ਜਲੰਧਰ : 10 ਜੁਲਾਈ ਨੂੰ ਹੋਣ ਵਾਲੀ ਜਲੰਧਰ ਉਪ ਚੋਣ ਦੀ ਵੋਟਿੰਗ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਆਮ ਆਦਮੀ ਪਾਰਟੀ ਖਿਲਾਫ ਚੋਣ ਕਮਿਸ਼ਨ ਨੂੰ ਸ਼ਿਕਾਇਤ ਭੇਜ ਦਿੱਤੀ ਹੈ। ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਬਦਨਾਮ ਗੈਂਗਸਟਰ ਦਲਜੀਤ ਸਿੰਘ ਭਾਨਾ ਆਮ ਆਦਮੀ ਪਾਰਟੀ ਦਾ ਪ੍ਰਚਾਰ ਕਰ ਰਿਹਾ ਹੈ।
ਉਹ ਕਈ ਕਤਲ ਕੇਸਾਂ ਵਿੱਚ ਜੇਲ੍ਹ ਵਿੱਚ ਸੀ, ਕੱਲ੍ਹ ਪੈਰੋਲ ਮਿਲਣ ਤੋਂ ਬਾਅਦ ਉਹ ਹੁਣ ਆਮ ਆਦਮੀ ਪਾਰਟੀ ਦਾ ਪ੍ਰਚਾਰ ਕਰ ਰਿਹਾ ਹੈ। ਅਜਿਹੇ ‘ਚ ਵੋਟਰਾਂ ਨੂੰ ਵੀ ਉਸ ਵੱਲੋਂ ਧਮਕਾਇਆ ਜਾ ਰਿਹਾ ਹੈ। ਭਾਜਪਾ ਨੇ ‘ਆਪ’ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।
ਪੈਰੋਲ ਰੱਦ ਕਰਨ ਦੀ ਮੰਗ ਕੀਤੀ
ਭਾਜਪਾ ਦੀ ਸ਼ਿਕਾਇਤ ਅਨੁਸਾਰ ਕਈ ਕਤਲ ਕੇਸਾਂ ਵਿੱਚ ਸ਼ਾਮਲ ਭਾਨਾ ਪੁਲਿਸ ਸੁਰੱਖਿਆ ਨਾਲ ਇਲਾਕੇ ਵਿੱਚ ਸ਼ਰੇਆਮ ਘੁੰਮ ਰਿਹਾ ਹੈ। ਜਿਸ ਕਾਰਨ ਵੋਟਰਾਂ ਵਿੱਚ ਸਹਿਮ ਦਾ ਮਾਹੌਲ ਹੈ। ਉਨ੍ਹਾਂ ਦੀ ਦਲੀਲ ਹੈ ਕਿ ਇਹ ਕਾਰਵਾਈ ਆਦਰਸ਼ ਚੋਣ ਜ਼ਾਬਤੇ (ਐਮਸੀਸੀ) ਦੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਹੈ। ਭਾਜਪਾ ਨੇ ਚਿੰਤਾ ਜ਼ਾਹਰ ਕੀਤੀ ਕਿ ਭਾਨਾ ਦੀ ਰਿਹਾਈ ਨਾਲ ਪੋਲਿੰਗ ਵਾਲੇ ਦਿਨ ਬੂਥ ਕੈਪਚਰਿੰਗ ਹੋ ਸਕਦੀ ਹੈ।
ਪਾਰਟੀ ਨੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਭਾਨਾ ਦੀ ਪੈਰੋਲ ਰੱਦ ਕਰਕੇ ਨਿਰਪੱਖ ਚੋਣ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਜਲੰਧਰ ਤੋਂ ਮੌਜੂਦਾ ਸਾਂਸਦ ਅਤੇ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਨੇ ਵੀ ਮੀਡੀਆ ਸਾਹਮਣੇ ਭਾਣੇ ਦਾ ਮਾਮਲਾ ਉਠਾਇਆ ਸੀ। ਲੰਧਰ ਪੱਛਮੀ ਸੀਟ ‘ਤੇ ਕਿਉਂ ਹੋ ਰਹੀ ਹੈ ਜ਼ਿਮਨੀ ਚੋਣ?
2022 ਦੀਆਂ ਵਿਧਾਨ ਸਭਾ ਚੋਣਾਂ ‘ਚ ਜਲੰਧਰ ਪੱਛਮੀ ਸੀਟ ‘ਆਪ’ ਉਮੀਦਵਾਰ ਸ਼ੀਤਲ ਅੰਗੁਰਾਲ ਨੇ ਜਿੱਤੀ ਸੀ ਪਰ ਅੰਗੁਰਾਲ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ‘ਚ ਸ਼ਾਮਲ ਹੋ ਗਏ ਸਨ। ਉਨ੍ਹਾਂ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਹਾਲਾਂਕਿ 1 ਜੂਨ ਨੂੰ ਲੋਕ ਸਭਾ ਚੋਣਾਂ ਦੀ ਵੋਟਿੰਗ ਤੋਂ ਪਹਿਲਾਂ ਅੰਗੁਰਾਲ ਨੇ ਸਪੀਕਰ ਨੂੰ 29 ਮਈ ਨੂੰ ਆਪਣਾ ਅਸਤੀਫਾ ਵਾਪਸ ਲੈਣ ਲਈ ਕਿਹਾ ਸੀ ਪਰ ਉਦੋਂ ਤੱਕ ਅਸਤੀਫਾ ਪ੍ਰਵਾਨ ਕਰ ਲਿਆ ਗਿਆ ਸੀ।
ਭਾਜਪਾ ਨੇ ਇਸ ਚੋਣ ਵਿੱਚ ਅੰਗੁਰਾਲ ਨੂੰ ਟਿਕਟ ਦਿੱਤੀ ਹੈ। ‘ਆਪ’ ਨੇ ਅਕਾਲੀ-ਭਾਜਪਾ ਸਰਕਾਰ ‘ਚ ਮੰਤਰੀ ਰਹਿ ਚੁੱਕੇ ਭਗਤ ਚੁੰਨੀਲਾਲ ਦੇ ਪੁੱਤਰ ਮਹਿੰਦਰ ਭਗਤ ਨੂੰ ਉਮੀਦਵਾਰ ਬਣਾਇਆ ਹੈ। ਕਾਂਗਰਸ ਨੇ ਸਾਬਕਾ ਡਿਪਟੀ ਮੇਅਰ ਸੁਰਿੰਦਰ ਕੌਰ ਨੂੰ ਟਿਕਟ ਦਿੱਤੀ ਹੈ।