‘ਦ ਖ਼ਾਲਸ ਬਿਊਰੋ : ਕੈਨੇਡਾ (Canada) ਦੇ ਇਮੀਗ੍ਰੇਸ਼ਨ (Immigration) ਮੰਤਰੀ ਸੀਨ ਫਰੇਜ਼ਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ (International Students) ਦੇ ਲਈ ਵੱਡਾ ਐਲਾਨ ਕੀਤਾ ਹੈ। ਕੈਨੇਡਾ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਉੱਤੇ ਲੱਗੀ ਸਿਰਫ਼ 20 ਘੰਟੇ ਕੰਮ (Working Hours) ਕਰ ਸਕਣ ਵਾਲੀ ਸ਼ਰਤ ਨੂੰ ਖ਼ਤਮ ਕਰ ਦਿੱਤਾ ਹੈ। ਵਿਦਿਆਰਥੀ ਹੁਣ 15 ਨਵੰਬਰ ਤੋਂ ਸਾਲ 2023 ਦੇ ਅੰਤ ਤੱਕ 20 ਘੰਟਿਆਂ ਤੋਂ ਵੱਧ ਕੰਮ ਕਰ ਸਕਦੇ ਹਨ। ਕੈਨੇਡਾ ਵਿੱਚ ਕਾਮਿਆਂ ਦੀ ਘਾਟ ਪੂਰੀ ਕਰਨ ਲਈ ਸਰਕਾਰ (Canada Government) ਨੇ ਇੱਕ ਸਾਲਾ ਪਾਇਲਟ ਪ੍ਰੌਜੈਕਟ ਅਧੀਨ ਇਹ ਫੈਸਲਾ ਲਿਆ ਹੈ।
ਇਸ ਫੈਸਲੇ ਨਾਲ ਕੈਨੇਡਾ ਵਿੱਚ ਰਹਿ ਰਹੇ ਪੰਜ ਲੱਖ ਦੇ ਕਰੀਬ ਅੰਤਰਰਾਸ਼ਟਰੀ ਵਿਦਿਆਰਥੀ ਪੜ੍ਹਾਈ ਦੇ ਨਾਲ ਨਾਲ ਪੂਰਾ ਕੰਮ ਵੀ ਕਰ ਸਕਣਗੇ ਅਤੇ ਪੂਰਾ ਕੰਮ ਕਰਨ ਦੀ ਖੁੱਲ੍ਹ ਹੋ ਜਾਣ ਨਾਲ ਕੁਝ ਕੰਮ ਮਾਲਕਾਂ ਵੱਲੋਂ ਕੀਤੀ ਜਾਂਦੀ ਲੁੱਟ-ਖਸੁੱਟ ਵੀ ਘੱਟ ਜਾਵੇਗੀ।
ਕੁਝ ਸਮਾਂ ਪਹਿਲਾਂ ਭਾਰਤ ਸਰਕਾਰ ਨੇ ਕੈਨੇਡਾ ਵਿੱਚ ਰਹਿ ਰਹੇ ਭਾਰਤੀ ਨਾਗਰਿਕਾਂ ਅਤੇ ਵਿਦਿਆਰਥੀਆਂ ਲਈ ਇੱਕ ਐਡਵਾਈਜ਼ਰੀ ਜਾਰੀ ਕਰਕੇ ਚੌਕਸ ਕੀਤਾ ਸੀ। ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਵੱਲੋਂ ਕੀਤੇ ਗਏ ਇੱਕ ਟਵੀਟ ਵਿੱਚ ਕਿਹਾ ਗਿਆ ਸੀ, ‘ਕੈਨੇਡਾ ਵਿੱਚ ਨਫ਼ਰਤੀ ਅਪਰਾਧ, ਖੇਤਰੀ ਹਿੰਸਾ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਦੀਆਂ ਘਟਨਾਵਾਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਵਿਦੇਸ਼ ਮੰਤਰਾਲੇ ਅਤੇ ਕੈਨੇਡਾ ਵਿੱਚ ਸਾਡੇ ਹਾਈ ਕਮਿਸ਼ਨ ਕੌਂਸਲੇਟ ਨੇ ਇਨ੍ਹਾਂ ਘਟਨਾਵਾਂ ਨੂੰ ਕੈਨੇਡੀਅਨ ਅਧਿਕਾਰੀਆਂ ਕੋਲ ਉਠਾਇਆ ਹੈ ਅਤੇ ਉਨ੍ਹਾਂ ਨੂੰ ਉਪਰੋਕਤ ਅਪਰਾਧਾਂ ਦੀ ਜਾਂਚ ਕਰਨ ਅਤੇ ਬਣਦੀ ਕਾਰਵਾਈ ਕਰਨ ਦੀ ਬੇਨਤੀ ਕੀਤੀ ਹੈ। ਕੈਨੇਡਾ ਵਿੱਚ ਇਨ੍ਹਾਂ ਅਪਰਾਧਾਂ ਦੇ ਦੋਸ਼ੀਆਂ ਨੂੰ ਅਜੇ ਤੱਕ ਨਿਆਂ ਦੇ ਕਟਹਿਰੇ ਵਿੱਚ ਨਹੀਂ ਲਿਆਂਦਾ ਗਿਆ।
ਉਪਰੋਕਤ ਅਪਰਾਧਾਂ ਦੀਆਂ ਵੱਧ ਰਹੀਆਂ ਘਟਨਾਵਾਂ ਦੇ ਮੱਦੇਨਜ਼ਰ, ਕੈਨੇਡਾ ਵਿੱਚ ਭਾਰਤੀ ਨਾਗਰਿਕਾਂ ਅਤੇ ਭਾਰਤ ਦੇ ਵਿਦਿਆਰਥੀਆਂ, ਯਾਤਰਾ/ਸਿੱਖਿਆ ਲਈ ਕੈਨੇਡਾ ਆਉਣ ਵਾਲੇ ਭਾਰਤੀਆਂ ਨੂੰ ਸਾਵਧਾਨੀ ਵਰਤਣ ਅਤੇ ਸੁਚੇਤ ਰਹਿਣ ਦੀ ਸਲਾਹ ਦਿੱਤੀ ਦਿੱਤੀ ਗਈ ਸੀ।