‘ਦ ਖ਼ਾਲਸ ਬਿਊਰੋ (ਪੁਨੀਤ ਕੌਰ) : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ (BKU Ugrahan) ਦੀ ਕਿਸਾਨੀ ਮੰਗਾਂ (Farmers Demand) ਨੂੰ ਲੈ ਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਦੇ ਨਾਲ ਮੀਟਿੰਗ ਹੋਈ। ਮੀਟਿੰਗ (Meeting) ਵਿੱਚ ਜਥੇਬੰਦੀ ਵੱਲੋਂ ਪੰਜਾਬ ਸਰਕਾਰ (Punjab Government) ਅੱਗੇ 12 ਕਿਸਾਨੀ ਮੰਗਾਂ ਰੱਖੀਆਂ ਗਈਆਂ ਹਨ।
- ਮੀਂਹ ਕਾਰਨ ਨਰਮੇ ਦੀ ਫਸਲ ਸਮੇਤ ਖਰਾਬ ਹੋਈਆਂ ਹੋਰ ਫਸਲਾਂ ਅਤੇ ਮਕਾਨਾਂ ਦਾ ਕਿਸਾਨਾਂ ਨੂੰ ਪੂਰਾ ਮੁਆਵਜ਼ਾ ਦਿੱਤਾ ਜਾਵੇ।
- ਧਰਤੀ ਹੇਠਲੇ ਅਤੇ ਦਰਿਆਈ ਪਾਣੀਆਂ ਦੀ ਮਾਲਕੀ ਸਾਮਰਾਜੀ ਕਾਰਪੋਰੇਟਾਂ ਨੂੰ ਸੌਂਪਣ ਵਾਲੀ ਸੰਸਾਰ ਬੈਂਕ ਦੀ ਜਲ ਨੀਤੀ ਰੱਦ ਕੀਤੀ ਜਾਵੇ।
- ਜ਼ੀਰਾ ਨੇੜੇ ਪ੍ਰਦੂਸ਼ਣ ਦਾ ਗੜ੍ਹ ਬਣੀ ਹੋਈ ਸ਼ਰਾਬ ਫੈਕਟਰੀ ਨੂੰ ਬੰਦ ਕੀਤਾ ਜਾਵੇ।
- ਅੰਦੋਲਨਾਂ ਦੌਰਾਨ ਪੁਲਿਸ ਜਬਰ ਬੰਦ ਕੀਤਾ ਜਾਵੇ ਅਤੇ ਮਜ਼ਦੂਰਾਂ ਅਤੇ ਕਿਸਾਨਾਂ ਉੱਤੇ ਦਰਜ ਹੋਏ ਮੁਕੱਦਮੇ ਪਰਾਲੀ ਕੇਸਾਂ ਸਮੇਤ ਵਾਪਸ ਲਏ ਜਾਣ।
- ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਲਈ ਨਿਗੂਣਾ ਜਿਹਾ ਮੁਆਵਜ਼ਾ ਜਾਰੀ ਕਰਕੇ ਜ਼ਮੀਨਾਂ ਉੱਤੇ ਕਾਰਪੋਰੇਟ ਕਬਜ਼ੇ ਕਰਵਾਉਣ ਲਈ ਵਾਰ ਵਾਰ ਪੁਲਿਸ ਤਾਕਤ ਦੀ ਵਰਤੋਂ ਬੰਦ ਕੀਤੀ ਜਾਵੇ।
- ਆਪਣੀ ਜ਼ਮੀਨ ਨੂੰ ਪੱਧਰੀ ਜਾਂ ਨੀਵੀਂ ਕਰਨ ਦਾ ਹੱਕ ਖੋਹਣ ਵਾਲਾ ਮਾਈਨਿੰਗ ਕਾਨੂੰਨ ਰੱਦ ਕੀਤਾ ਜਾਵੇ।
- ਐੱਮਐੱਸਪੀ ਉੱਤੇ ਝੋਨੇ ਦੀ ਖਰੀਦ ਉੱਤੇ ਔਸਤ ਝਾੜ ਅਤੇ ਗਿਰਦਾਵਰੀ ਵਿੱਚ ਕਾਸ਼ਤ ਹੇਠਲੇ ਰਕਬੇ ਦੀਆਂ ਕਿਸਾਨ ਵਿਰੋਧੀ ਸ਼ਰਤਾਂ ਸਮੇਤ ਨਮੀ ਵਾਲੀ ਸ਼ਰਤ ਰੱਦ ਕਰਕੇ ਪਹਿਲਾਂ ਵਾਂਗ ਨਿਰਵਿਘਨ ਖਰੀਦ ਜਾਰੀ ਰੱਖੀ ਜਾਵੇ।
- ਬਿਨਾਂ ਸਾੜੇ ਪਰਾਲੀ ਸਾਂਭਣ ਲਈ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦਿੱਤਾ ਜਾਵੇ ਜਾਂ ਫਿਰ ਮਜ਼ਬੂਰੀ ਵਸ ਪਰਾਲੀ ਸਾੜਨ ਵਾਲੇ ਕਿਸਾਨਾਂ ਉੱਤੇ ਸਖ਼ਤੀ ਬੰਦ ਕੀਤੀ ਜਾਵੇ।
- ਲੰਪੀ ਸਕਿਨ ਰੋਗ ਨਾਲ ਮਰੀਆਂ ਗਊਆਂ ਦਾ ਮੁਆਵਜ਼ਾ ਮਾਰਕੀਟ ਰੇਟ ਮੁਤਾਬਕ ਪੂਰਾ ਦਿੱਤਾ ਜਾਵੇ।
- ਬਿਜਲੀ ਵੰਡ ਖੇਤਰ ਦੇ ਨਿੱਜੀਕਰਨ ਬਾਰੇ ਕੀਤਾ ਗਿਆ ਤਾਨਾਸ਼ਾਹੀ ਫੈਸਲਾ ਰੱਦ ਕੀਤਾ ਜਾਵੇ।
- ਨਹਿਰੀ ਪਾਣੀ ਹਰ ਖੇਤ ਤੱਕ ਪੁੱਜਦਾ ਕਰਨ ਦਾ ਪ੍ਰਬੰਧ ਕੀਤਾ ਜਾਵੇ। ਪੰਜਾਬ ਦੇ ਦਰਿਆਈ ਪਾਣੀ ਦੀ ਕੁੱਲ ਮਾਤਰਾ ਅਤੇ ਇਸ ਵਿੱਚੋਂ ਸਿੰਜਾਈ ਲਈ ਵਰਤੇ ਜਾ ਰਹੇ ਨਹਿਰੀ ਪਾਣੀ ਦੇ ਤਾਜ਼ਾ ਅੰਕੜੇ ਜਨਤਕ ਕੀਤੇ ਜਾਣ।
- ਸੰਸਾਰ ਵਪਾਰ ਸੰਸਥਾ ਦੀਆਂ ਕਿਸਾਨ ਮਾਰੂ ਨੀਤੀਆਂ ਤਹਿਤ ਕਿਸਾਨਾਂ, ਮਜ਼ਦੂਰਾਂ ਦੇ ਰੁਜ਼ਗਾਰ, ਰਿਹਾਇਸ਼ ਦਾ ਵਸੀਲਾ ਬਣੀਆਂ ਕਬਜ਼ੇ ਹੇਠਲੀਆਂ ਜ਼ਮੀਨਾਂ ਹਥਿਆਉਣ ਲਈ ਪੰਚਾਇਤੀ ਸ਼ਾਮਲਾਟ ਜਾਂ ਸਰਕਾਰੀ ਜ਼ਮੀਨਾਂ ਸਾਮਰਾਜੀ ਕਾਰਪੋਰੇਟਾਂ ਨੂੰ ਸੌਂਪਣ ਲਈ ਜ਼ਮੀਨ ਬੈਂਕ ਬਣਾਉਣ ਦਾ ਤਾਨਾਸ਼ਾਹੀ ਫੈਸਲਾ ਰੱਦ ਕੀਤਾ ਜਾਵੇ।