Punjab

ਚਾਈਨਾ ਡੋਰ ਖ਼ਿਲਾਫ਼ ਸਰਕਾਰ ਸਖ਼ਤ , ਚਾਈਨਾ ਡੋਰ ਨਾਲ ਪਤੰਗ ਉਡਾਉਣ ‘ਤੇ ਹੋਵੇਗਾ 1 ਲੱਖ ਰੁਪਏ ਜੁਰਮਾਨਾ

ਚੰਡੀਗੜ੍ਹ : ਚਾਈਨਾ ਡੋਰ ਨੇ ਕਈ ਘਰਾਂ ਨੂੰ ਉਜਾੜ ਕੇ ਰੱਖ ਦਿੱਤਾ ਹੈ ਪਰ ਫਿਰ ਵੀ ਲੋਕ ਇਸ ਦੀ ਵਰਤੋਂ ਕਰਨ ਤੋਂ ਪਿੱਛੇ ਨਹੀਂ ਹਟਦੇ । ਹੁਣ ਪੰਜਾਬ ਸਰਕਾਰ ਵੱਲੋਂ ਇਸ ਦੀ ਪਾਬੰਦੀ ਦੇ ਜਾਰੀ ਹੁਕਮਾਂ ਨੂੰ ਹੋਰ ਪ੍ਰਭਾਵਸ਼ਾਲੀ ਤੇ ਸਖ਼ਤੀ ਨਾਲ ਲਾਗੂ ਕਰਨ ਲਈ ਨਵੀਂਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਸਰਕਾਰ ਨੇ ਇਸ ਦੀ ਪਾਬੰਦੀ ਸਬੰਧੀ ਜਾਰੀ ਹੁਕਮਾਂ ਨੂੰ ਹੋਰ ਸਖ਼ਤੀ ਨਾਲ ਲਾਗੂ ਕਰਨ ਲਈ ਨਵਾਂ ਨੋਟੀਫ਼ਿਕੇਸ਼ਨ ਜਾਰੀ ਕੀਤਾ ਹੈ। ਹੁਣ ਉਲੰਘਣਾ ਕਰਨ ‘ਤੇ 5 ਸਾਲ ਤੱਕ ਦੀ ਕੈਦ ਅਤੇ ਇਕ ਲੱਖ ਰੁਪਏ ਤੱਕ ਦਾ ਜੁਰਮਾਨਾ ਜਾਂ ਦੋਵੇਂ ਹੋ ਸਕਦੇ ਹਨ।

ਫ਼ਿਰੋਜ਼ਪੁਰ ‘ਚ ਚਾਈਨਾ ਡੋਰ ‘ਤੇ ਵਾਪਰੀ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਸਰਕਾਰ ਨੇ ਇਹ ਫ਼ੈਸਲਾ ਲਿਆ ਹੈ। ਵਾਤਾਵਰਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ, ਨਵੇਂ ਹੁਕਮਾਂ ਵਿੱਚ ਚਾਈਨਾ ਡੋਰ, ਸ਼ੀਸ਼ੇ ਜਾਂ ਹੋਰ ਧਾਤ ਦੇ ਪਾਊਡਰ ਦੇ ਬਣੀ ਡੋਰ ‘ਤੇ ਮੁਕੰਮਲ ਪਾਬੰਦੀ ਹੋਵੇਗੀ। ਪਤੰਗਾਂ ਨੂੰ ਸਿਰਫ਼ ਸੂਤੀ ਧਾਗੇ ਨਾਲ ਉਡਾਉਣ ਦੀ ਇਜਾਜ਼ਤ ਦਿੱਤੀ ਗਈ ਹੈ। ਚਾਈਨਾ ਡੋਰ ‘ਤੇ ਮੁਕੰਮਲ ਪਾਬੰਦੀ ਲਗਾਉਣ ਸਬੰਧੀ ਵਾਤਾਵਰਨ (ਸੁਰੱਖਿਆ) ਐਕਟ, 1986 ਦੀ ਧਾਰਾ 5 ਤਹਿਤ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ।

ਨਵੀਂ ਅਧਿਸੂਚਨਾ ਨੂੰ ਲਾਗੂ ਕਰਨ ਅਤੇ ਦੋਸ਼ੀ ਖ਼ਿਲਾਫ਼ ਕਾਰਵਾਈ ਕਰਨ ਲਈ ਸਪਸ਼ਟ ਅਧਿਕਾਰ ਦਿੱਤੇ ਗਏ ਹਨ। ਚਾਈਨਾ ਡੋਰ ਦੀ ਪੂਰਨ ਪਾਬੰਦੀ ਸਬੰਧੀ ਇਨਵਾਇਰਨਮੈਂਟ (ਪ੍ਰੋਟੈਕਸ਼ਨ) ਐਕਟ, 1986 ਦੀ ਧਾਰਾ 5 ਅਧੀਨ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਦੀ ਉਲੰਘਣਾ ਲਈ 5 ਸਾਲ ਤਕ ਦੀ ਸਜ਼ਾ ਅਤੇ ਇਕ ਲੱਖ ਰੁਪਏ ਤਕ ਜੁਰਮਾਨਾ ਜਾਂ ਦੋਵੇਂ ਹੋ ਸਕਦੇ ਹਨ।

ਵਾਤਾਵਰਣ ਮੰਤਰੀ ਨੇ ਦੱਸਿਆ ਕਿ ਚਾਈਨਾ ਡੋਰ ਦੀ ਪਾਬੰਦੀ ਸਬੰਧੀ ਸੂਬਾ ਸਰਕਾਰ ਵੱਲੋਂ 23 ਫਰਵਰੀ 2018 ਨੂੰ ਜਾਰੀ ਨੋਟੀਫ਼ਿਕੇਸ਼ਨ ਵਿੱਚ ਕੁਝ ਕਮੀਆਂ ਸਨ। ਹੁਣ ਨਵੇਂ ਜਾਰੀ ਹੁਕਮਾਂ ਵਿਚ ਇਨ੍ਹਾਂ ਕਮੀਆਂ ਨੂੰ ਦੂਰ ਕੀਤਾ ਗਿਆ ਹੈ। ਨਵੇਂ ਹੁਕਮਾਂ ਤਹਿਤ ਚਾਈਨਾ ਡੋਰ, ਕੱਚ ਜਾਂ ਹੋਰ ਧਾਤੂ ਦੇ ਪਾਊਡਰ ਨਾਲ ਬਣੀ ਡੋਰ ਉਪਰ ਪੂਰਨ ਪਾਬੰਦੀ ਲਗਾਉਂਦੇ ਹੋਏ ਸਿਰਫ਼ ਸੂਤੀ ਧਾਗੇ ਨਾਲ ਪਤੰਗ ਉਡਾਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ।

ਪੰਜਾਬ ਦੇ ਸਮੂਹ ਕਾਰਜਕਾਰੀ ਮੈਜਿਸਟਰੇਟ, ਮਾਲ ਵਿਭਾਗ ਦੇ ਤਹਿਸੀਲਦਾਰ, ਜੰਗਲਾਤ ਵਿਭਾਗ ਦੇ ਜੰਗਲੀ ਜੀਵ ਇੰਸਪੈਕਟਰ, ਪੰਜਾਬ ਪੁਲਿਸ ਦੇ ਸਬ-ਇੰਸਪੈਕਟਰਾਂ, ਸਥਾਨਕ ਸੰਸਥਾਵਾਂ ਦੇ ਸੀ ਸ਼੍ਰੇਣੀ ਦੇ ਕਰਮਚਾਰੀ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਹਾਇਕ ਇੰਜੀਨੀਅਰਾਂ ਅਤੇ ਉੱਚ ਅਧਿਕਾਰੀਆਂ ਨੂੰ ਉਪਰੋਕਤ ਹਦਾਇਤਾਂ ਨੂੰ ਲਾਗੂ ਕਰਨ ਦੇ ਅਧਿਕਾਰ ਦਿੱਤੇ ਗਏ ਹਨ।