ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਅਕਾਲੀ ਆਗੂ ਬਿਕਰਮ ਮਜੀਠੀਆ ਦੇ ਹੱਕ ਵਿੱਚ ਸਾਬਕਾ ਮੁੱਖ ਮੰਤਰੀ ਕੈਪਲਟਨ ਅਮਰਿੰਦਰ ਸਿੰਘ ਆਏ ਹਨ। ਉਨ੍ਹਾਂ ਵੱਲੋਂ ਮਜੀਠੀਆ ਦੇ ਹੱਕ ਵਿੱਚ ਇੱਕ ਪੋਸਟ ਸਾਂਝੀ ਕੀਤੀ ਗਈ ਹੈ। ਫੇਸਬੁੱਕ ‘ਤੇ ਇੱਕ ਪੋਸਟ ਸਾਂਝੀ ਕਰਦਿਆਂ ਉਨ੍ਹਾਂ ਨੇ ਕਿਹਾ ਕਿ ‘ਆਪ’ ਰਾਜਨੀਤਿਕ ਬਦਲਾਖੋਰੀ ਅਤੇ ਬੇਰਹਿਮ ਦਮਨ ਸ਼ਾਸਨ ਦਾ ਬਦਲ ਹੈ। ਪੰਜਾਬ ਨੇ ਕਦੇ ਵੀ ਲੋਕਤੰਤਰ ‘ਤੇ ਅਜਿਹਾ ਘਿਨਾਉਣਾ ਹਮਲਾ ਨਹੀਂ ਦੇਖਿਆ, ਜਿਥੇ ਉਨ੍ਹਾਂ ਦੇ ਕੁਸ਼ਾਸਨ ਅਤੇ ਭ੍ਰਿਸ਼ਟਾਚਾਰ ਦੇ ਆਲੋਚਕਾਂ ਨੂੰ ਘਰਾਂ ਵਿਚ ਨਜ਼ਰਬੰਦ ਕੀਤਾ ਜਾ ਰਿਹਾ ਹੈ ਤੇ ਝੂਠੇ ਦੋਸ਼ ਲਗਾਏ ਜਾ ਰਹੇ ਹਨ ਅਤੇ ਚੁੱਪ ਕਰਵਾਇਆ ਜਾ ਰਿਹਾ ਹੈ।
ਬਿਕਰਮ ਸਿੰਘ ਮਜੀਠੀਆ ਨੂੰ ਨਿਸ਼ਾਨਾ ਬਣਾ ਕੇ ਪਰੇਸ਼ਾਨ ਕਰਨਾ ਉਨ੍ਹਾਂ ਦੀਆਂ ਅਣਮਨੁੱਖੀ ਚਾਲਾਂ ਦੀ ਇਕ ਹੈਰਾਨ ਕਰਨ ਵਾਲੀ ਉਦਾਹਰਣ ਹੈ। ਮੈਂ ਇਸ ਰਾਜਨੀਤਿਕ ਅੱਤਿਆਚਾਰ ਦੀ ਸਖ਼ਤ ਨਿੰਦਾ ਕਰਦਾ ਹਾਂ। ਵੱਡੇ ਵਿਰੋਧ ਪ੍ਰਦਰਸ਼ਨਾਂ ਨੂੰ ਕੁਚਲਿਆ ਜਾ ਰਿਹਾ ਹੈ ਤੇ ਅਸਹਿਮਤੀ ਨੂੰ ਦਬਾਇਆ ਜਾ ਰਿਹਾ ਹੈ।
ਮਜੀਠੀਆ ਨੂੰ ਉਨ੍ਹਾਂ ਦੇ ਅੰਮ੍ਰਿਤਸਰ ਘਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ
ਪੰਜਾਬ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਸਵੇਰੇ 11:30 ਵਜੇ 2021 ਵਿੱਚ ਦਰਜ ਕੀਤੇ ਗਏ ਐਨਡੀਪੀਐਸ ਕੇਸ ਨਾਲ ਸਬੰਧਤ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫ਼ਤਾਰ ਕੀਤਾ ਸੀ। ਮਜੀਠੀਆ ਦੇ ਵਕੀਲਾਂ ਦਾ ਦਾਅਵਾ ਹੈ ਕਿ ਰਿਪੋਰਟ 24 ਜੂਨ ਨੂੰ ਰਾਤ 10:30 ਵਜੇ ਵਿਜੀਲੈਂਸ ਨੂੰ ਸੌਂਪੀ ਗਈ ਸੀ, ਜਦੋਂ ਕਿ ਮਜੀਠੀਆ ਨੂੰ ਅਗਲੇ ਦਿਨ ਸਵੇਰੇ 4:30 ਵਜੇ ਕੇਸ ਦਰਜ ਕਰਨ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਸੀ।