ਰੋਪੜ : ਪੰਜਾਬ ਸਰਕਾਰ ਵੱਲੋਂ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਬਚਾ ਕੇ ਚੰਗੇ ਪਾਸੇ ਲਾਉਣ ਲਈ ਖੇਡਾਂ ਵਤਨ ਪੰਜਾਬ ਦੀਆਂ ਦਾ ਆਯੋਜਨ ਸੂਬੇ ਦੇ ਅਲੱਗ ਅਲੱਗ ਸ਼ਹਿਰਾਂ ਵਿੱਚ ਕੀਤਾ ਜਾ ਰਿਹਾ ਹੈ ।ਇਸੇ ਕੜੀ ਦੇ ਅਧੀਨ ਅੱਜ ਰੋਪੜ ਸ਼ਹਿਰ ਦੇ ਨਹਿਰੂ ਸਟੇਡੀਅਮ ਵਿੱਚ ਜ਼ਿਲ੍ਹਾ ਪੱਧਰੀ ਖੇਡਾਂ ਦੀ ਰਸਮੀ ਸ਼ੁਰੂਆਤ ਕੀਤੀ ਗਈ,ਜਿਸ ਦਾ ਉਦਘਾਟਨ ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਕੀਤਾ। ਇਸ ਦੌਰਾਨ ਯਾਦਗਾਰੀ ਪੱਲ ਉਦੋਂ ਬਣੇ,ਜਦੋਂ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਉਹ ਖੁੱਦ ਟਰੈਕ ਤੇ ਆਏ ਤੇ ਦੌੜ ਵਿੱਚ ਹਿੱਸਾ ਲਿਆ।
ਆਪਣੇ ਸੰਬੋਧਨ ਵਿੱਚ ਉਹਨਾਂ ਚਿੰਤਾ ਜ਼ਾਹਿਰ ਕੀਤੀ ਕਿ ਸ਼ਹੀਦਾਂ ਦੀ ਧਰਤੀ ਪੰਜਾਬ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਨਸ਼ਿਆਂ ਦੀ ਲਪੇਟ ਵਿਚ ਆ ਗਈ ਹੈ ਪਰ ਪੰਜਾਬ ਦੇ ਲੋਕਾਂ ਨੇ ਇਤਿਹਾਸਕ ਫੈਸਲਾ ਲਿਆ ਹੈ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿੱਚ ਸਰਕਾਰ ਬਣਾਈ ਹੈ। ਸਰਕਾਰ ਪਹਿਲੇ ਦਿਨ ਤੋਂ ਹੀ ਨਸ਼ਿਆਂ ਦੇ ਖਾਤਮੇ ਲਈ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ। ਓਸੇ ਲੜੀ ਤਹਿਤ ਖੇਡਾਂ ਵਤਨ ਪੰਜਾਬ ਦੀਆਂ ਕਰਵਾਉਣ ਦਾ ਉਪਰਾਲਾ ਕੀਤਾ ਗਿਆ ਹੈ ਤੇ ਪੰਜਾਬ ਨੂੰ ਖੇਡਾਂ ਵਿਚ ਮੁੜ ਅੱਵਲ ਬਣਾਉਣ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ।
ਭਗਵੰਤ ਸਿੰਘ ਮਾਨ ਪੂਰਨ ਇਮਾਨਦਾਰ ਮੁੱਖ ਮੰਤਰੀ ਹਨ, ਜਿਹੜੇ ਪੰਜਾਬ ਨੂੰ ਬੁਲੰਦੀਆਂ ਵੱਲ ਲੈ ਕੇ ਜਾ ਰਹੇ ਹਨ। ਉਹਨਾਂ ਦੱਸਿਆ ਕਿ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ 28 ਲੱਖ ਵਿਦਿਆਰਥੀ ਹਨ ਤੇ ਸਾਰੇ ਹੀ ਖ਼ਾਸ ਹਨ। ਹਰ ਵਿਦਿਆਰਥੀ ਵਿਚ ਕੋਈ ਨਾ ਕੋਈ ਪ੍ਰਤਿਭਾ ਹੈ ਤੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਉਹਨਾਂ ਨੂੰ ਹਰ ਮੰਚ ਦਿੱਤਾ ਜਾਵੇਗਾ। ਜਿਹੜਾ ਵਿਦਿਆਰਥੀ ਜੋ ਕੁਝ ਬਣਨਾ ਚਾਹੁੰਦਾ ਹੈ, ਉਹਨਾਂ ਉਸ ਸਬੰਧੀ ਹਰ ਸਹੂਲਤ ਦਿੱਤੀ ਜਾਵੇਗੀ। ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਨਾਲੋਂ ਵੀ ਬਿਹਤਰ ਬਣਾਉਣ ਵਿੱਚ ਕਸਰ ਨਹੀਂ ਛੱਡੀ ਜਾਵੇਗੀ। ਉਹਨਾਂ ਦੱਸਿਆ ਕਿ ਬਲਾਕ ਪੱਧਰ ਉੱਤੇ 10 ਹਜ਼ਾਰ ਖਿਡਾਰੀਆਂ ਨੇ ਹਿੱਸਾ ਲਿਆ ਤੇ ਇਹਨਾਂ ਖੇਡਾਂ ਪ੍ਰਤੀ ਖਿਡਾਰੀਆਂ ਵਿਚ ਬਹੁਤ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਆਪਣੇ ਸੰਬੋਧਨ ਵਿੱਚ ਉਹਨਾਂ ਕੋਚਾਂ ਦਾ ਉਚੇਚੇ ਤੌਰ ਉੱਤੇ ਧੰਨਵਾਦ ਕਰਦਿਆਂ ਪ੍ਰਸ਼ੰਸਾ ਕੀਤੀ ਕਿ ਘੱਟ ਸਰੋਤਾਂ ਦੇ ਬਾਵਜੂਦ ਕੋਚਾਂ ਨੇ ਹੁਣ ਤੱਕ ਬਹੁਤ ਮਿਹਨਤ ਨਾਲ ਪੰਜਾਬ ਨੂੰ ਖੇਡਾਂ ਦੇ ਮੈਦਾਨ ਵਿੱਚ ਕਾਇਮ ਰੱਖਿਆ ਹੈ।
ਕੈਬਨਿਟ ਮੰਤਰੀ ਨੇ ਖਿਡਾਰੀਆਂ ਨੂੰ ਖੇਡਾਂ ਦੀ ਭਾਵਨਾ ਨਾਲ ਇਹਨਾਂ ਖੇਡਾਂ ਵਿੱਚ ਹਿੱਸਾ ਲੈਣ ਤੇ ਆਪਣੇ ਜ਼ਿਲ੍ਹੇ ਅਤੇ ਅੱਗੇ ਆਪਣੇ ਸੂਬੇ ਤੇ ਦੇਸ਼ ਦਾ ਨਾਮ ਰੌਸ਼ਨ ਕਰਨ ਦੀ ਅਪੀਲ ਕੀਤੀ।