ਜਲੰਧਰ ਵਿਚ ਭਾਜਪਾ ਦੇ ਸੀਨੀਅਰ ਨੇਤਾ ਮਨੋਰੰਜਨ ਕਾਲੀਆ ਦੇ ਘਰ ‘ਤੇ ਹਮਲਾ ਹੋਣ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਜਿੱਥੇ ਇਸ ਮਾਮਲੇ ਨੂੰ ਲੈ ਕੇ ਕਾਂਗਰਸ, ਅਕਾਲੀ ਦਲ ਸਮੇਤ ਭਾਜਪਾ ਪੰਜਾਬ ਸਰਕਾਰ ਨੂੰ ਘੇਰ ਰਹੀਆਂ ਹਨ ਉੱਥੇ ਹੀ ਆਮ ਆਦਮੀ ਪਾਰਟੀ ਦੇ ਮੰਤਰੀ ਮੋਹਿੰਦਰ ਭਗਤ ਮਨੋਰੰਜਨ ਕਾਲੀਆ ਦੇ ਘਰ ਪਹੁੰਚੇ ਹਨ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਕੋਸਿਸ਼ ਹੋ ਰਹੀ ਹੈ ਪਰ ਪੰਜਾਬ ਸਰਕਾਰ ਅਜਿਹਾ ਨਹੀਂ ਹੋਣ ਦੇਵੇਗੀ। ਦੋਸ਼ੀਆਂ ਖ਼ਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮਹਿੰਦਰ ਭਗਤ ਨੇ ਕਿਹਾ ਹੈ ਕਿ ਇਹ ਸਾਰੀ ਘਟਨਾ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਮਾਗ ਵਿੱਚ ਹੈ।
ਪੁਲਿਸ ਕਮਿਸ਼ਨਰ ਨੇ ਹੁਣ ਤੱਕ ਦੀ ਕੇਸ ਸਟੇਟਸ ਰਿਪੋਰਟ ਮੁੱਖ ਮੰਤਰੀ ਨੂੰ ਭੇਜ ਦਿੱਤੀ ਹੈ। ਕੁਝ ਸ਼ਰਾਰਤੀ ਅਨਸਰ ਪੰਜਾਬ ਦੇ ਵਿਕਾਸ ਨੂੰ ਹਜ਼ਮ ਨਹੀਂ ਕਰ ਪਾ ਰਹੇ। ਉਨ੍ਹਾਂ ਨੂੰ ਪਾਕਿਸਤਾਨ ਤੋਂ ਪਨਾਹ ਮਿਲਦੀ ਹੈ। ਅਜਿਹੇ ਵਿੱਚ ਇਹ ਘਟਨਾ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੇ ਇਰਾਦੇ ਨਾਲ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਪੁਲਿਸ ਨੂੰ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ। ਭਾਜਪਾ ਦੀ ਪਨਾਹ ਹੇਠ ਬਦਨਾਮ ਗੈਂਗਸਟਰ ਲਾਰੈਂਸ ਇਸ ਸਮੇਂ ਗੁਜਰਾਤ ਦੀ ਸਾਬਰਮਤੀ ਜੇਲ੍ਹ ਵਿੱਚ ਹੈ। ਲਾਰੈਂਸ ਇਹ ਕੰਮ ਪਾਕਿਸਤਾਨ ਵਿੱਚ ਬੈਠੇ ਡੌਨ ਸ਼ਹਿਜ਼ਾਦ ਭੱਟੀ ਨਾਲ ਮਿਲ ਕੇ ਕਰ ਰਿਹਾ ਹੈ। ਇਸ ਤੋਂ ਬਾਅਦ ਵੀ ਸਾਬਰਮਤੀ ਜੇਲ੍ਹ ਵਿੱਚ ਲਾਰੈਂਸ ਨੂੰ ਪੂਰੀ ਸੁਰੱਖਿਆ ਦਿੱਤੀ ਜਾ ਰਹੀ ਹੈ।
ਆਪ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਦੇਰ ਰਾਤ ਸ੍ਰੀ ਮਨੋਰੰਜਨ ਕਾਲੀਆ ਜੀ ਦੇ ਘਰ ਹਮਲੇ ਦੀ ਖ਼ਬਰ ਸੁਣ ਕੇ ਉਹਨਾਂ ਦਾ ਫ਼ੋਨ ਤੇ ਹਾਲ-ਚਾਲ ਜਾਣਿਆ। ਸਾਰਾ ਪਰਿਵਾਰ ਸੁਰਖਿਅਤ ਹੈ। ਅਜਿਹੇ ਬੁਜ਼ਦਿਲ ਹਮਲੇ ਡਰੱਗ ਮਾਫੀਆ ਤੇ ਗੈਂਗਸਟਰਾਂ ਦੇ ਖਿਲਾਫ ਨਿੱਤ-ਦਿਨ ਹੁੰਦੀ ਸਖਤ ਕਾਰਵਾਈ ਕਾਰਨ ਉਹਨਾਂ ਦੀ ਘਬਰਾਹਟ ਦੀ ਨਿਸ਼ਾਨੀ ਹਨ। ਦੋਸ਼ੀਆਂ ਨੂੰ ਜਲਦ ਕਾਬੂ ਕਰਨ ਲਈ ਪੁਲਿਸ ਵਚਨਬੱਧ ਹੈ।