ਕੇਂਦਰੀ ਮੰਤਰੀ ਪਿਊਸ਼ ਗੋਇਲ ਦਾ ਕਹਿਣਾ ਹੈ ਕਿ ਭਾਜਪਾ ਅੰਦੋਲਨ ਕਰ ਰਹੇ ਕਿਸਾਨਾਂ ਦੇ ਮਸਲਿਆਂ ਦੇ ਹੱਲ ਲਈ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ। ਉਹ ਬੀਤੇ ਦਿਨ (ਸ਼ਨੀਵਾਰ, 25 ਮਈ) ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਪਾਰਟੀ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਲਈ ਚੋਣ ਪ੍ਰਚਾਰ ਕਰਨ ਲਈ ਪਹੁੰਚੇ ਹੋਏ ਸਨ। ਉਨ੍ਹਾਂ ਮਨਿੰਦਰਜੀਤ ਸਿੰਘ ਸਿਰਸਾ ਸਮੇਤ ਹੋਰ ਭਾਜਪਾ ਆਗੂਆਂ ਨਾਲ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ।
ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਤੇ ਕਿਸਾਨਾਂ ਵਿਚਕਾਰ ਇੱਕ ਸਕਾਰਾਤਮਕ ਨੋਟ ’ਤੇ ਸ਼ੁਰੂਆਤੀ ਗੱਲਬਾਤ ਹੋਈ ਸੀ, ਪਰ ‘ਗ਼ਲਤਫ਼ਹਿਮੀਆਂ’ (Miscommunication) ਕਾਰਨ ਗੱਲ ਕਿਸੇ ਸਿੱਟੇ ’ਤੇ ਨਹੀਂ ਪਹੁੰਚ ਸਕੀ। ਦੱਸ ਦੇਈਏ ਪੀਊਸ਼ ਗੋਇਲ ਕੇਂਦਰ ਸਰਕਾਰ ਦੇ ਪੈਨਲ ਦੇ ਮੈਂਬਰਾਂ ਵਿੱਚੋਂ ਇੱਕ ਸਨ, ਜਿਸ ਨੇ ਪਹਿਲਾਂ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਬੈਠਕਾਂ ਕੀਤੀਆਂ ਸਨ।
ਕੇਂਦਰੀ ਮੰਤਰੀ ਨੇ ਕਿਹਾ ਕਿ ਉਹ ਸਾਰੀਆਂ ਕਿਸਾਨ ਯੂਨੀਅਨਾਂ ਨੂੰ ਗੱਲਬਾਤ ਰਾਹੀਂ ਇਸ ਗ਼ਲਤਫ਼ਹਿਮੀ ਨੂੰ ਦੂਰ ਕਰਨ ਦੀ ਅਪੀਲ ਕਰਦਾ ਹਾਂ। ਸਾਡੇ ਦਰਵਾਜ਼ੇ ਕਿਸਾਨਾਂ ਲਈ ਖੇਤੀ ਮੁੱਦਿਆਂ ’ਤੇ ਗੱਲਬਾਤ ਕਰਨ ਲਈ ਖੁੱਲ੍ਹੇ ਹਨ। ਭਾਜਪਾ ਦੀ ਤਰਜੀਹ ਹਮੇਸ਼ਾ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਨੀਤੀਆਂ ਬਣਾਉਣਾ ਰਹੀ ਹੈ ਪਰ ਕਿਸਾਨਾਂ ਦਾ ਇੱਕ ਹਿੱਸਾ ਅਸਲ ਵਿੱਚ ਸਹੀ ਤਸਵੀਰ ਤੋਂ ਅਣਜਾਣ ਜਾਂ ਗੁਮਰਾਹ ਹੋ ਸਕਦਾ ਹੈ।
ਉਨ੍ਹਾਂ ਕਿਹਾ ਕਿ ਅਸੀਂ ਕਿਸਾਨਾਂ ਨੂੰ ਉਨ੍ਹਾਂ ਦੇ ਉਤਪਾਦਾਂ ਦੇ ਬਦਲੇ ਵਧੀ ਹੋਈ MSP ਦੀ ਪੇਸ਼ਕਸ਼ ਕੀਤੀ ਹੈ। ਮੀਟਿੰਗਾਂ ਦੀ ਇੱਕ ਲੜੀ ਦੌਰਾਨ, ਸੁਝਾਅ ਸਾਹਮਣੇ ਆਏ ਪਰ ਉਹ ਜਿਸ ਹਿਸਾਬ ਨਾਲ ਆਏ ਹਨ, ਉਹ ਭਵਿੱਖ ਵਿੱਚ ਕਿਸਾਨਾਂ, ਖ਼ਾਸ ਕਰਕੇ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾ ਸਕਦੇ ਹਨ।
ਉਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣਾ ਚਾਹੁੰਦੀ ਹੈ। ਅਸ ਲਈ ਪਾਰਟੀ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਸੁਰੱਖਿਆ ਏਜੰਸੀਆਂ ਨੂੰ ਸ਼ਾਮਲ ਕਰਨ ਵਾਲੀ ਬਹੁ-ਆਯਾਮੀ ਟਾਸਕ ਫੋਰਸ ਦਾ ਗਠਨ ਕਰੇਗੀ।