The Khalas Tv Blog Punjab ਪੰਚਾਇਤੀ ਚੋਣਾਂ ਦੌਰਾਨ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ’ਤੇ ਜ਼ਿਮਨੀ ਚੋਣਾਂ ਦਾ ਐਲਾਨ
Punjab

ਪੰਚਾਇਤੀ ਚੋਣਾਂ ਦੌਰਾਨ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ’ਤੇ ਜ਼ਿਮਨੀ ਚੋਣਾਂ ਦਾ ਐਲਾਨ

ਬਿਉਰੋ ਰਿਪੋਰਟ: ਅੱਜ ਦਿੱਲੀ ਵਿੱਚ ਚੋਣ ਕਮਿਸ਼ਨ ਦੀ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਮੁਤਾਬਕ ਬਰਨਾਲਾ, ਡੇਰਾ ਬਾਬਾ ਨਾਨਕ, ਚੱਬੇਵਾਲ ਅਤੇ ਗਿੱਦੜਬਾਹਾ ਵਿਧਾਨ ਸਭਾ ਸੀਟਾਂ ’ਤੇ 13 ਨਵੰਬਰ ਨੂੰ ਵੋਟਾਂ ਪੈਣਗੀਆਂ। ਨਤੀਜਾ 23 ਨਵੰਬਰ ਨੂੰ ਜਾਰੀ ਕੀਤਾ ਜਾਵੇਗਾ।

ਪੰਜਾਬ ਦੀਆਂ ਜਿਨ੍ਹਾਂ ਵਿਧਾਨ ਸਭਾ ਸੀਟਾਂ ’ਤੇ ਉਪ ਚੋਣਾਂ ਹੋਣੀਆਂ ਹਨ, ਉਨ੍ਹਾਂ ’ਚੋਂ 3 ਸੀਟਾਂ ਕਾਂਗਰਸ ਅਤੇ ਇੱਕ ਸੀਟ ਆਮ ਆਦਮੀ ਪਾਰਟੀ (ਆਪ) ਕੋਲ ਸੀ। ਇਸ ਸਾਲ ਲੋਕ ਸਭਾ ਚੋਣਾਂ ਦੌਰਾਨ ਇਨ੍ਹਾਂ ਸੀਟਾਂ ਦੇ ਵਿਧਾਇਕਾਂ ਦੇ ਸੰਸਦ ਮੈਂਬਰ ਚੁਣੇ ਜਾਣ ਤੋਂ ਬਾਅਦ ਇਹ ਸੀਟਾਂ ਖਾਲੀ ਹੋ ਗਈਆਂ ਸਨ।

ਦਰਅਸਲ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਦੀਆਂ ਇਨ੍ਹਾਂ ਚਾਰੇ ਸੀਟਾਂ ਤੋਂ ਵਿਧਾਇਕ ਹੁਣ ਸੰਸਦ ਮੈਂਬਰ ਬਣ ਗਏ ਹਨ। ਉਨ੍ਹਾਂ ਵਿਧਾਨ ਸਭਾ ਤੋਂ ਵੀ ਅਸਤੀਫਾ ਦੇ ਦਿੱਤਾ ਹੈ। ਬਰਨਾਲਾ ਤੋਂ ਵਿਧਾਇਕ ਰਹੇ ਗੁਰਮੀਤ ਸਿੰਘ ਮੀਤ ਹੇਅਰ ਹੁਣ ਸੰਗਰੂਰ ਤੋਂ ਸੰਸਦ ਮੈਂਬਰ ਹਨ। ਇਸ ਦੇ ਨਾਲ ਹੀ ਗਿੱਦੜਬਾਹਾ ਤੋਂ ਵਿਧਾਇਕ ਰਹੇ ਅਮਰਿੰਦਰ ਸਿੰਘ ਰਾਜਾ ਵੜਿੰਗ ਹੁਣ ਲੁਧਿਆਣਾ ਤੋਂ ਸੰਸਦ ਮੈਂਬਰ ਹਨ।

ਦੂਜੇ ਪਾਸੇ ਚੱਬੇਵਾਲ ਵਿਧਾਨ ਸਭਾ ਤੋਂ ਰਾਜ ਕੁਮਾਰ ਚੱਬੇਵਾਲ ਵਿਧਾਇਕ ਸਨ। ਹੁਣ ਉਹ ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਚੁਣੇ ਗਏ ਹਨ। ਇਸ ਦੇ ਨਾਲ ਹੀ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਰਹੇ ਸੁਖਜਿੰਦਰ ਸਿੰਘ ਰੰਧਾਵਾ ਹੁਣ ਗੁਰਦਾਸਪੁਰ ਤੋਂ ਸੰਸਦ ਮੈਂਬਰ ਬਣ ਗਏ ਹਨ।

Exit mobile version