‘ਦ ਖ਼ਾਲਸ ਟੀਵੀ ਬਿਊਰੋ:- ਕਿਸਾਨਾਂ ਨੂੰ ਡਾਂਗਾਂ ਮਾਰ ਮਾਰ ਕੇ ਜੇਲ੍ਹਾਂ ਵਿੱਚ ਡੱਕਣ ਦਾ ਬਿਆਨ ਦੇ ਕੇ ਕਸੂਤੇ ਫਸੇ ਭਾਰਤੀ ਜਨਤਾ ਪਾਰਟੀ ਦੇ ਨਵੇਂ ਨਿਯੁਕਤ ਬੁਲਾਰੇ ਹਰਿੰਦਰ ਸਿੰਘ ਕਾਹਲੋਂ ਨੇ ਕਿਸਾਨਾਂ ਕੋਲੋਂ ਮਾਫੀ ਮੰਗ ਲਈ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਇਸ ਬਿਆਨ ਨਾਲ ਜੇਕਰ ਕਿਸੇ ਦੇ ਮਨ ਨੂੰ ਸੱਟ ਵੱਜੀ ਹੈ ਤਾਂ ਉਨ੍ਹਾਂ ਨੂੰ ਇਸ ਗੱਲ ਦਾ ਡੂੰਘਾ ਦੁੱਖ ਹੈ।
ਇੱਥੇ ਜਿਕਰਯੋਗ ਹੈ ਕਿ ਲੰਘੀ ਰਾਤ ਕਿਸਾਨਾਂ ਨੇ ਧਰਨਾ ਖਤਮ ਕਰਨ ਤੋਂ ਬਾਅਦ ਐਡਵੋਕੇਟ ਹਰਿੰਦਰ ਸਿੰਘ ਕਾਹਲੋਂ ਦੇ ਘਰ ਅੱਗੇ ਗੋਹਾ ਸੁੱਟ ਦਿੱਤਾ ਸੀ ਤੇ ਕੰਧਾਂ ਵੀ ਗੋਹੇ ਨਾਲ ਲਬੇੜ ਦਿੱਤੀਆਂ ਸਨ।ਇਸ ਤੋਂ ਬਾਅਦ ਭਾਜਪਾ ਆਗੂ ਦੇ ਘਰ ਅੱਗੇ ਤਾਇਨਾਤ ਕੀਤੇ ਗਏ ਪੁਲੀਸ ਮੁਲਾਜ਼ਮਾਂ ਨੇ ਵੀ ਕਿਸਾਨਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਅਤੇ ਹੁਣ ਤੱਕ ਭਾਜਪਾ ਨੇ ਵੀ ਇਸ ਮਾਮਲੇ ਸਬੰਧੀ ਕਿਸਾਨਾਂ ਖ਼ਿਲਾਫ਼ ਕੋਈ ਲਿਖਤੀ ਸ਼ਿਕਾਇਤ ਨਹੀਂ ਕੀਤੀ ਹੈ।
ਭਾਜਪਾ ਲੀਡਰ ਮੀਡੀਆ ਨੂੰ ਇਸ ਗੱਲ ’ਤੇ ਆਪਣੀ ਰਾਏ ਦੇਣ ਤੋਂ ਵੀ ਬਚ ਰਹੇ ਹਨ।ਭਾਜਪਾ ਦੀ ਜ਼ਿਲ੍ਹਾ ਲੀਡਰਸ਼ਿਪ ਤੇ ਸੂਬਾਈ ਲੀਡਰਸ਼ਿਪ ਨੇ ਹਰਿੰਦਰ ਸਿੰਘ ਕਾਹਲੋਂ ਦੇ ਮਾਮਲੇ ’ਤੇ ਚੁੱਪ ਧਾਰੀ ਹੋਈ ਹੈ।ਭਾਜਪਾ ਦੇ ਸੀਨੀਅਰ ਲੀਡਰਾਂ ਨੇ ਗੱਲ ਕਰਦਿਆਂ ਕਿਹਾ ਕਿ ਅਜਿਹੀ ਸਖਤ ਬਿਆਨਬਾਜ਼ੀ ਪਾਰਟੀ ਦੇ ਕਿਸੇ ਵੀ ਆਗੂ ਨੇ ਕਿਸਾਨਾਂ ਬਾਰੇ ਨਹੀਂ ਕੀਤੀ ਸੀ।ਉਨ੍ਹਾਂ ਕਿਹਾ ਕਿ ਜਿਸ ਮਕਸਦ ਨਾਲ ਸਿੱਖ ਚਿਹਰਿਆਂ ਨੂੰ ਪਾਰਟੀ ਅੰਦਰ ਲਿਆਂਦਾ ਗਿਆ, ਉਹ ਉਲਟਾ ਪੈ ਰਿਹਾ ਹੈ।ਇਸ ਨਾਲ ਇਕੱਲੇ ਸਿੱਖ ਨਹੀਂ, ਹਿੰਦੂ ਵੀ ਪਰੇਸ਼ਾਨ ਹੋ ਰਹੇ ਹਨ।