Punjab

BJP ਦੀ ਕੈਪਟਨ ਅਮਰਿੰਦਰ ‘ਤੇ ਕਿਰਪਾ, ਬਣਨਗੇ ਰਾਜਪਾਲ !

‘ਦ ਖ਼ਾਲਸ ਬਿਊਰੋ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amrinder Singh) ਨੂੰ ਇਕ ਸੂਬੇ ਦਾ ਰਾਜਪਾਲ ਲਾਉਣ ਦੀ ਤਿਆਰੀ ਸ਼ੁਰੂ ਹੋ ਗਈ ਹੈ। ਮੋਦੀ ਸਰਕਾਰ (Modi Government) ਨੇ ਉਹਨਾਂ ਦੀ ਨਿਯੁਕਤੀ ਵਾਸਤੇ ਪ੍ਰਕਿਰਿਆ ਆਰੰਭ ਦਿੱਤੀ ਹੈ। ਬਾਬੂਸ਼ਾਹੀ ਦੀ ਰਿਪੋਰਟ ਮੁਤਾਬਕ ਨਿਯੁਕਤੀ ਲਈ ਫਾਈਲ ਤੋਰ ਦਿੱਤੀ ਗਈ ਹੈ ਤੇ ਆਉਂਦੇ ਦਿਨਾਂ ਵਿਚ ਇਹ ਨਿਯੁਕਤੀ ਹੋ ਸਕਦੀ ਹੈ। ਇਹ ਵੀ ਚਰਚਾ ਚੱਲ ਰਹੀ ਹੈ ਕਿ ਰਾਜਪਾਲ ਵਜੋਂ ਨਿਯੁਕਤੀ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਭਾਜਪਾ ਵਿਚ ਸ਼ਾਮਲ ਹੋਣਗੇ ਤੇ ਆਪਣੀ ਪਾਰਟੀ ਪੀਐਲਸੀ ਦਾ ਭਾਜਪਾ ਵਿਚ ਰਲੇਵਾਂ ਕਰਨਗੇ।

ਕੁਝ ਦਿਨ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ ਸੀ। ਇਸ ਦੌਰਾਨ ਕਿਆਸ ਲਗਾਏ ਜਾ ਰਹੇ ਸਨ ਕਿ ਕੈਪਟਨ ਭਾਜਪਾ ਵਿੱਚ ਸ਼ਾਮਿਲ ਹੋ ਸਕਦੇ ਹਨ, ਪਰ ਉਸ ਸਮੇਂ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਵਿੱਚ ਰਲੇਵੇਂ ਦੇ ਸਵਾਲ ਨੂੰ ਰੱਦ ਕਰਦਿਆਂ ਕਿਹਾ ਸੀ ਕਿ ਅਜਿਹਾ ਕੁਝ ਨਹੀਂ ਹੋਣ ਜਾ ਰਿਹਾ। ਇਸ ਮੁਲਾਕਾਤ ਤੋਂ ਬਾਅਦ ਕੈਪਟਨ ਨੇ ਇੱਕ ਫੋਟੋ ਸੋਸ਼ਲ ਮੀਡੀਆ ‘ਤੇ ਸਾਂਝੀ ਕਰਦਿਆਂ ਲਿਖਿਆ ਸੀ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਰਾਸ਼ਟਰੀ ਸੁਰੱਖਿਆ, ਪੰਜਾਬ ਵਿੱਚ ਨਾਰਕੋ ਅੱਤਵਾਦ ਦੇ ਵੱਧ ਰਹੇ ਮਾਮਲਿਆਂ ਅਤੇ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਭਵਿੱਖ ਦੀ ਰੂਪ-ਰੇਖਾ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ ਗਈ।

ਜਦੋਂ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਲਾਹ ਕੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਇਆ ਗਿਆ ਸੀ ਤਾਂ ਕੈਪਟਨ ਨੇ ਕਾਂਗਰਸ ਨੂੰ ਸਦਾ ਲਈ ਅਲਵਿਦਾ ਆਖ ਕੇ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਬਣਾ ਲਈ ਸੀ। ਹਾਲਾਂਕਿ ਕਾਂਗਰਸ ਛੱਡਣ ਦੇ ਕਈ ਦਿਨਾਂ ਬਾਅਦ ਉਨ੍ਹਾਂ ਨੇ ਆਪਣੀ ਪਾਰਟੀ ਦਾ ਐਲਾਨ ਕੀਤਾ ਅਤੇ ਬਾਅਦ ਵਿੱਚ ਭਾਜਪਾ ਨੂੰ ਸਮਰਥਨ ਦੇਣ ਦੀ ਗੱਲ ਕਹੀ ਸੀ।