The Khalas Tv Blog Punjab ਪਰਾਲੀ ਸਾਂਭਣ ਲਈ 200 ਰੁ. ਪ੍ਰਤੀ ਕੁਇੰਟਲ ਦੀ ਮੰਗ, CM ਮਾਨ ਦੀ ਕੋਠੀ ਅੱਗੇ ਪੱਕਾ ਮੋਰਚਾ ਲਾਉਣ ਦਾ ਐਲਾਨ…
Punjab

ਪਰਾਲੀ ਸਾਂਭਣ ਲਈ 200 ਰੁ. ਪ੍ਰਤੀ ਕੁਇੰਟਲ ਦੀ ਮੰਗ, CM ਮਾਨ ਦੀ ਕੋਠੀ ਅੱਗੇ ਪੱਕਾ ਮੋਰਚਾ ਲਾਉਣ ਦਾ ਐਲਾਨ…

BKU Ugrahan

ਪਰਾਲੀ ਸਾਂਭਣ ਲਈ 200 ਰੁ. ਪ੍ਰਤੀ ਕੁਇੰਟਲ ਦੀ ਮੰਗ, CM ਮਾਨ ਦੀ ਕੋਠੀ ਅੱਗੇ ਪੱਕਾ ਮੋਰਚਾ ਲਾਉਣ ਦਾ ਐਲਾਨ...

ਬਰਨਾਲਾ : ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਅੱਜ ਇੱਥੇ ਤਰਕਸ਼ੀਲ ਭਵਨ ਵਿਖੇ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਕੀਤੀ ਗਈ ਸੂਬਾ ਕਮੇਟੀ ਮੀਟਿੰਗ ਵਿੱਚ ਕਿਸਾਨਾਂ ਦੇ ਭਖਦੇ ਮਸਲਿਆਂ ਦੇ ਹੱਲ ਲਈ ਪੰਜਾਬ ਤੇ ਕੇਂਦਰ ਦੀਆਂ ਸਰਕਾਰਾਂ ਵਿਰੁੱਧ 9 ਅਕਤੂਬਰ ਤੋਂ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਅੱਗੇ ਅਣਮਿਥੇ ਸਮੇਂ ਦਾ ਪੱਕਾ ਮੋਰਚਾ ਲਾਉਣ ਦਾ ਫੈਸਲਾ ਕੀਤਾ ਗਿਆ।

ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਇਹ ਮੋਰਚਾ ਪੰਜਾਬ ਦੀ ਆਪ ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਕਿਸਾਨਾਂ ਮਜ਼ਦੂਰਾਂ ਤੇ ਹੋਰ ਕਿਰਤੀਆਂ ਦੀਆਂ ਭਖਦੀਆਂ ਮੰਗਾਂ ਪ੍ਰਤੀ ਮੁਜਰਮਾਨਾ ਚੁੱਪ ਧਾਰਨ ਅਤੇ ਨਵੇਂ ਤੋਂ ਨਵੇਂ ਕਿਸਾਨ ਵਿਰੋਧੀ ਤੇ ਸਾਮਰਾਜੀ ਕਾਰਪੋਰੇਟਾਂ ਪੱਖੀ ਫੈਸਲੇ ਕਰਨ ਵਿਰੁੱਧ ਤਿੱਖੇ ਰੋਸ ਵਜੋਂ ਲਾਇਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ ਮੋਰਚੇ ਦੀਆਂ ਮੰਗਾਂ ਸਬੰਧੀ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਬੀਤੇ ਵਰ੍ਹੇ ਜਾਂ ਐਤਕੀਂ ਗੁਲਾਬੀ ਸੁੰਡੀ ਤੇ ਨਕਲੀ ਕੀਟਨਾਸ਼ਕਾਂ ਨਾਲ ਜਾਂ ਗੜੇਮਾਰੀ ਨਾਲ ਕਈ ਜ਼ਿਲ੍ਹਿਆਂ ‘ਚ ਤਬਾਹ ਹੋਏ ਨਰਮੇ ਤੇ ਹੋਰ ਫ਼ਸਲਾਂ ਸਮੇਤ ਨੁਕਸਾਨੇ ਗਏ ਮਕਾਨਾਂ ਦਾ ਤਹਿ ਕੀਤਾ ਮੁਆਵਜ਼ਾ ਕਾਸ਼ਤਕਾਰ ਕਿਸਾਨਾਂ ਤੇ ਖੇਤ ਮਜ਼ਦੂਰਾਂ ਚ ਤੁਰੰਤ ਵੰਡਿਆ ਜਾਵੇ ਅਤੇ ਖੇਤ ਮਜ਼ਦੂਰਾਂ ਨੂੰ ਮੁਆਵਜ਼ਾ ਦੇਣ ਦੇ ਮਾਮਲੇ ਚ ਕੀਤਾ ਜਾ ਰਿਹਾ ਜ਼ਾਹਰਾ ਵਿਤਕਰਾ ਬੰਦ ਕੀਤਾ ਜਾਵੇ।ਇਸ ਵਰ੍ਹੇ ਭਾਰੀ ਮੀਂਹਾਂ ਨਾਲ਼ ਤਬਾਹ ਹੋਈਆਂ ਫਸਲਾਂ ਤੇ ਨੁਕਸਾਨੇ ਮਕਾਨਾਂ ਦਾ ਮਜ਼ਦੂਰਾਂ ਤੇ ਕਾਸ਼ਤਕਾਰ ਕਿਸਾਨਾਂ ਨੂੰ ਮੁਆਵਜ਼ਾ ਤੁਰੰਤ ਦਿੱਤਾ ਜਾਵੇ। ਐਤਕੀਂ ਵਾਇਰਲ ਰੋਗ ਨਾਲ ਪੂਰੀ ਤਰਾਂ ਬਰਬਾਦ ਹੋਈ ਗੁਆਰੀ, ਮੂੰਗੀ ਤੇ ਝੋਨੇ ਦੀ ਫ਼ਸਲ ਦੀ ਵਿਸ਼ੇਸ਼ ਗਰਦੌਰੀ ਤੁਰੰਤ ਕਰਵਾ ਕੇ ਔਸਤ ਝਾੜ ਦੇ ਬਰਾਬਰ ਪੂਰਾ ਮੁਆਵਜ਼ਾ ਦਿੱਤਾ ਜਾਵੇ।

ਧਰਤੀ ਹੇਠਲੇ ਅਤੇ ਦਰਿਆਈ ਪਾਣੀਆਂ ਦੀ ਮਾਲਕੀ ਸਾਮਰਾਜੀ ਕਾਰਪੋਰੇਟਾਂ ਨੂੰ ਸੌਂਪਣ ਵਾਲ਼ੀ ਸੰਸਾਰ ਬੈਂਕ ਦੀ ਜਲ ਨੀਤੀ ਰੱਦ ਕੀਤੀ ਜਾਵੇ ਅਤੇ ਦੌਧਰ ਵਰਗੇ ਨਿੱਜੀ ਜਲ ਸੋਧ ਪ੍ਰਾਜੈਕਟ ਰੱਦ ਕਰ ਕੇ ਸਰਕਾਰੀ ਜਲ ਸਪਲਾਈ ਸਕੀਮ ਪਹਿਲਾਂ ਵਾਂਗ ਜਾਰੀ ਰੱਖਣ ਵਾਲਾ ਬਜਟ ਜੁਟਾਇਆ ਜਾਵੇ। ਹੱਕੀ ਜਮਹੂਰੀ ਅੰਦੋਲਨਾਂ ਦੌਰਾਨ ਪੁਲਿਸ ਜਬਰ ਬੰਦ ਕੀਤਾ ਜਾਵੇ ਅਤੇ ਮਜ਼ਦੂਰਾਂ ਕਿਸਾਨਾਂ ‘ਤੇ ਦਰਜ ਕੀਤੇ ਮਕੱਦਮੇ ਪਰਾਲੀ ਕੇਸਾਂ ਸਮੇਤ ਵਾਪਿਸ ਲੈਣ ਦੀ ਮੰਨੀ ਹੋਈ ਮੰਗ ਤੁਰੰਤ ਲਾਗੂ ਕੀਤੀ ਜਾਵੇ। ਜ਼ੀਰਾ ਨੇੜੇ ਪ੍ਰਦੂਸ਼ਣ ਦਾ ਗੜ੍ਹ ਬਣੀ ਹੋਈ ਸ਼ਰਾਬ ਦੀ ਫੈਕਟਰੀ ਨੂੰ ਤੁਰੰਤ ਬੰਦ ਕੀਤਾ ਜਾਵੇ। ਭਾਰਤ ਮਾਲ਼ਾ ਹਾਈਵੇ ਪ੍ਰਾਜੈਕਟ ਲਈ ਨਿਗੂਣਾ ਜਿਹਾ ਮੁਆਵਜ਼ਾ ਜਾਰੀ ਕਰਕੇ ਜ਼ਮੀਨਾਂ ਉੱਤੇ ਕਾਰਪੋਰੇਟ ਕਬਜ਼ੇ ਕਰਵਾਉਣ ਲਈ ਵਾਰ-ਵਾਰ ਪੁਲਿਸ ਤਾਕਤ ਦੀ ਵਰਤੋਂ ਬੰਦ ਕੀਤੀ ਜਾਵੇ ਅਤੇ ਕਿਸਾਨਾਂ ਨੂੰ ਇਲਾਕੇ ਦਾ ਮਾਰਕੀਟ ਰੇਟ ਜਮ੍ਹਾਂ 30% ਉਜਾੜਾ ਭੱਤਾ ਅਤੇ ਖੇਤ ਮਜ਼ਦੂਰਾਂ ਦਾ ਰੁਜ਼ਗਾਰ ਉਜਾੜਾ ਭੱਤਾ ਵੀ ਤੁਰੰਤ ਦਿੱਤਾ ਜਾਵੇ।

ਆਪਣੀ ਜ਼ਮੀਨ ਨੂੰ ਪੱਧਰ/ਨੀਂਵੀਂ ਕਰਨ ਦਾ ਹੱਕ ਖੈਹਣ ਵਾਲਾ ਮਾਈਨਿੰਗ ਕਾਨੂੰਨ ਰੱਦ ਕੀਤਾ ਜਾਵੇ। ਐਮ ਐੱਸ ਪੀ ‘ਤੇ ਝੋਨੇ ਦੀ ਖਰੀਦ ਉੱਤੇ ਔਸਤ ਝਾੜ ਤੇ ਗਰਦੌਰੀ ‘ਚ ਕਾਸ਼ਤ ਹੇਠਲੇ ਰਕਬੇ ਦੀਆਂ ਕਿਸਾਨ ਵਿਰੋਧੀ ਸ਼ਰਤਾਂ ਰੱਦ ਕਰਕੇ ਪਹਿਲਾਂ ਵਾਂਗ ਨਿਰਵਿਘਨ ਖਰੀਦ ਜਾਰੀ ਰੱਖੀ ਜਾਵੇ। ਬਿਨਾਂ ਸਾੜੇ ਪਰਾਲੀ ਸਾਂਭਣ ਲਈ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦਿੱਤਾ ਜਾਵੇ ਜਾਂ ਫਿਰ ਮਜਬੂਰੀ-ਵੱਸ ਪਰਾਲੀ ਸਾੜਨ ਵਾਲੇ ਕਿਸਾਨਾਂ ਉੱਤੇ ਸਖ਼ਤੀ ਬੰਦ ਕੀਤੀ ਜਾਵੇ। ਲਿੰਪੀ ਸਕਿਨ ਰੋਗ ਨਾਲ ਮਰੀਆਂ ਗਊਆਂ ਦਾ ਮੁਆਵਜ਼ਾ ਮਾਰਕੀਟ ਰੇਟ ਮੁਤਾਬਕ ਪੂਰਾ ਦਿੱਤਾ ਜਾਵੇ। ਕੇਂਦਰ ਸਰਕਾਰ ਤੋਂ ਮੰਗ ਕੀਤੀ ਗਈ ਕਿ ਬਿਜਲੀ ਵੰਡ ਖੇਤਰ ਦੇ ਨਿੱਜੀਕਰਨ ਬਾਰੇ ਕੀਤਾ ਗਿਆ ਤਾਨਾਸ਼ਾਹੀ ਫੈਸਲਾ ਰੱਦ ਕੀਤਾ ਜਾਵੇ। ਸੰਸਾਰ ਵਪਾਰ ਸੰਸਥਾ ਦੀਆਂ ਕਿਸਾਨ ਮਾਰੂ ਨੀਤੀਆਂ ਤਹਿਤ ਕਿਸਾਨਾਂ ਮਜ਼ਦੂਰਾਂ ਦੇ ਰੁਜ਼ਗਾਰ ਰਿਹਾਇਸ਼ ਦਾ ਵਸੀਲਾ ਬਣੀਆਂ ਕਬਜ਼ੇ ਹੇਠਲੀਆਂ ਜ਼ਮੀਨਾਂ ਹਥਿਆਉਣ ਲਈ ਪੰਚਾਇਤੀ ਸ਼ਾਮਲਾਟ ਜਾਂ ਸਰਕਾਰੀ ਜ਼ਮੀਨਾਂ ਸਾਮਰਾਜੀ ਕਾਰਪੋਰੇਟਾਂ ਨੂੰ ਸੌਂਪਣ ਲਈ ਜ਼ਮੀਨ ਬੈਂਕ ਬਣਾਉਣ ਦਾ ਤਾਨਾਸ਼ਾਹੀ ਫੈਸਲਾ ਰੱਦ ਕੀਤਾ ਜਾਵੇ। ਸੂਬਾ ਕਮੇਟੀ ਵੱਲੋਂ ਪੰਜਾਬ ਭਰ ਦੇ ਕਿਸਾਨਾਂ ਮਜ਼ਦੂਰਾਂ ਤੇ ਇਨਸਾਫਪਸੰਦ ਲੋਕਾਂ ਨੂੰ ਇਸ ਪੱਕੇ ਮੋਰਚੇ ਦੀਆਂ ਤਿਆਰੀਆਂ ਹੁਣੇ ਤੋਂ ਲੱਕ ਬੰਨ੍ਹ ਕੇ ਸ਼ੁਰੂ ਕਰਨ ਦਾ ਸੱਦਾ ਦਿੱਤਾ ਗਿਆ। ਮੀਟਿੰਗ ਵਿੱਚ ਝੰਡਾ ਸਿੰਘ ਜੇਠੂਕੇ ਸ਼ਿੰਗਾਰਾ ਸਿੰਘ ਮਾਨ ਰੂਪ ਸਿੰਘ ਛੰਨਾਂ ਜਨਕ ਸਿੰਘ ਭੁਟਾਲ ਜਗਤਾਰ ਸਿੰਘ ਕਾਲਾਝਾੜ ਹਰਿੰਦਰ ਕੌਰ ਬਿੰਦੂ ਕਮਲਜੀਤ ਕੌਰ ਬਰਨਾਲਾ ਸਮੇਤ 17 ਜ਼ਿਲ੍ਹਿਆਂ ਦੇ ਪ੍ਰਧਾਨ ਸਕੱਤਰ ਸ਼ਾਮਲ ਸਨ।

Exit mobile version