Punjab

ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਕੈਬਨਿਟ ਦੀ ਮੀਟਿੰਗ,ਲਏ ਗਏ ਕਈ ਅਹਿਮ ਫੈਸਲੇ

ਚੰਡੀਗੜ੍ਹ :  ਪੰਜਾਬ ਸਰਕਾਰ ਦੀ ਹੋਈ ਕੈਬਨਿਟ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ। ਪੰਜਾਬ ਮੰਤਰੀ ਮੰਡਲ ਨੇ ਸਾਂਝੀ ਪੇਂਡੂ ਜ਼ਮੀਨ ਦੀ ਪੂਰਨ ਮਾਲਕੀ ਗਰਾਮ ਪੰਚਾਇਤਾਂ ਨੂੰ ਦੇਣ ਦੇ ਉਦੇਸ਼ ਨਾਲ ਪੰਜਾਬ ਵਿਲੇਜ ਕਾਮਨ ਲੈਂਡਜ (ਰੈਗੁਲੇਸ਼ਨ) ਐਕਟ 1961 ਦੀ ਧਾਰਾ 2(ਜੀ) ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ।

ਇਸ ਤੋਂ ਇਲਾਵਾ ਪਰਾਲੀ ਦਾ ਸਹੀ ਨਿਪਟਾਰਾ ਕਰਨ ਲਈ ਉਦਯੋਗਿਕ ਤੇ ਵਪਾਰ ਵਿਕਾਸ ਪਾਲਿਸੀ-2017 ਅਤੇ ਡਿਟੇਲਡ ਸਕੀਮਜ਼ ਐਂਡ ਅਪਰੇਸ਼ਨਲ ਗਾਈਡਲਾਈਨਜ਼-2018 ਵਿੱਚ ਸੋਧ ਕੀਤੀ ਗਈ ਹੈ ਤੇ ਪਰਾਲੀ ਆਧਾਰਤ ਬਾਇਓ-ਫਿਊਲ ਪ੍ਰਾਜੈਕਟਾਂ ਵਾਸਤੇ ਰਿਆਇਤਾਂ ਦਾ ਐਲਾਨ ਵੀ ਕੀਤਾ ਗਿਆ ਹੈ । ਇਹਨਾਂ ਪ੍ਰਾਜੈਕਟਾਂ ਵਿੱਚ ਪਰਾਲੀ ਨੂੰ ਬਾਲਣ ਵਜੋਂ ਵਰਤਣ ਵਾਲੇ ਬੁਆਇਲਰ ਲਗਾਉਣ ਵਾਲੀਆਂ ਇਕਾਇਆਂ ਨੂੰ ਖਾਸ ਰਿਆਇਤ ਦਿੱਤੀ ਜਾਵੇਗੀ।

ਇਸ ਦੇ ਨਾਲ ਹੀ ਸੂਬੇ ਵਿੱਚ 5ਜੀ ਨੈੱਟਵਰਕ ਲਈ ਰਾਹ ਪੱਧਰਾ ਕਰਨ ਵਾਸਤੇ ਟੈਲੀਕਾਮ ਇਨਫਰਾਸਟ੍ਰਕਚਰ ਗਾਈਡਲਾਈਨਜ਼ 2020 ਵਿੱਚ ਸੋਧ ਨੂੰ ਹਰੀ ਝੰਡੀ ਦਿੱਤੀ ਗਈ ਹੈ ।ਪੰਜਾਬ ਕੈਬਨਿਟ ਨੇ ਇੰਡੀਅਨ ਟੈਲੀਗ੍ਰਾਫ ਰਾਈਟ ਆਫ ਵੇਅ ਰੂਲਜ਼ 2016 ਦੇ ਨਿਯਮ 2021 ਦੀ ਸੋਧ ਦੀ ਤਰਜ਼ ਉਤੇ ਟੈਲੀਕਾਮ ਇਨਫਰਾਸਟ੍ਰਕਚਰ ਗਾਈਡਲਾਈਨਜ਼ 2020 ਵਿੱਚ ਅਤੇ ਗਾਈਡਲਾਈਨਜ਼ ਰੈਗੁਲਰਾਈਜੇਸ਼ਨ ਟਾਵਰਜ਼ 2022 ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ। ਜਿਸ ਨਾਲ ਸੰਚਾਰ ਸਾਧਨਾਂ ਵਿੱਚ ਸੁਧਾਰ ਹੋਵੇਗਾ ਅਤੇ ਰਾਜ ਦੇ ਲੋਕਾਂ ਨੂੰ ਇਸ ਤੋਂ ਫਾਇਦਾ ਮਿਲੇਗਾ।

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਵਿੱਚ ਇੱਕ ਹੋਰ ਫੈਸਲਾ ਲਿਆ ਗਿਆ ਹੈ । ਰਾਜ ਵਿੱਚ ਵਪਾਰ ਕਰਨ ਨੂੰ ਹੋਰ ਸੁਖਾਲਾ ਬਣਾਉਣ ਅਤੇ ਕਰ ਦਾਤਾਵਾਂ ਨੂੰ ਸਹੂਲਤ ਦੇਣ ਲਈ ਪੰਜਾਬ ਗੁੱਡਜ਼ ਤੇ ਸਰਵਿਸਜ਼ ਟੈਕਸ ਐਕਟ, 2017 ਵਿੱਚ ਸੋਧ ਨੂੰ ਵੀ ਮਨਜ਼ੂਰੀ ਦੇ ਦਿੱਤੀ। ਇਸ ਸੋਧ ਨਾਲ ਰਿਟਰਨ ਭਰਨ ਨਾਲ ਸਬੰਧਤ ਸਮੁੱਚੀ ਪ੍ਰਕਿਰਿਆ ਸੁਚਾਰੂ ਤੇ ਰਿਫੰਡ ਨੂੰ ਤਰਕਸੰਗਤ ਬਣਾਉਣ ਵਿੱਚ ਮਦਦ ਮਿਲੇਗੀ। ਇਸ ਨਾਲ ਗਲਤ ਤਰੀਕੇ ਨਾਲ ਲਏ ਗਏ ਅਤੇ ਵਰਤੇ ਗਏ ਇਨਪੁੱਟ ਟੈਕਸ ਕਰੈਡਿਟ ਉਤੇ ਹੀ ਵਿਆਜ ਲੱਗਣਾ ਯਕੀਨੀ ਬਣੇਗਾ।

ਮੀਟਿੰਗ ਵਿੱਚ ਬਠਿੰਡਾ ਵਿੱਖੇ ਬਲਕ ਡਰੱਗ ਪਾਰਕ ਦੀ ਸਥਾਪਨਾ ਦੀ ਤਜਵੀਜ਼ ਵਾਪਸ ਲੈਣ ਤੇ ਵੀ ਸਹਿਮਤੀ ਬਣ ਗਈ ਹੈ। ਇਸ ਜ਼ਮੀਨ ਦੀ ਵਰਤੋਂ ਹੁਣ ਹੋਰ ਵਿਕਾਸ ਕਾਰਜਾਂ ਵਿੱਚ ਕੀਤੀ ਜਾਵੇਗੀ।

27 ਸਤੰਬਰ ਨੂੰ ਹੋਣ ਵਾਲੇ ਵਿਧਾਨ ਸਭਾ ਦੇ ਤੀਜੇ ਸੈਸ਼ਨ ਤੋਂ ਪਹਿਲਾਂ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਹੋਈ ਹੈ ,ਜਿਸ ਵਿੱਚ ਜੀਐਸਟੀ ਤੇ ਪਰਾਲੀ ਮੁੱਦੇ ‘ਤੇ ਚਰਚਾ ਹੋਈ ਹੈ। ਉਸ ਗੱਲ ਦੀ ਜਾਣਕਾਰੀ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦਿੱਤੀ ਹੈ। ਇਸ ਤੋਂ ਇਲਾਵਾ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਵੱਲੋਂ ਸਮਾਜਿਕ ਸੁਰੱਖਿਆ,ਬੇਅਦਬੀ,ਐਸਵਾਈਐਲ ਤੇ ਮਹਿਲਾਵਾਂ ਨੂੰ 1000 ਰੁਪਏ ਦੇਣ ਵਰਗੇ ਮੁੱਦਿਆਂ ‘ਤੇ ਚਰਚਾ ਕਰਨ ਦੀ ਸਲਾਹ ‘ਤੇ ਵੀ ਗੌਰ ਕਰਨ ਦੀ ਗੱਲ ਉਹਨਾਂ ਕਹੀ ਹੈ ਤੇ ਇਹ ਵੀ ਸਾਫ਼ ਕੀਤਾ ਹੈ ਕਿ ਬਿਜ਼ਨੈਸ ਐਡਵਾਈਜ਼ਰੀ ਕਮੇਟੀ ਕੱਲ ਨੂੰ ਵਿਧਾਨ ਸਭਾ ਵਿੱਚ ਵਿਚਾਰੇ ਜਾਣ ਵਾਲੇ ਮੁੱਦੇ ਤੈਅ ਕਰੇਗੀ।

ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਹੈ ਕਿ ਕਈ ਮੁੱਦਿਆਂ ਤੇ ਇਸ ਮੀਟਿੰਗ ਵਿੱਚ ਚਰਚਾ ਹੋਈ ਹੈ। ਪਰਾਲੀ ਦੇ ਮੁੱਦੇ ਤੋਂ ਲੈ ਕੇ ਬਿਜਲੀ ਤੇ ਜੀਐਸਟੀ ਮਾਮਲਿਆਂ ਨਾਲ ਸਬੰਧਿਤ ਮੁੱਦਿਆਂ ਨੂੰ ਕੈਬਨਿਟ ਦੀ ਮੀਟਿੰਗ ਵਿੱਚ ਮੰਜੂਰੀ ਮਿਲੀ ਹੈ। ਇਸ ਤੋਂ ਇਲਾਵਾ ਪੰਜਾਬ ਦੇ ਹੋਰ ਭੱਖਦੇ ਹੋਏ ਮੁੱਦਿਆਂ ਤੇ ਗੱਲ ਹੋਵੇਗੀ। ਉਹਨਾਂ ਇਹ ਵੀ ਜਾਣਕਾਰੀ ਦਿੱਤੀ ਹੈ ਕਿ ਕੱਲ ਨੂੰ 11 ਵਜੇ ਸ਼ੁਰੂ ਹੋਣ ਵਾਲੇ ਸੈਸ਼ਨ ਦੀ ਸ਼ੁਰੂਆਤ ਸ਼ਰਧਾਂਜਲੀਂ ਤੋਂ ਹੋਵੇਗੀ ਤੇ ਉਸ ਤੋਂ ਬਾਅਦ ਬਿਜ਼ਨੈਸ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਹੋਵੇਗੀ ,ਜਿਸ ਵਿੱਚ ਸਾਰੀਆਂ ਪਾਰਟੀਆਂ ਦੇ ਨੁਮਾਂਇੰਦੇ ਸ਼ਾਮਲ ਹੋਣਗੇ । ਇਸ ਤੋਂ ਇਲਾਵਾ ਵਿਰੋਧੀ ਪਾਰਟੀਆਂ ਵੱਲੋਂ ਦਿੱਤੇ ਜਾਣ ਵਾਲੇ ਸਲਾਹ-ਮਸ਼ਵਰਿਆਂ ਤੇ ਵੀ ਗੋਰ ਕੀਤੀ ਜਾਵੇਗੀ।