Punjab

ਪੰਜਾਬ ਨੂੰ ਬੇਗਾਨਗੀ ਦੀ ਭਾਵਨਾ ਨਾਲ ਦੇਖਣਾ ਅਤਿ ਮੰਦਭਾਗਾ – ਬੁਰਜਗਿੱਲ

BKU Dakounda, Haryana government, KISAN ANDOLAN 2

ਚੰਡੀਗੜ੍ਹ : ਪੰਜਾਬ – ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਭਾਜਪਾ ਦੀਆਂ ਕੇਂਦਰ ਅਤੇ ਹਰਿਆਣਾ ਸਰਕਾਰਾਂ ਵੱਲੋਂ ਪੰਜਾਬ ਦੀਆਂ ਹਰਿਆਣਾ ਨਾਲ ਲੱਗਦੀਆਂ ਸਰਹੱਦਾਂ ਤੇ ਹਾਈਵੇਅ/ਸੜਕਾਂ ਵਿੱਚ ਲੋਹੇ ਦੀਆਂ ਕਿੱਲਾਂ, ਕੰਡਿਆਲੀਆਂ ਤਾਰਾਂ , ਸੜਕਾਂ ਪੱਟਣ ਅਤੇ ਕੰਕਰੀਟ ਦੀਆਂ ਦੀਵਾਰਾਂ ਬਣਾਉਣ ਅਤੇ ਇੰਟਰਨੈੱਟ ਪਾਬੰਦੀਆਂ ਲਾਕੇ ਕਿਸਾਨਾਂ ਅਤੇ ਆਮ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਸਿਰਜਣ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਨੇ ਕਿਹਾ ਕੀ ਅਜਿਹਾ ਵਤੀਰਾ ਪੰਜਾਬ ਦੇ ਲੋਕਾਂ ਵਿੱਚ ਬੇਗਾਨਗੀ ਦੀ ਭਾਵਨਾ ਦਾ ਅਹਿਸਾਸ ਮਜ਼ਬੂਤ ਕਰਨ ਵਿੱਚ ਮੀਲ ਪੱਥਰ ਸਾਬਤ ਹੋਵੇਗਾ ਜੋ ਕੀ ਆਉਣ ਵਾਲੇ ਸਮੇਂ ਵਿੱਚ ਘਾਤਕ ਸਿੱਧ ਹੋਵੇਗਾ।

ਇਸ ਤੋਂ ਅੱਗੇ ਸੂਬਾ ਜਨਰਲ ਸਕੱਤਰ ਜਗਮੋਹਨ ਸਿੰਘ ਨੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਕਰਨ ਦੇ ਜਮਹੂਰੀ ਢੰਗ ਨੂੰ ਤਾਨਾਸ਼ਾਹੀ ਢੰਗ ਨਾਲ ਨਜਿੱਠੇ ਜਾਣ ਵਿਰੁੱਧ ਆਪਣੀ ਸਖ਼ਤ ਅਸੰਤੁਸ਼ਟੀ ਅਤੇ ਗੁੱਸੇ ਦਾ ਪ੍ਰਗਟਾਵਾ ਕੀਤਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਪ੍ਰਸ਼ਾਸਨ ਦਿੱਲੀ ਅਤੇ ਹਰਿਆਣਾ ਦੇ ਆਸ-ਪਾਸ ਧਾਰਾ 144 ਲਾਗੂ ਕਰ ਰਿਹਾ ਹੈ ਅਤੇ ਲੋਕਾਂ ਨੂੰ ਬਿਨਾਂ ਕਿਸੇ ਅਗਾਊਂ ਸਲਾਹ ਦੇ ਆਵਾਜਾਈ ਨੂੰ ਇੱਕ ਤਰ੍ਹਾਂ ਨਾਲ ਬੰਦ ਕਰ ਦਿੱਤਾ ਗਿਆ ਹੈ। ਭਾਜਪਾ ਸਰਕਾਰਾਂ ਲੋਕਾਂ ਨੂੰ ਡਰਾਉਣ ਲਈ ਦਹਿਸ਼ਤ ਦਾ ਮਾਹੌਲ ਪੈਦਾ ਕਰ ਰਹੀਆਂ ਹਨ। ਮੋਦੀ ਸਰਕਾਰ ਪ੍ਰਦਰਸ਼ਨਕਾਰੀਆਂ ਨਾਲ ਦੇਸ਼ ਦੇ ਦੁਸ਼ਮਣਾਂ ਵਾਂਗ ਪੇਸ਼ ਆ ਰਹੀ ਹੈ।

ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ ਨੇ ਕਿਹਾ ਕਿ ਲੋਕਾਂ ਦੀਆਂ ਰੋਜ਼ੀ-ਰੋਟੀ ਦੀਆਂ ਮੰਗਾਂ ਨੂੰ ਲੈ ਕੇ ਦੇਸ਼ ਭਰ ਵਿੱਚ ਉਭਰ ਰਹੇ ਸੰਘਰਸ਼ਾਂ ਦੇ ਚੱਲਦਿਆਂ ਲੋਕਾਂ ਦੇ ਵਿਰੋਧ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਅਸਫਲ ਹੋ ਜਾਣਗੀਆਂ। ਜੱਥੇਬੰਦੀ ਭਾਜਪਾ ਸਰਕਾਰਾਂ ਨੂੰ ਯਾਦ ਦਿਵਾਉਣਾ ਚਾਹੁੰਦੀ ਹੈ ਕਿ ਹੈ ਕਿ ਭਾਰਤ ਦਾ ਸੰਵਿਧਾਨ ਸਾਰੇ ਨਾਗਰਿਕਾਂ ਨੂੰ ਵਿਰੋਧ ਕਰਨ ਦਾ ਜਮਹੂਰੀ ਅਧਿਕਾਰ ਦਿੰਦਾ ਹੈ। ਜਿਸਨੂੰ ਭਾਜਪਾ ਆਪਣੇ ਫਾਸ਼ੀਵਾਦੀ ਤਾਨਾਸ਼ਾਹ ਤਰੀਕਿਆਂ ਨਾਲ ਕੁਚਲ ਰਹੀ ਹੈ। ਅਖੀਰ ਵਿੱਚ ਸੂਬਾ ਆਗੂਆਂ ਕਿਹਾ ਕਿ ਭਾਜਪਾ ਸਰਕਾਰਾਂ ਵੱਲੋਂ ਦਿੱਲ੍ਹੀ ਵੱਲ ਜਾ ਰਹੇ ਕਿਸਾਨਾਂ ਤੇ ਅੱਥਰੂ ਗੈਸ ਦੇ ਗੋਲੇ ਦਾਗਣ ਅਤੇ ਬਲ ਪ੍ਰਯੋਗ ਕਰ ਕੀਤੇ ਜਾ ਰਹੇ ਜਬਰ ਦਾ ਲੋਕ ਮੂੰਹ ਤੋੜ ਜਵਾਬ ਦੇਣਗੇ। ਉਹਨਾਂ ਅੱਗੇ ਕਿਹਾ ਕੀ ਕਿਸਾਨ ਅਤੇ ਮਜ਼ਦੂਰ ਹਰ ਵਰਗ ਇਸ ਜਬਰ ਦਾ ਲੋਕਾਂ ਦੇ ਸਹਿਯੋਗ ਨਾਲ 16 ਫਰਵਰੀ 2024 ਨੂੰ ਭਾਰਤ ਬੰਦ ਕਰ ਸਖ਼ਤ ਲਹਿਜੇ ਵਿੱਚ ਜਵਾਬ ਦੇਣਗੇ ।