰਕਾਰ ਦੇ ਰਵੱਈਏ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ।
‘ਆਪ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਿਸਾਨ ਠੰਡ ਦੇ ਮੌਸਮ ਵਿੱਚ ਦਿੱਲੀ ਦੀਆਂ ਸੜਕਾਂ ‘ਤੇ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਹਨ, ਭਾਂਵੇਂ ਕੇਂਦਰ ਸਰਕਾਰ ਇਹਨਾਂ ਕਾਨੂੰਨਾਂ ਵਿੱਚ ਸੋਧ ਲਈ ਮੰਨ ਗਈ ਹੈ, ਪਰ ਇਸਨੂੰ ਰੱਦ ਨਹੀਂ ਕਰ ਰਹੀ। ਭਾਜਪਾ ਸਰਕਾਰ ਖ਼ੁਦ ਮੰਨ ਚੁੱਕੀ ਹੈ ਕਿ ਇਹਨਾਂ ਕਾਨੂੰਨਾਂ ਵਿੱਚ ਖਾਮੀਆਂ ਹਨ। ਜੇਕਰ ਇਹਨਾਂ ਕਾਨੂੰਨਾਂ ਵਿੱਚ 80 ਫ਼ੀਸਦੀ ਗਲਤੀਆਂ ਨੂੰ ਖ਼ੁਦ ਕੇਂਦਰ ਦੀ ਭਾਜਪਾ ਸਰਕਾਰ ਮੰਨ ਰਹੀ ਹੈ ਤਾਂ ਇਸ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ।
ਪੰਜਾਬ ਦੇ ਆੜਤੀਆਂ ਨੂੰ ਇਨਕਮ ਟੈਕਸ ਵਿਭਾਗ ਰਾਹੀਂ ਤੰਗ ਕੀਤੇ ਜਾਣ ’ਤੇ ਚੀਮਾ ਨੇ ਕਿਹਾ ਕਿ ਅਜਿਹਾ ਕਰਨਾ ਬੇਹੱਦ ਸ਼ਰਮਨਾਮ ਹੈ। ਭਾਜਪਾ ਸਰਕਾਰ ਇਸਨੂੰ ਸੰਘਰਸ਼ ਦੀ ਹਮਾਇਤ ਕਰਨ ਵਾਲੇ ਵਪਾਰੀਆਂ, ਆੜਤੀਆਂ ਅਤੇ ਸੰਸਥਾਵਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ, ਜੋ ਬਹੁਤ ਨਿੰਦਣਯੋਗ ਹੈ। ਪਰ ਸੂਬੇ ਦਾ ਹਰ ਵਰਗ ਕਿਸਾਨਾਂ ਦੇ ਸੰਘਰਸ਼ ਦਾ ਸਾਥ ਦੇ ਰਿਹਾ ਹੈ। ਕੇਂਦਰ ਦੀ ਅਜਿਹੀਆਂ ਹਰਕਤਾਂ ਸੰਘਰਸ਼ ਨੂੰ ਕਮਜ਼ੋਰ ਨਹੀਂ ਕਰ ਸਕਣਗੀਆਂ, ਇਹਨਾਂ ਕਾਨੂੰਨਾਂ ਲਈ ਮੋਦੀ ਸਰਕਾਰ ਜਿੰਨੀ ਜ਼ਿੰਮੇਵਾਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੀ ਹੈ।