ਬਿਉਰੋ ਰਿਪੋਰਟ: ਪੰਜਾਬ ਦੇ ਗੁਰਦਾਸਪੁਰ ਵਿਖੇ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਇੱਕ ਕਿਸਾਨ ਦੀ ਸੂਚਨਾ ਦੇ ਆਧਾਰ ’ਤੇ ਉਸ ਦੇ ਖੇਤਾਂ ’ਚੋਂ ਕਰੀਬ 13 ਕਰੋੜ ਰੁਪਏ ਦੀ 2 ਕਿਲੋ 804 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਥਾਣਾ ਡੇਰਾ ਬਾਬਾ ਨਾਨਕ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਰਘੁਬੀਰ ਸਿੰਘ ਨੇ ਦੱਸਿਆ ਕਿ ਸੀਮਾ ਸੁਰੱਖਿਆ ਬਲ ਦੀ ਮੇਟਲਾ ਚੌਕੀ ’ਤੇ ਤਾਇਨਾਤ 27 ਬਟਾਲੀਅਨ ਦੇ ਅਧਿਕਾਰੀ ਨੇ ਥਾਣਾ ਸਦਰ ਦੀ ਪੁਲਿਸ ਨੂੰ ਸੂਚਨਾ ਦਿੱਤੀ ਕਿ ਉਨ੍ਹਾਂ ਨੂੰ ਕਿਸਾਨ ਬਲਵਿੰਦਰ ਸਿੰਘ ਵੱਲੋਂ ਸੂਚਨਾ ਦਿੱਤੀ ਗਈ ਸੀ ਕਿ ਉਸ ਦੇ ਖੇਤਾਂ ’ਚੋਂ ਇੱਕ ਵੱਡਾ ਲਾਵਾਰਸ ਪੈਕਟ ਮਿਲਿਆ ਹੈ।
ਇਸ ਸੂਚਨਾ ਤੋਂ ਬਾਅਦ ਫੌਜ ਦੇ ਜਵਾਨਾਂ ਨੇ ਮੌਕੇ ’ਤੇ ਜਾ ਕੇ ਜਾਂਚ ਕੀਤੀ ਤਾਂ ਵੱਡੇ ਪੈਕੇਟ ’ਚੋਂ ਹੈਰੋਇਨ ਦੇ ਪੰਜ ਪੈਕਟ ਬਰਾਮਦ ਹੋਏ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਉਨ੍ਹਾਂ ਨੇ ਮੌਕੇ ’ਤੇ ਪਹੁੰਚ ਕੇ ਹੈਰੋਇਨ ਨੂੰ ਕਬਜ਼ੇ ’ਚ ਲੈ ਲਿਆ ਅਤੇ ਜਦੋਂ ਜਾਂਚ ਕੀਤੀ ਗਈ ਤਾਂ ਪੰਜ ਪੈਕਟਾਂ ’ਚ 2 ਕਿਲੋ 804 ਗ੍ਰਾਮ ਹੈਰੋਇਨ ਬਰਾਮਦ ਹੋਈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਸਬੰਧੀ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।