‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਫ਼ਗਾਨਿਸਤਾਨ ਵਿੱਚ ਹਾਲਾਤ ਲਗਾਤਾਰ ਤਣਾਅਪੂਰਨ ਬਣਦੇ ਜਾ ਰਹੇ ਹਨ। ਵੱਖ-ਵੱਖ ਮੁਲਕਾਂ ਵੱਲੋਂ ਅਫ਼ਗਾਨਿਤਸਾਨ ਵਿੱਚ ਵੱਸਦੇ ਆਪਣੇ ਨਾਗਰਿਕਾਂ ਨੂੰ ਕੱਢਣ ਲਈ ਕਈ ਯਤਨ ਕੀਤੇ ਜਾ ਰਹੇ ਹਨ। ਕੈਨੇਡਾ ਦੇ ਇਮੀਗ੍ਰੇਸ਼ਨ, ਰਿਫਿਊਜੀਜ਼ ਅਤੇ ਸਿਟੀਜ਼ਨਸ਼ਿਪ ਮੰਤਰੀ ਮਾਰਕੋ ਮੈਂਡੀਸੀਨੋ ਨੇ ਅਫ਼ਗਾਨਿਸਤਾਨ ਦੇ ਰਿਫਿਊਜੀਆਂ ਬਾਰੇ ਇੱਕ ਅਹਿਮ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕੈਨੇਡਾ ਆਪਣੇ ਪਹਿਲਾਂ ਤੋਂ ਜਾਰੀ ਵਿਸ਼ੇਸ਼ ਇਮੀਗ੍ਰੇਸ਼ਨ ਪ੍ਰੋਗਰਾਮ ਤਹਿਤ 20 ਹਜ਼ਾਰ ਅਫ਼ਗਾਨ ਰਿਫਿਊਜੀਆਂ ਦਾ ਸਵਾਗਤ ਕਰੇਗਾ। ਉਨ੍ਹਾਂ ਨੇ ਕਿਹਾ ਕਿ ਇਸ ਦਿਸ਼ਾ ਵਿੱਚ ਕੀਤੀਆਂ ਜਾਣ ਵਾਲੀਆਂ ਕੋਸ਼ਿਸ਼ਾਂ ਦੇ ਕੇਂਦਰ ਵਿੱਚ ਔਰਤਾਂ ਸਮੇਤ ਉਹ ਲੋਕ ਸ਼ਾਮਿਲ ਹੋਣਗੇ, ਜਿਨ੍ਹਾਂ ਨੂੰ ਖ਼ਾਸ ਤੌਰ ‘ਤੇ ਖ਼ਤਰਾ ਹੈ। ਉਨ੍ਹਾਂ ਨੇ ਕਿਹਾ ਕਿ ਅਫ਼ਗਾਨਿਸਤਾਨ ਵਿੱਚ ਕੈਨੇਡੀਅਨ ਮਿਸ਼ਨ ਦੇ ਮਦਦਗਾਰ ਅਫ਼ਗਾਨਾਂ ਨੂੰ ਉੱਥੋਂ ਕੱਢਣ ਲਈ ਯਤਨ ਕਰ ਰਿਹਾ ਹੈ।
ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਨੇਡਾ ਸਰਕਾਰ ਨੇ ਆਉਣ ਵਾਲੇ ਮਹੀਨਿਆਂ ਦੌਰਾਨ ਅਫ਼ਗਾਨ ਹਿੰਦੂ ਅਤੇ ਸਿੱਖ ਪਰਿਵਾਰਾਂ ਦੇ ਇੱਕ ਸਮੂਹ ਦੇ ਅਫ਼ਗਾਨਿਸਤਾਨ ਤੋਂ ਬਾਹਰ ਮੁੜ ਵਸੇਬੇ ਲਈ ਮਨਮੀਤ ਸਿੰਘ ਭੁੱਲਰ ਫਾਊਂਡੇਸ਼ਨ ਨਾਲ ਇੱਕ ਮੈਮੋਰੈਂਡਮ ਆਫ਼ ਅੰਡਰਸਟੈਂਡਿੰਗ ਸਹੀਬੱਧ ਕੀਤਾ ਹੈ।
ਉਨ੍ਹਾਂ ਨੇ ਕਿਹਾ ਕਿ ਕਈ ਹੋਰ ਹਿੰਦੂ ਅਤੇ ਸਿੱਖਾਂ ਨੂੰ ਮੁੜ ਵਸਾਉਣ ਲਈ ਇਸ ਪ੍ਰੋਗਰਾਮ ਦਾ ਵਿਸਥਾਰ ਕੀਤਾ ਜਾਵੇਗਾ।