‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕਰਦਿਆਂ ਕਿਹਾ ਕਿ 19 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਕਰਤਾਰਪੁਰ ਲਾਂਘਾ ਖੋਲ੍ਹਿਆ ਜਾਵੇ ਤਾਂ ਜੋ ਲੋਕ ਇਸ ਪਵਿੱਤਰ ਦਿਨ ਬਾਬੇ ਨਾਨਕ ਦੀ ਧਰਤੀ ‘ਤੇ ਸੀਸ ਨਿਵਾ ਸਕਣ।
ਹਾਲਾਂਕਿ, ਅੱਜ ਹੀ ਬੀਜੇਪੀ ਲੀਡਰ ਹਰਜੀਤ ਸਿੰਘ ਗਰੇਵਾਲ ਨੇ 18 ਨਵੰਬਰ ਨੂੰ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਦਾ ਦਾਅਵਾ ਕੀਤਾ ਹੈ। ਗਰੇਵਾਲ ਨੇ ਕਿਹਾ ਕਿ 18 ਨਵੰਬਰ ਨੂੰ ਢਾਈ ਸੌ ਲੋਕਾਂ ਦਾ ਪਹਿਲਾ ਜਥਾ ਜਾਵੇਗਾ। ਉਸ ਤੋਂ ਬਾਅਦ ਲਗਾਤਾਰ ਸ਼ਰਧਾਲੂ ਦਰਸ਼ਨਾਂ ਲਈ ਜਾਣਗੇ। ਬਾਅਦ ਵਿੱਚ ਸਰਕਾਰ ਵੱਲੋਂ ਸ਼ਰਧਾਲੂਆਂ ਦੀ ਗਿਣਤੀ ਵਧਾਈ ਜਾਂ ਘਟਾਈ ਜਾ ਸਕਦੀ ਹੈ। ਪਾਕਿਸਤਾਨ ਜਾਣ ਵਾਲੇ ਪਹਿਲੇ ਜਥੇ ਨਾਲ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਮੌਜੂਦ ਰਹਿਣਗੇ। ਉਹ ਹੀ ਸਾਰਾ ਪ੍ਰਬੰਧ ਵੇਖ ਰਹੇ ਹਨ। ਸਰਕਾਰ ਵੱਲੋਂ ਕੱਲ਼੍ਹ 11 ਵਜੇ ਲਿਖਤੀ ਤੌਰ ‘ਤੇ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਜਾਵੇਗਾ।