ਪਟਿਆਲਾ : ਪੰਜਾਬ ਵਿੱਚ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ। ਇਸੇ ਦੌਰਾਨ ਪਟਿਆਲਾ ਤੋਂ ਇੱਕ ਵਾਰ ਫਿਰ ਤੋਂ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਪਟਿਆਲਾ ਜ਼ਿਲ੍ਹੇ ਦੇ ਕਸਬਾ ਦੇਵੀਗੜ੍ਹ ਨੇੜਲੇ ਪਿੰਡ ਮੋਹਲਗੜ੍ਹ ਵਿਖੇ ਬੇਅਦਬੀ ਦੀ ਘਟਨਾ ਵਾਪਰੀ। ਵੀਰਵਾਰ ਸ਼ਾਮ ਨੂੰ ਪਿੰਡ ਮੋਹਲਗੜ੍ਹ ਵਿਖੇ ਕਿਸੇ ਸ਼ਰਾਰਤੀ ਅਨਸਰ ਵੱਲੋਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਦਾਖਲ ਹੋ ਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਕੇ ਅੱਗ ਲਗਾਈ । ਘਟਨਾ ਦਾ ਪਤਾ ਲੱਗਣ ਤੇ ਵੱਡੀ ਗਿਣਤੀ ‘ਚ ਪਿੰਡ ਵਾਸੀ ਗੁਰਦੁਆਰਾ ਸਾਹਿਬ ਵਿਖੇ ਇਕੱਠੇ ਹੋਏ ਅਤੇ ਪੁਲਿਸ ਨੂੰ ਸੂਚਿਤ ਕੀਤਾ ਗਿਆ।
ਦੇਰ ਰਾਤ ਤੱਕ ਪੁਲਿਸ ਦੇ ਉੱਚ ਅਧਿਕਾਰੀ ਪਿੰਡ ਮੋਹਲਗੜ੍ਹ ‘ਚ ਪਹੁੰਚ ਕੇ ਘਟਨਾ ਦੀ ਸਾਰੇ ਪਹਿਲੂਆਂ ਤੋਂ ਜਾਂਚ ਕਰਦੇ ਰਹੇ ਅਤੇ ਗੁਰੂ ਘਰ ‘ਚ ਲੱਗੇ ਸੀਸੀਟੀਵੀ ਕੈਮਰੇ ਖੰਗਾਲੇ ਗਏ। ਇਸ ਘਟਨਾ ਸਬੰਧੀ ਕੋਈ ਅਧਿਕਾਰੀ ਖੁੱਲ੍ਹ ਕੇ ਦੱਸਣ ਨੂੰ ਤਿਆਰ ਨਹੀਂ ਹੈ ਅਤੇ ਪੁਲਿਸ ਜਾਂਚ ‘ਚ ਜੁਟੀ ਰਹੀ। ਘਟਨਾ ਦਾ ਪਤਾ ਲੱਗਣ ‘ਤੇ ਇਲਾਕੇ ‘ਚ ਸੋਗ ਦੀ ਲਹਿਰ ਫੈਲ ਗਈ।
ਮੌਕੇ ’ਤੇ ਪੁੱਜੇ ਐੱਸਐੱਸਪੀ ਪਟਿਆਲਾ ਵਰੁਣ ਸ਼ਰਮਾ ਨੇ ਦੱਸਿਆ ਕਿ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰਨ ’ਤੇ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ ਹੈ ਅਤੇ ਪੁੱਛਗਿੱਛ ਜਾਰੀ ਹੈ। ਇਸ ਮੌਕੇ ਘਟਨਾ ਦਾ ਪਤਾ ਲੱਗਣ ’ਤੇ ਹਲਕਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵੀ ਮੌਕੇ ’ਤੇ ਪਹੁੰਚੇ ਤੇ ਸਾਰੀ ਘਟਨਾ ਦੀ ਜਾਣਕਾਰੀ ਹਾਸਲ ਕੀਤੀ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਬੇਅਦਬੀਆਂ ਦੀਆਂ ਘਟਨਾਵਾਂ ਵਾਪਰੀਆਂ ਹਨ।