‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਸਾਨਾਂ ਨੂੰ ਪੰਜਾਬ ਵਿੱਚ ਅੰਦੋਲਨ ਕਰਨ ਤੋਂ ਵਰਜ ਦਿੱਤਾ ਹੈ। ਉਨ੍ਹਾਂ ਨੇ ਕਿਸਾਨ ਲੀਡਰਾਂ ਨੂੰ ਦਿੱਲੀ, ਹਰਿਆਣਾ ਵਿੱਚ ਜਾ ਕੇ ਖੇਤੀ ਕਾਨੂੰਨਾਂ ਦੀ ਲੜਾਈ ਲੜਨ ਦੀ ਸਲਾਹ ਦਿੱਤੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਪੰਜਾਬ ਵਿੱਚ ਚੱਲ ਰਹੇ ਧਰਨਿਆਂ ਨੂੰ ਬੰਦ ਕਰਨ ਲਈ ਕਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸੂਬੇ ਵੱਲੋਂ ਪਹਿਲਾਂ ਹੀ ਇਸ ਅੰਦੋਲਨ ਪ੍ਰਤੀ ਹਮਦਰਦੀ ਪ੍ਰਗਟ ਕੀਤੀ ਜਾ ਚੁੱਕੀ ਹੈ ਅਤੇ ਸੂਬੇ ਦੇ ਲੋਕ ਕਿਸਾਨਾਂ ਦੇ ਨਾਲ ਚੱਟਾਨ ਵਾਂਗ ਖੜ੍ਹੇ ਹਨ। ਕੈਪਟਨ ਨੇ ਕਿਹਾ ਕਿ ਕਿਸਾਨਾਂ ਵੱਲੋਂ ਪੰਜਾਬ ਵਿੱਚ 113 ਥਾਂਵਾਂ ‘ਤੇ ਚੱਲ ਰਹੇ ਧਰਨੇ ਕਿਸੇ ਵੀ ਪਾਸੇ ਤੋਂ ਸੂਬੇ ਦੇ ਹੱਕਾਂ ਵਿੱਚ ਨਹੀਂ ਹਨ। 113 ਥਾਂਵਾਂ ‘ਤੇ ਪੰਜਾਬ ਵਿੱਚ ਬਹਿ ਕੇ ਪੰਜਾਬ ਦੀ ਆਰਥਿਕਤਾ ਨੂੰ ਖਰਾਬ ਕਰਨ ਦਾ ਕੋਈ ਮਤਲਬ ਨਹੀਂ ਹੈ। ਖੇਤੀ ਕਾਨੂੰਨਾਂ ਨੂੰ ਸੂਬੇ ਵਿੱਚ ਪਹਿਲਾਂ ਤੋਂ ਹੀ ਰੱਦ ਕੀਤਾ ਜਾ ਚੁੱਕਾ ਹੈ। ਕੈਪਟਨ ਨੇ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਕੇਂਦਰ ਸਰਕਾਰ ‘ਤੇ ਦਬਾਅ ਪਾਉਣ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਕਿਸਾਨ ਉਨ੍ਹਾਂ ਦੀ ਗੱਲ ਵੱਲ ਧਿਆਨ ਦੇਣਗੇ। ਕੈਪਟਨ ਨੇ ਕਿਹਾ ਕਿ ਉਹਨਾਂ ਨੇ ਆਲ ਪਾਰਟੀ ਬੈਠਕ ਬੁਲਾਈ ਸੀ ਪਰ ਅਕਾਲੀ ਦਲ ਉਸ ਮੀਟਿੰਗ ਵਿੱਚ ਸ਼ਾਮਿਲ ਨਹੀਂ ਹੋਈ।