‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਭਾਜਪਾ ਦੀ ਅਗਵਾਈ ਵਾਲੇ ਗਠਜੋੜ ਨੇ 20 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਆਪਣਾ ਸੰਕਲਪ ਪੱਤਰ ਪੇਸ਼ ਕੀਤਾ ਹੈ। ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਕੇਂਦਰੀ ਮੰਤਰੀ ਅਤੇ ਹੁਸ਼ਿਆਰਪੁਰ ਦੇ ਸੰਸਦ ਮੈਂਬਰ ਸੋਮ ਪ੍ਰਕਾਸ਼ ਅਤੇ ਭਾਜਪਾ ਦੇ ਹੋਰ ਉੱਚ ਅਧਿਕਾਰੀਆਂ ਦੀ ਮੌਜੂਦਗੀ ਵਿੱਚ, ਪਾਰਟੀ ਨੇ ਜਲੰਧਰ ਵਿੱਚ ਸੰਕਲਪ ਪੱਤਰ ਜਾਰੀ ਕੀਤਾ।
ਕੇਂਦਰੀ ਮੰਤਰੀ ਪੁਰੀ ਨੇ ਏਐਨਆਈ ਦੇ ਹਵਾਲੇ ਨਾਲ ਆਪਣੇ ਅਧਿਕਾਰਤ ਟਵਿੱਟਰ ਹੈਂਡਲ ‘ਤੇ ਕਿਹਾ, “ਪੰਜਾਬ ਇੱਕ ਬਹੁਤ ਹੀ ਸੰਵੇਦਨਸ਼ੀਲ ਸਰਹੱਦੀ ਰਾਜ ਹੈ ਅਤੇ ਰਾਜ ਲਈ ਅਜਿਹੇ ਲੋਕ ਸੱਤਾ ਵਿੱਚ ਆਉਣਾ ਮਹੱਤਵਪੂਰਨ ਹੈ ਜੋ ਖੁਦ ਸਥਿਰ ਹਨ।”
ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਅਤੇ ਸੁਖਦੇਵ ਸਿੰਘ ਢੀਂਡਸਾ ਦੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨਾਲ ਗੱਠਜੋੜ ਵਿੱਚ ਚੱਲ ਰਹੀ ਹੈ।
ਇਸ ਤੋਂ ਪਹਿਲਾਂ 8 ਫ਼ਰਵਰੀ ਨੂੰ ਇਹਨਾਂ ਵੱਲੋਂ ਸਾਂਝੇ ਤੋਰ ਤੇ ਇੱਕ ਅਜਿਹਾ ਦਸਤਾਵੇਜ਼ ਪੇਸ਼ ਕੀਤਾ ਜਿਸ ਵਿੱਚ ਗੱਠਜੋੜ ਦੀ ਚੋਣ ਹੋਣ ‘ਤੇ ਪੰਜ ਏਕੜ ਤੋਂ ਘੱਟ ਜ਼ਮੀਨ ਵਾਲੇ ਰਾਜ ਦੇ ਸਾਰੇ ਕਿਸਾਨਾਂ ਦੇ ਕਰਜ਼ੇ ਪੂਰੀ ਤਰ੍ਹਾਂ ਰੱਦ ਕਰਨ ਦਾ ਵਾਅਦਾ ਕੀਤਾ ਸੀ।
ਇਸ ਤੋਂ ਇਲਾਵਾ, ਪਾਰਟੀ ਨੇ ‘ਮਿਹਨਤ ਦਾ ਪੱਕਾ ਮੁੱਲ’ ਦਾ ਵਾਅਦਾ ਕੀਤਾ, ਜੋ ਕੇਂਦਰ ਸਰਕਾਰ ਦੇ ਫਲਾਂ, ਸਬਜ਼ੀਆਂ, ਦਾਲਾਂ ਅਤੇ ਤੇਲ ਬੀਜਾਂ ਦੀ ਖੇਤੀ ਕਰਨ ਵਾਲੇ ਕਿਸਾਨਾਂ ਲਈ ਘੱਟੋ ਘੱਟ ਸਮਰਥਨ ਮੁੱਲ ਨੂੰ ਯਕੀਨੀ ਬਣਾਏਗਾ।ਫ਼ਸਲਾਂ ਦੀਆਂ ਕਿਸਮਾਂ ਨੂੰ ਸੁਰੱਖਿਅਤ ਰੱਖਣ ਅਤੇ ਇਸ ਨੂੰ ਹੋਰ ਲਾਭਦਾਇਕ ਬਣਾਉਣ ਤੇ ਖੇਤੀਬਾੜੀ ਲਈ ਗੱਠਜੋੜ ਨੇ 5,000 ਕਰੋੜ ਰੁਪਏ ਦੇ ਸਾਲਾਨਾ ਬਜਟ ਦਾ ਵਾਅਦਾ ਕੀਤਾ ਹੈ।
ਇਸ ਤੋਂ ਇਲਾਵਾ ਅੱਤਵਾਦ ਤੋਂ ਪ੍ਰਭਾਵਿਤ ਪਰਿਵਾਰਾਂ ਨੂੰ 5 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਵਾਅਦਾ ਵੀ ਸ਼ਾਮਲ ਹੈ।
ਮੈਮੋਰੰਡਮ ਵਿੱਚ ਕਿਹਾ ਗਿਆ ਹੈ ਕਿ ਜੇਕਰ ਗਠਜੋੜ ਦੀ ਸਰਕਾਰ ਚੁਣੀ ਜਾਂਦੀ ਹੈ, ਤਾਂ ਇਹ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਲਈ ਇੱਕ ਵਿਸ਼ੇਸ਼ ਟਾਸਕ ਫੋਰਸ ਦੀ ਸਥਾਪਨਾ ਕਰੇਗੀ ਅਤੇ ਅਜਿਹੇ ਮਾਮਲਿਆਂ ਵਿੱਚ ਕਾਨੂੰਨੀ ਕਾਰਵਾਈ ਨੂੰ ਤੇਜ਼ ਕਰੇਗੀ।