Punjab

ਭਾਜਪਾ ਨੇ ਕੈਪਟਨ ਨੂੰ ਕਿਸ ਮੁੱਦੇ ‘ਤੇ ਮਿਲਣ ਲਈ ਲਿਖੀ ਚਿੱਠੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਭਾਜਪਾ ਨੇ ਭਾਜਪਾ ਦੇ ਲੀਡਰਾਂ ਅਤੇ ਵਰਕਰਾਂ ‘ਤੇ ਹਮਲਿਆਂ ਦੀਆਂ ਵੱਧ ਰਹੀਆਂ ਘਟਨਾਵਾਂ ਦੇ ਮੁੱਦੇ ‘ਤੇ ਵਿਚਾਰ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇੱਕ ਚਿੱਠੀ ਲਿਖੀ ਹੈ। ਚਿੱਠੀ ਵਿੱਚ ਉਨ੍ਹਾਂ ਨੇ ਕੈਪਟਨ ਦੇ ਨਾਲ ਮੁਲਾਕਾਤ ਕਰਨ ਦੀ ਮੰਗ ਕੀਤੀ ਹੈ। ਚਿੱਠੀ ਵਿੱਚ ਕਿਹਾ ਗਿਆ ਹੈ ਕਿ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਭਾਜਪਾ, ਪੰਜਾਬ ਦਾ ਵਫ਼ਦ ਜਲਦੀ ਤੋਂ ਜਲਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣਾ ਚਾਹੁੰਦਾ ਹੈ, ਤਾਂ ਜੋ ਪੰਜਾਬ ਦੀ ਮੌਜੂਦਾ ਵਿਵਸਥਾ ਅਤੇ ਸਥਿਤੀ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾ ਸਕੇ।

ਚਿੱਠੀ ਵਿੱਚ ਭਾਜਪਾ ਨੇ ਲਿਖਿਆ ਹੈ ਕਿ ਪਿਛਲੇ ਸਾਲ ਤੋਂ ਭਾਜਪਾ ਦੇ ਬਹੁਤ ਸਾਰੇ ਲੀਡਰਾਂ ਅਤੇ ਵਰਕਰਾਂ ‘ਤੇ ਹਮਲੇ ਹੋ ਰਹੇ ਹਨ, ਸਮਾਜ-ਵਿਰੋਧੀ ਅਨਸਰਾਂ ਵੱਲੋਂ ਪੁਲਿਸ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਕਿਸਾਨਾਂ ਦੇ ਵਿਰੋਧ ਦੀ ਆੜ ਹੇਠ ਉਨ੍ਹਾਂ ਦੀਆਂ ਜਾਇਦਾਦਾਂ ਦੀ ਭੰਨ-ਤੋੜ ਕੀਤੀ ਜਾ ਰਹੀ ਹੈ, ਪਰ ਅਜਿਹੀਆਂ ਘਟਨਾਵਾਂ ਵਿੱਚ ਸ਼ਾਮਲ ਕਿਸੇ ਵਿਅਕਤੀ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ। ਪੁਲਿਸ ਮੂਕ ਦਰਸ਼ਕ ਬਣ ਕੇ ਇਹ ਸਭ ਦੇਖ ਰਹੀ ਹੈ। ਪੰਜਾਬ ਵਿੱਚ ਕਾਨੂੰਨ ਵਿਵਸਥਾ ਦਿਨ-ਬ-ਦਿਨ ਵਿਗੜਦੀ ਜਾ ਰਹੀ ਹੈ।