International

ਕੈਨੇਡਾ ‘ਚ 8 ਸਤੰਬਰ ਤੋਂ ਸਕੂਲ ਖੋਲ੍ਹਣ ਦੀ ਤਿਆਰੀ, ਜਾਰੀ ਕੀਤੇ ਖ਼ਾਸ ਦਿਸ਼ਾ-ਨਿਰਦੇਸ਼

‘ਦ ਖ਼ਾਲਸ ਬਿਊਰੋ:- ਕੋਰੋਨਾਵਾਇਰਸ ਦੌਰਾਨ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿੱਚ ਕਿੰਡਰਗਾਰਟਨ ਤੋਂ ਗ੍ਰੇਡ 12 ਤੱਕ ਦੇ ਵਿਦਿਆਰਥੀਆਂ ਲਈ 8 ਸਤੰਬਰ ਤੋਂ ਸਕੂਲ ਖੁੱਲ੍ਹ ਜਾਣਗੇ। ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਿੱਖਿਆ ਮੰਤਰੀ ਰੌਬ ਫ਼ਲੈਮਿੰਗ ਨੇ ਕਿਹਾ ਕਿ ਬ੍ਰਿਟਿਸ਼ ਕੋਲੰਬੀਆ ਕੋਵਿਡ-19 ਐਕਸ਼ਨ ਪਲੈਨ ਤਹਿਤ ਸਕੂਲਾਂ ਵਿੱਚ ਸੁਰੱਖਿਆ ਅਤੇ ਸਿਹਤ ਨੂੰ ਯਕੀਨੀ ਬਣਾਉਣ ਲਈ 45.6 ਮਿਲੀਅਨ ਡਾਲਰ ਦਾ ਨਿਵੇਸ਼ ਕਰੇਗਾ।

ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਲਰਨਿੰਗ ਗਰੁੱਪਾਂ ਵਿੱਚ ਵੰਡਿਆ ਜਾਵੇਗਾ ਅਤੇ ਇਨ੍ਹਾਂ ਗਰੁੱਪਾਂ ਦੀ ਸਹਾਇਤਾ ਨਾਲ ਵਿਦਿਆਰਥੀਆਂ ਨੂੰ ਜ਼ਿਆਦਾ ਲੋਕਾਂ ਦੇ ਸੰਪਰਕ ਵਿੱਚ ਆਉਣ ਤੋਂ ਰੋਕਿਆ ਜਾ ਸਕੇਗਾ ਅਤੇ ਕੋਵਿਡ-19 ਦੇ ਫੈਲਾਅ ਦਾ ਖਤਰਾ ਵੀ ਘਟੇਗਾ। ਸਿੱਖਿਆ ਮੰਤਰੀ ਨੇ ਕਿਹਾ ਕਿ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਕਲਾਸ-ਰੂਮਜ਼ ਇੱਕ ਬਹੁਤ ਜ਼ਰੂਰੀ ਹਿੱਸਾ ਹਨ। ਇਸ ਲਈ ਅਸੀਂ ਪੂਰੀ ਕੋਸ਼ਿਸ਼ ਕਰ ਰਹੇ ਹਾਂ ਕਿ ਵਿਦਿਆਰਥੀ ਅਗਲੇ ਸਾਲ ਸਕੂਲ ਵਿੱਚ ਆਪਣੇ ਅਧਿਆਪਕਾਂ ਅਤੇ ਜਮਾਤੀਆਂ ਨਾਲ ਸੁਰੱਖਿਅਤ ਤਰੀਕੇ ਨਾਲ ਪੜ੍ਹਾਈ ਕਰ ਸਕਣ।

ਬ੍ਰਿਟਿਸ਼ ਕੋਲੰਬੀਆ ਦੀ ਸੂਬਾਈ ਸਿਹਤ ਅਫਸਰ ਡਾ. ਬੌਨੀ ਹੈਨਰੀ ਨੇ ਕਿਹਾ ਕਿ ਬੱਚਿਆਂ ਦੀ ਮਾਨਸਿਕ ਅਤੇ ਭਾਵਨਾਤਮਕ ਸਿਹਤ ਬਰਕਰਾਰ ਰੱਖਣ ਲਈ ਉਨ੍ਹਾਂ ਦਾ ਸਕੂਲ ਜਾਣਾ ਬੇਹੱਦ ਜ਼ਰੂਰੀ ਹੈ। ਸਕੂਲ ਜਾ ਕੇ ਹੀ ਉਹ ਇੱਕ ਦੂਜੇ ਨਾਲ ਘੁਲ-ਮਿਲ ਸਕਦੇ ਹਨ ਪਰ ਇਹ ਬਹੁਤ ਹੀ ਮਹੱਤਵਪੂਰਨ ਹੈ ਕਿ ਅਜਿਹਾ ਇੱਕ ਸੁਰੱਖਿਅਤ ਤਰੀਕੇ ਨਾਲ ਕੀਤਾ ਜਾਵੇ।