Punjab

ਫ਼ਿਰੋਜ਼ਪੁਰ ’ਚ ਵਿਦਾਈ ਸਮੇਂ ਲਾੜੀ ਦੇ ਵੱਜੀ ਗੋਲ਼ੀ! ਹਾਲਤ ਗੰਭੀਰ; ਮੁੱਖ ਮੰਤਰੀ ਨੇ ਜਤਾਇਆ ਦੁੱਖ

ਬਿਉਰੋ ਰਿਪੋਰਟ: ਫ਼ਿਰੋਜ਼ਪੁਰ ਦੇ ਪਿੰਡ ਖਾਈ ਖੇਮੇ ਤੋਂ ਬੇਹੱਦ ਦਰਦਨਾਕ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਵਿਆਹ ਸਮਾਗਮ ਵਿੱਛ ਜਦੋਂ ਲੜਕੀ ਦਾ ਵਿਦਾਈ ਹੋਣ ਜਾ ਰਹੀ ਸੀ ਤਾਂ ਕਿਸੇ ਨੇ ਗੋਲ਼ੀ ਚਲਾ ਦਿੱਤੀ, ਜੋ ਲਾੜੀ ਦੇ ਮੱਥੇ ’ਤੇ ਜਾ ਵੱਜੀ। ਲਾੜੀ ਨੂੰ ਜ਼ਖ਼ਮੀ ਹਾਲਤ ਵਿੱਚ ਫ਼ਿਰੋਜ਼ਪੁਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਮੀਡੀਆ ਰਿਪੋਰਟਾਂ ਵਿੱਚ ਦੱਸਿਆ ਜਾ ਰਿਹਾ ਹੈ ਕਿ ਗੋਲ਼ੀ ਲਾੜੀ ਦੇ ਭਰੀ ਨੇ ਚਲਾਈ ਸੀ, ਪਰ ਹਾਲੇ ਇਸ ਸਬੰਧੀ ਅਧਿਕਾਰਿਤ ਜਾਣਕਾਰੀ ਨਹੀਂ ਮਿਲੀ ਹੈ।

ਮਾਮਲੇ ਦੀ ਸੂਚਨਾ ਮਿਲਦੇ ਹੀ ਮੌਕੇ ’ਤੇ ਪਹੁੰਚੀ ਪੁਲਿਸ ਨੇ ਦੱਸਿਆ ਕਿ ਲੜਕੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਪੁਲਿਸ ਨੇ ਇਹ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ ਕਿ ਗੋਲ਼ੀ ਕਿਸ ਨੇ ਚਲਾਈ। ਹਸਪਤਾਲ ਦੇ ਡਾਕਟਰਾਂ ਮੁਤਾਬਕ ਲੜਕੀ ਦੇ ਸਿਰ ’ਤੇ ਗੋਲ਼ੀ ਲੱਗੀ ਹੈ ਅਤੇ ਉਸ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਇਸ ਘਟਨਾ ’ਤੇ ਦੁੱਖ ਜਤਾਇਆ ਹੈ। ਉਨ੍ਹਾਂ ਲਿਖਿਆ, “ਅੱਜ ਫਿਰੋਜ਼ਪੁਰ ਤੋਂ ਇੱਕ ਨਵੀਂ ਵਿਆਹੀ ਕੁੜੀ ਨੂੰ ਗੋਲੀ ਲੱਗਣ ਨਾਲ ਜ਼ਖ਼ਮੀ ਹੋਣ ਦੀ ਘਟਨਾ ਸਾਹਮਣੇ ਆਈ ਹੈ… ਸੁਣ ਕੇ ਬਹੁਤ ਦੁੱਖ ਲੱਗਿਆ ਕਿ ਪੰਜਾਬੀ ਕਿਹੜੇ ਰਾਹੇ ਤੁਰ ਪਏ ਨੇ… ਪੰਜਾਬੀਓ ਖੁਸ਼ੀ ਕਿਸੇ ਹੋਰ ਤਰੀਕੇ ਨਾਲ ਵੀ ਮਨਾਈ ਜਾ ਸਕਦੀ ਹੈ… ਵੈਸੇ ਵੀ ਹਥਿਆਰਾਂ ਦੀ ਵਿਆਹ ਸ਼ਾਦੀਆਂ ਦੇ ਮੌਕੇ ਚਲਾਉਣ ਦੀ ਮਨਾਹੀ ਹੈ, ਪਰ ਇਸਦੇ ਬਾਵਜੂਦ ਅਸੀਂ ਅਨੇਕਾਂ ਘਟਨਾਵਾਂ ਨੂੰ ਨਜ਼ਰਅੰਦਾਜ਼ ਕਰਕੇ ਆਪਣਿਆਂ ਦਾ ਹੀ ਲਹੂ ਵਹਾਅ ਰਹੇ ਹਾਂ…ਸੋਚੋ ਤੇ ਵਿਚਾਰ ਕਰੋ ਕਿ ਜਿਸ ਘਰ ਦੇ ਵਿਹੜੇ ‘ਚ ਜਿੱਥੇ ਸ਼ਗਨਾਂ ਦੇ ਗੀਤ ਚੱਲ ਰਹੇ ਸੀ ਉੱਥੇ ਪਲਾਂ ‘ਚ ਧਾਹਾਂ ਵੱਜਣ ਲੱਗ ਗਈਆਂ…ਅਰਦਾਸ ਕਰਦਾਂ ਹਾਂ ਕਿ ਕੁੜੀ ਦੀ ਜਾਨ ਬਚ ਜਾਵੇ..”