Punjab

ਕੈਪਟਨ ਨੇ ਪੰਜਾਬ ਲਈ ਮੋਦੀ ਕੋਲੋਂ ਮੰਗੀ 300 ਐੱਮਟੀ ਆਕਸੀਜਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੂਬੇ ਵਿੱਚ ਕਰੋਨਾ ਦੇ ਹਾਲਾਤਾਂ ਤੋਂ ਜਾਣੂ ਕਰਵਾਉਂਦਿਆਂ ਅੱਜ ਫਿਰ ਪੰਜਾਬ ਵਿੱਚ ਕਰੋਨਾ ਵੈਕਸੀਨ ਅਤੇ ਆਕਸੀਜਨ ਦੀ ਜਲਦ ਸਪਲਾਈ ਕਰਨ ਦੀ ਅਪੀਲ ਕੀਤੀ ਹੈ। ਕੈਪਟਨ ਨੇ ਨਰਿੰਦਰ ਮੋਦੀ ਨੂੰ ਸੂਬੇ ਵਿੱਚ ਆਕਸੀਜਨ ਕੋਟਾ 300 ਐੱਮਟੀ ਵਧਾਉਣ ਦੀ ਮੰਗ ਕੀਤੀ ਹੈ। ਕੈਪਟਨ ਨੇ ਮੋਦੀ ਨੂੰ ਸੂਬੇ ‘ਚ ਕਰੋਨਾ ਵੈਕਸੀਨ ਦੀ ਸਪਲਾਈ ਕਰਨ ਦੀ ਵੀ ਅਪੀਲ ਕੀਤੀ ਹੈ। ਕੈਪਟਨ ਨੇ ਪਹਿਲਾਂ ਵੀ ਕਈ ਵਾਰ ਕੇਂਦਰ ਸਰਕਾਰ ਨੂੰ ਪੰਜਾਬ ਵਿੱਚ ਆਕਸੀਜਨ ਅਤੇ ਕਰੋਨਾ ਵੈਕਸੀਨ ਦੀ ਸਪਲਾਈ ਕਰਨ ਲਈ ਕਈ ਵਾਰ ਅਪੀਲ ਕੀਤੀ ਹੈ ਅਤੇ ਇਸ ਲਈ ਕੇਂਦਰ ਸਰਕਾਰ ਨੂੰ ਕਈ ਵਾਰ ਚਿੱਠੀ ਵੀ ਲਿਖੀ ਹੈ।

ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਸਮੇਤ ਚਾਰ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕਰੋਨਾ ਮਹਾਂਮਾਰੀ ਦੀ ਸਥਿਤੀ ਦੀ ਸਮੀਖਿਆ ਕਰਨ ਲਈ ਬੈਠਕ ਕੀਤੀ ਸੀ। ਇਸ ਬੈਠਕ ਵਿੱਚ ਪੰਜਾਬ ਤੋਂ ਇਲਾਵਾ ਕਰਨਾਟਕ, ਬਿਹਾਰ ਅਤੇ ਉੱਤਰਾਖੰਡ ਦੇ ਮੁੱਖ ਮੰਤਰੀ ਸ਼ਾਮਲ ਸਨ। ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਨੇ ਮੋਦੀ ਨੂੰ ਆਪੋ-ਆਪਣੇ ਸੂਬਿਆਂ ਵਿੱਚ ਕਰੋਨਾ ਵਾਇਰਸ ਦੀ ਬੇਕਾਬੂ ਹੋਈ ਦੂਜੀ ਲਹਿਰ ਦੀ ਰੋਕਥਾਮ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਜਾਣਕਾਰੀ ਦਿੱਤੀ।