ਭਾਰਤ ਵਿੱਚ ਲੋਕ ਸਭਾ ਚੋਣਾਂ ਦਾ ਪਹਿਲਾ ਗੇੜ ਸ਼ੁਰੂ ਹੋ ਗਿਆ ਹੈ ਤੇ ਕੁੱਲ 7 ਗੇੜਾਂ ਵਿੱਚ ਸਾਰੀਆਂ ਵੋਟਾਂ ਪੈਣਗੀਆਂ। ਇਸ ਨੂੰ ਵੇਖਦਿਆਂ ਕੈਨੇਡਾ ਨੇ ਆਪਣੇ ਨਾਗਰਿਕਾਂ ਲਈ ਖ਼ਾਸ ਐਡਵਾਈਜ਼ਰੀ ਜਾਰੀ ਕੀਤੀ ਹੈ। ਕੈਨੇਡਾ ਨੇ ਆਪਣੇ ਨਾਗਰਿਆਂ ਨੂੰ ਸਲਾਹ ਦਿੱਤੀ ਹੈ ਕਿ ਉਹ ਮਈ ਤੋਂ ਜੂਨ ਮਹੀਨੇ ਅੰਦਰ ਭਾਰਤ ਦੀ ਯਾਤਰਾ ਨਾ ਕਰਨ ਅਤੇ ਜਿਹੜੇ ਨਾਗਰਿਕ ਭਾਰਤ ਵਿੱਚ ਹਨ, ਉਨ੍ਹਾਂ ਨੂੰ ਉਹ ਥਾਵਾਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਹੈ ਜਿੱਥੇ ਲੋਕ ਵੱਡੇ ਪੱਧਰ ‘ਤੇ ਇਕੱਠੇ ਹੋ ਰਹੇ ਹਨ ਜਾਂ ਪ੍ਰਦਰਸ਼ਨ ਕਰ ਰਹੇ ਹੋਣ।
ਕੈਨੇਡੀਅਨ ਸਰਕਾਰ ਵੱਲੋਂ ਜਾਰੀ ਐਡਵਾਈਜ਼ਰੀ ਦੇ ਅਨੁਸਾਰ, ਨਾਗਰਿਕਾਂ ਨੂੰ ਪੂਰੇ ਦੇਸ਼ ਵਿੱਚ ਅੱਤਵਾਦੀ ਹਮਲਿਆਂ ਦੇ ਖ਼ਤਰੇ ਕਾਰਨ ਭਾਰਤ ਵਿੱਚ ਉੱਚ ਪੱਧਰੀ ਸਾਵਧਾਨੀ ਵਰਤਣ ਲਈ ਕਿਹਾ ਗਿਆ ਹੈ। ਕੈਨੇਡਾ ਦਾ ਇਹ ਵੀ ਕਹਿਣਾ ਹੈ ਕਿ ਚੋਣਾਂ ਦੌਰਾਨ ਭਾਰਤ ਵਿੱਚ ਵਿਰੋਧ ਪ੍ਰਦਰਸ਼ਨ ਹੋ ਸਕਦੇ ਹਨ। ਕੈਨੇਡਾ ਨੇ ਭਾਰਤ ਵਿੱਚ ‘ਅਣ ਐਲਾਨੇ ਕਰਫਿਊ’ ਦਾ ਖਦਸ਼ਾ ਪ੍ਰਗਟਾਇਆ ਹੈ।
ਕੈਨੇਡਾ ਨੇ ਆਪਣੇ ਨਾਗਰਿਕਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਚੋਣ ਪ੍ਰਕਿਰਿਆ ਦੌਰਾਨ ਆਵਾਜਾਈ ਦੀ ਸਮੱਸਿਆ ਹੋ ਸਕਦੀ ਹੈ ਤੇ ਜਨਤਕ ਆਵਾਜਾਈ ਵੀ ਪ੍ਰਭਾਵਿਤ ਹੋ ਸਕਦੀ ਹੈ। ਕੈਨੇਡਾ ਦਾ ਕਹਿਣਾ ਹੈ ਕਿ ਇਸ ਸਮੇਂ ਦੌਰਾਨ ‘ਬਿਨਾਂ ਨੋਟਿਸ ਦੇ ਵੀ ਕਰਫਿਊ ਲਗਾਇਆ ਜਾ ਸਕਦਾ ਹੈ।’
ਕੈਨੇਡਾ ਵੱਲੋਂ ਬੁੱਧਵਾਰ ਨੂੰ ਜਾਰੀ ਟਰੈਵਲ ਐਡਵਾਈਜ਼ਰੀ ‘ਚ ਕਿਹਾ ਗਿਆ ਹੈ ਕਿ ਭਾਰਤ ‘ਚ ਰਹਿੰਦਿਆਂ ਵੱਧ ਤੋਂ ਵੱਧ ਸਾਵਧਾਨੀ ਵਰਤਣੀ ਚਾਹੀਦੀ ਹੈ। ਇਸ ਤੋਂ ਇਲਾਵਾ ਸੰਸਦੀ ਚੋਣਾਂ ਨੂੰ ਲੈ ਕੇ ਐਡਵਾਈਜ਼ਰੀ ‘ਚ ਇੱਕ ਹਿੱਸਾ ਵੀ ਸ਼ਾਮਲ ਕੀਤਾ ਗਿਆ ਹੈ, ਜਿਸ ‘ਚ ਲਿਖਿਆ ਹੈ, ‘ਆਮ ਚੋਣਾਂ 19 ਅਪ੍ਰੈਲ ਤੋਂ 1 ਜੂਨ 2024 ਤੱਕ ਹੋਣੀਆਂ ਹਨ। ਚੋਣਾਂ ਤੋਂ ਪਹਿਲਾਂ, ਦੌਰਾਨ ਅਤੇ ਬਾਅਦ ਵਿੱਚ ਪ੍ਰਦਰਸ਼ਨ ਹੋ ਸਕਦੇ ਹਨ।
ਇਸ ਤੋਂ ਇਲਾਵਾ ਕੈਨੇਡਾ ਵੱਲੋਂ ਪਿਛਲੇ ਸਾਲ ਅਕਤੂਬਰ ਵਿੱਚ ਜਾਰੀ ਕੀਤੀ ਗਈ ਐਡਵਾਈਜ਼ਰੀ ਵਿੱਚ ਕਈ ਪੁਰਾਣੀਆਂ ਗੱਲਾਂ ਵੀ ਸ਼ਾਮਲ ਹਨ। ਉਸ ਦੌਰਾਨ ਕੈਨੇਡਾ ਨੇ ਕਿਹਾ ਸੀ, ‘ਕੈਨੇਡਾ ਅਤੇ ਭਾਰਤ ਦਰਮਿਆਨ ਵਾਪਰੀਆਂ ਘਟਨਾਵਾਂ ਦੇ ਸੰਦਰਭ ਵਿੱਚ ਰਵਾਇਤੀ ਮੀਡੀਆ ਤੇ ਸੋਸ਼ਲ ਮੀਡੀਆ ਵਿੱਚ ਕੈਨੇਡਾ ਵਿਰੁੱਧ ਨਕਾਰਾਤਮਕ ਭਾਵਨਾਵਾਂ ਤੇ ਵਿਰੋਧ ਜਤਾਇਆ ਜਾ ਰਿਹਾ ਹੈ। ਕੈਨੇਡੀਅਨ ਵਿਰੋਧੀ ਪ੍ਰਦਰਸ਼ਨ ਹੋ ਸਕਦੇ ਹਨ, ਜਿਸ ਵਿੱਚ ਕੈਨੇਡੀਅਨਾਂ ਨੂੰ ਪਰੇਸ਼ਾਨੀ ਦਾ ਸ਼ਿਕਾਰ ਹੋਣਾ ਪੈ ਸਕਦਾ ਹੈ।
ਇਸ ਤੋਂ ਇਲਾਵਾ, ‘ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ ‘ਚ, ਤੁਹਾਨੂੰ ਅਜਨਬੀਆਂ ਤੋਂ ਦੂਰੀ ਬਣਾਈ ਰੱਖਣੀ ਚਾਹੀਦੀ ਹੈ ਅਤੇ ਆਪਣੀ ਨਿੱਜੀ ਜਾਣਕਾਰੀ ਸਾਂਝੀ ਨਹੀਂ ਕਰਨੀ ਚਾਹੀਦੀ। ਜਨਤਕ ਆਵਾਜਾਈ ਸਣੇ ਭੀੜ ਵਾਲੀਆਂ ਥਾਵਾਂ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਤੁਹਾਨੂੰ ਹਮੇਸ਼ਾ ਕਿਸੇ ਨਾਲ ਯਾਤਰਾ ਕਰਨੀ ਚਾਹੀਦੀ ਹੈ ਤੇ ਯਾਤਰਾ ਬਾਰੇ ਆਪਣੇ ਦੋਸਤਾਂ ਜਾਂ ਪਰਿਵਾਰ ਨੂੰ ਦੱਸਣਾ ਚਾਹੀਦਾ ਹੈ।