Punjab

ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੱਖਿਆ ਜੱਲ੍ਹਿਆਂਵਾਲਾ ਬਾਗ ਸ਼ਤਾਬਦੀ ਸਮਾਰਕ ਦਾ ਨੀਂਹ ਪੱਥਰ

‘ਦ ਖ਼ਾਲਸ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅਨੰਦ ਅੰਮ੍ਰਿਤ ਪਾਰਕ ਵਿੱਚ ਜੱਲ੍ਹਿਆਂਵਾਲਾ ਬਾਗ ਸ਼ਤਾਬਦੀ ਸਮਾਰਕ ਦਾ ਚੰਡੀਗੜ੍ਹ ਬੈਠਿਆਂ ਵਰਚੁਅਲੀ ਨੀਂਹ ਪਥਰ ਰੱਖਿਆ। ਕੈਪਟਨ ਸੰਘਣੀ ਧੁੰਦ ਪੈਣ ਕਰਕੇ ਖ਼ਰਾਬ ਮੌਸਮ ਦੇ ਚੱਲਦਿਆਂ ਅੰਮ੍ਰਿਤਸਰ ਨਹੀਂ ਪਹੁੰਚ ਸਕੇ। ਕੈਪਟਨ ਨੇ ਸਮਾਗਮ ਦੌਰਾਨ ਸ਼ਹੀਦਾਂ ਦੀ ਅਸਲੀ ਗਿਣਤੀ ਅਤੇ ਉਨ੍ਹਾਂ ਦਾ ਪਤਾ ਲਾਉਣ ਲਈ ਖੋਜ ਕਰਨ ਵਾਸਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਇੱਕ ਵਿਸ਼ੇਸ਼ ਚੇਅਰ ਸਥਾਪਤ ਕਰਨ ਦਾ ਵੀ ਐਲਾਨ ਕੀਤਾ ਹੈ।

ਪੰਜਾਬ ਸਰਕਾਰ ਨੇ ਸ਼ਹੀਦਾਂ ਦੇ ਪਿੰਡਾਂ ਵਿੱਚ ਇਸੇ ਤਰ੍ਹਾਂ ਦੇ ਛੋਟੇ ਯਾਦਗਾਰੀ ਸਮਾਰਕ ਬਣਾਉਣ ਦਾ ਵੀ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਲੇਪਾਣੀ ਦੇ ਸ਼ਹੀਦਾਂ ਦੀ ਯਾਦ ਵਿੱਚ ਵੀ ਪੰਜਾਬ ਵਿੱਚ ਇੱਕ ਸਮਾਰਕ ਬਣਾਇਆ ਜਾਵੇਗਾ। ਜੱਲ੍ਹਿਆਂਵਾਲਾ ਬਾਗ ਸ਼ਤਾਬਦੀ ਸਮਾਰਕ ਨੂੰ ਬਣਾਉਣ ਵਾਸਤੇ ਸ਼ਹੀਦਾਂ ਦੇ ਘਰਾਂ ਅਤੇ ਪਿੰਡਾਂ ਦੀ ਮਿੱਟੀ ਇੱਥੇ ਲਿਆਂਦੀ ਗਈ ਹੈ, ਜਿਸ ਨੂੰ ਇੱਥੇ ਨੀਹਾਂ ਵਿੱਚ ਪਾਇਆ ਜਾਵੇਗਾ। ਇਸ ਮੌਕੇ ਜੱਲ੍ਹਿਆਂਵਾਲਾ ਬਾਗ਼ ਸਾਕੇ ਦੇ 28 ਸ਼ਹੀਦਾਂ ਦੇ ਪਰਿਵਾਰਾਂ ਨੂੰ ਸਰਕਾਰ ਵੱਲੋਂ ਸਨਮਾਨਤ ਵੀ ਕੀਤਾ ਗਿਆ।