‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਕੂਲ ਸਿੱਖਿਆ ਬੋਰਡ 12ਵੀਂ ਜਮਾਤ ਦਾ ਨਤੀਜਾ 31 ਜੁਲਾਈ ਤੋਂ ਪਹਿਲਾਂ ਐਲਾਨ ਦੇਵੇਗਾ। ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸੁਪਰੀਮ ਕੋਰਟ ਨੇ 31 ਜੁਲਾਈ ਤੋਂ ਪਹਿਲਾਂ ਨਤੀਜਾ ਕੱਢਣ ਲਈ ਕਿਹਾ ਹੈ ਅਤੇ ਉਨ੍ਹਾਂ ਦੀ ਪੂਰੀ ਕੋਸ਼ਿਸ਼ ਹੈ ਕਿ ਸੀਬੀਐੱਸਈ ਪੈਟਰਨ ਦੇ ਨੇੜੇ-ਤੇੜੇ ਰਹਿ ਕੇ ਬਾਰ੍ਹਵੀਂ ਦਾ ਨਤੀਜਾ ਐਲਾਨਿਆ ਜਾਵੇ ਤਾਂ ਜੋ ਵਿਦਿਆਰਥੀ ਆਲ ਇੰਡੀਆ ਪੱਧਰ ਜਾਂ ਵਿਦੇਸ਼ਾਂ ਵਿੱਚ ਪੜ੍ਹਾਈ ਕਰਨ ਲਈ ਦਾਖ਼ਲੇ ਲੈ ਸਕਣ।
ਸਕੂਲ ਬੋਰਡ ਨੇ ਹਾਲ ਹੀ ਵਿੱਚ ਸੁਪਰੀਮ ਕੋਰਟ ਵਿੱਚ ਇੱਕ ਹਲਫ਼ਨਾਮਾ ਦਾਇਰ ਕਰਕੇ ਸੀਬੀਐੱਸਈ ਦੀ ਤਰਜ ’ਤੇ ਬਾਰ੍ਹਵੀਂ ਦਾ ਨਤੀਜਾ ਐਲਾਨਣ ਦੀ ਗੱਲ ਆਖੀ ਹੈ। ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ ਨੇ ਦੱਸਿਆ ਕਿ ਕਰੋਨਾ ਮਹਾਂਮਾਰੀ ਕਾਰਨ ਕੁੱਝ ਸਮਾਂ ਪਹਿਲਾਂ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਸਨ।
ਉਨ੍ਹਾਂ ਨਤੀਜਾ ਐਲਾਨ ਕਰਨ ਦੇ ਫਾਰਮੂਲੇ ਬਾਰੇ ਦੱਸਦਿਆਂ ਕਿਹਾ ਕਿ ਦਸਵੀਂ ਦੇ 30 ਅੰਕ, ਗਿਆਰ੍ਹਵੀਂ ਦੇ 30 ਅੰਕ ਅਤੇ ਬਾਰ੍ਹਵੀਂ ਦੇ ਪ੍ਰੀ-ਬੋਰਡ ਅਤੇ ਇੰਟਰਨਲ ਅਸੈਸਮੈਂਟ ਦੇ 40 ਅੰਕ ਜੋੜ ਕੇ ਬਾਰ੍ਹਵੀਂ ਜਮਾਤ ਦਾ ਨਤੀਜਾ ਐਲਾਨਿਆ ਜਾਵੇਗਾ। ਪ੍ਰੋ. ਯੋਗਰਾਜ ਨੇ ਦੱਸਿਆ ਕਿ ਸੁਪਰੀਮ ਕੋਰਟ ਵੱਲੋਂ ਪਿਛਲੇ ਦਿਨੀਂ ਸੀਬੀਐੱਸਈ ਨੂੰ ਤਲਬ ਕਰਕੇ ਬਾਰ੍ਹਵੀਂ ਦੇ ਨਤੀਜੇ ਬਾਰੇ ਪੁੱਛਿਆ ਗਿਆ ਸੀ ਅਤੇ ਸੀਬੀਐੱਸਈ ਨੇ ਉਸਾਰੂ ਦਲੀਲਾਂ ਪੇਸ਼ ਕਰਕੇ ਮੁੱਢਲੀ ਜਾਣਕਾਰੀ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਸੀਬੀਐਸਈ ਵੱਲੋਂ ਬਾਰ੍ਹਵੀਂ ਦਾ ਨਤੀਜਾ ਐਲਾਨਣ ਲਈ ਜੋ ਵਿਧੀ ਤਿਆਰ ਕੀਤੀ ਗਈ ਹੈ, ਉਸੇ ਤਰਜ਼ ’ਤੇ ਪੰਜਾਬ ਬੋਰਡ ਵੱਲੋਂ ਨਤੀਜਾ ਤਿਆਰ ਕੀਤਾ ਜਾਵੇਗਾ।