ਬਿਊਰੋ ਰਿਪੋਰਟ: ਕਾਂਗਰਸੀ ਆਗੂ, ਸਾਬਕਾ ਉਪ ਮੁੱਖ ਮੰਤਰੀ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਨੇ ਪੰਜਾਬ ਅੰਦਰ ਬੇਅਦਬੀਆਂ ਤੇ ਨਸ਼ਿਆਂ ਦੇ ਮਾਮਲੇ ਨੂੰ ਲੈ ਕੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਘੇਰਦਿਆਂ ਉਨ੍ਹਾਂ ’ਤੇ ਗੰਭੀਰ ਇਲਜ਼ਾਮ ਲਾਏ ਹਨ। ਉਨ੍ਹਾਂ ਬਿਆਨ ਦਿੱਤਾ ਹੈ ਕਿ ਕੈਪਟਨ ਸਾਹਿਬ ਬੇਅਦਬੀ ਅਤੇ ਨਸ਼ੇ ਦੇ ਮਾਮਲਿਆਂ ਵਿੱਚ ਅਕਾਲੀ ਆਗੂਆਂ ਨਾਲ ਮਿਲੀਭੁਗਤ ਕਰ ਰਹੇ ਹਨ ਅਤੇ ਕਿਹਾ ਕਿ ਹੁਣ ਨਾ ਤਾਂ ਗੁਰੂ ਉਨ੍ਹਾਂ ਨੂੰ ਮੁਆਫ਼ ਕਰਨਗੇ ਅਤੇ ਨਾ ਹੀ ਪੰਜਾਬ ਦੇ ਲੋਕ।
ਕੈਪਟਨ ਅਮਰਿੰਦਰ ਸਿੰਘ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਰਾਜਨੀਤੀ ਵਿੱਚ ਬਹੁਤੇ ਸਰਗਰਮ ਨਹੀਂ ਰਹੇ ਹਨ। ਹਾਲਾਂਕਿ, ਉਨ੍ਹਾਂ ਨੇ ਹਾਲ ਹੀ ਵਿੱਚ ਇੱਕ ਫੇਸਬੁੱਕ ਪੋਸਟ ਰਾਹੀਂ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਲਿਖਿਆ ਹੈ ਕਿ ਪੰਜਾਬ ਸਰਕਾਰ ਸਸਤੀ ਪ੍ਰਸਿੱਧੀ ਅਤੇ ਰਾਜਨੀਤਿਕ ਬਦਲਾਖੋਰੀ ਦੇ ਆਧਾਰ ’ਤੇ ਰਾਜ ਕਰ ਰਹੀ ਹੈ। ਵਿਰੋਧ ਕਰਨ ਵਾਲਿਆਂ ਨੂੰ ਘਰਾਂ ਵਿੱਚ ਨਜ਼ਰਬੰਦ ਕੀਤਾ ਜਾ ਰਿਹਾ ਹੈ ਅਤੇ ਝੂਠੇ ਮਾਮਲੇ ਦਰਜ ਕੀਤੇ ਜਾ ਰਹੇ ਹਨ।
ਕੈਪਟਨ ਨੇ ਬਿਕਰਮ ਮਜੀਠੀਆ ਵਿਰੁੱਧ ਕੀਤੀ ਗਈ ਕਾਰਵਾਈ ਨੂੰ “ਗਲਤ ਅਤੇ ਅਣਮਨੁੱਖੀ” ਕਰਾਰ ਦਿੱਤਾ ਅਤੇ ਕਿਹਾ ਕਿ ਪੰਜਾਬ ਵਿੱਚ ਅਸਹਿਮਤੀ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ, ਵਿਰੋਧ ਪ੍ਰਦਰਸ਼ਨਾਂ ਨੂੰ ਕੁਚਲਿਆ ਜਾ ਰਿਹਾ ਹੈ ਅਤੇ ਪੂਰੇ ਸੂਬੇ ਨੂੰ ਦਿੱਲੀ ਤੋਂ ਮਾਫੀਆ ਸ਼ੈਲੀ ਵਿੱਚ ਚਲਾਇਆ ਜਾ ਰਿਹਾ ਹੈ।

