India Punjab

ਕੈਪਟਨ ਨੇ ਖੱਟਰ ਨੂੰ ਲਿਆ ਨਿਸ਼ਾਨੇ ‘ਤੇ, ਦਿੱਤਾ ਵੱਡਾ ਬਿਆਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੱਲ੍ਹ ਹਰਿਆਣਾ ਦੇ ਕਰਨਾਲ ਵਿੱਚ ਕਿਸਾਨਾਂ ‘ਤੇ ਹੋਏ ਪੁਲਿਸ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਹਰਿਆਣਾ ਪੁਲਿਸ ਦੇ ਹੱਥੋਂ ਕਿਸਾਨਾਂ ਨੂੰ ਅਜਿਹੀ ਬੇਰਹਿਮੀ ਦਾ ਸ਼ਿਕਾਰ ਹੋਣਾ ਪਿਆ ਹੋਵੇ। ਕਿ ਇਹ ਸਪੱਸ਼ਟ ਹੈ ਕਿ ਭਾਜਪਾ ਦੀ ਅਗਵਾਈ ਵਾਲੀ ਖੱਟਰ ਸਰਕਾਰ ਨੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਸੰਘਰਸ਼ ਨੂੰ ਖਤਮ ਕਰਨ ਲਈ ਇੱਕ ਵਾਰ ਫਿਰ ਜਾਣਬੁੱਝ ਕੇ ਤਾਕਤ ਦੀ ਅੰਨ੍ਹੇਵਾਹ ਵਰਤੋਂ ਕੀਤੀ ਹੈ। 

ਕੈਪਟਨ ਨੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਮੁਆਫੀ ਮੰਗਣ ਅਤੇ ਜ਼ਖਮੀ ਹੋਏ ਕਿਸਾਨਾਂ ਦੀ ਸਹਾਇਤਾ ਦੀ ਮੰਗ ਕਰਦਿਆਂ ਕਿਹਾ ਕਿ ਖੱਟਰ ਸਰਕਾਰ ਵੱਲੋਂ ਕਿਸਾਨਾਂ `ਤੇ ਇਸ ਤਰ੍ਹਾਂ ਦਾ ਹਮਲਾ ਨਾ ਸਿਰਫ ਅਸਹਿਣਯੋਗ ਹੈ ਬਲਕਿ ਪੂਰੀ ਤਰ੍ਹਾਂ ਨਿੰਦਣਯੋਗ ਹੈ। ਉਨ੍ਹਾਂ ਨੇ ਕਿਹਾ, “ਅੰਨਦਾਤਾ ਨਾਲ ਅਜਿਹਾ ਸਲੂਕ ਬਰਦਾਸ਼ਤ ਤੋਂ ਪਰ੍ਹੇ ਹੈ।“ ਕੈਪਟਨ ਨੇ ਹਰਿਆਣਾ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਭਾਜਪਾ ਨੂੰ ਅਜਿਹੀਆਂ ਕਾਰਵਾਈਆਂ ਅਤੇ ਕੇਂਦਰ ਵਿੱਚ ਆਪਣੀ ਸਰਕਾਰ ਦੀ ਕਿਸਾਨਾਂ ਪ੍ਰਤੀ ਉਦਾਸੀਨਤਾ ਲਈ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਅਤੇ ਹੋਰਨਾਂ ਸੂਬਿਆਂ ਵਿੱਚ ਗੰਭੀਰ ਸਿੱਟੇ ਭੁਗਤਣੇ ਪੈਣਗੇ।

ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਚਿੰਤਾਵਾਂ ਵੱਲ ਧਿਆਨ ਦੇਣ ਅਤੇ ਖੇਤੀ ਕਾਨੂੰਨਾਂ, ਜੋ ਸਪੱਸ਼ਟ ਤੌਰ `ਤੇ ਗੈਰ-ਲੋਕਤੰਤਰੀ ਅਤੇ ਕਿਸਾਨ ਵਿਰੋਧੀ ਹਨ, ਨੂੰ ਰੱਦ ਕਰਨ ਦੀ ਬਜਾਏ ਭਾਜਪਾ ਲਗਾਤਾਰ ਨੀਵੇਂ ਦਰਜੇ ਦੀਆਂ ਕਾਰਵਾਈਆਂ ਕਰਦੀ ਆਈ ਹੈ, ਜੋ ਇਸ ਹੱਦ ਤੱਕ ਝੁਕ ਗਈ ਕਿ ਅਪਮਾਨਜਨਕ ਨਾਮ ਵਰਤ ਕੇ ਕਿਸਾਨਾਂ ਦਾ ਅਪਮਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕ ਭਾਜਪਾ ਨੂੰ ਕਿਸਾਨਾਂ ਨਾਲ ਅਜਿਹੇ ਸ਼ਰਮਨਾਕ ਕਾਰੇ ਲਈ ਕਦੇ ਮੁਆਫ ਨਹੀਂ ਕਰਨਗੇ। ਕੈਪਟਨ ਨੇ ਕਿਹਾ ਕਿ ਇਨ੍ਹਾਂ ਵਿੱਚੋਂ ਕਈ ਕਿਸਾਨ ਦਿੱਲੀ ਦੀਆਂ ਬਰੂਹਾਂ `ਤੇ ਚੱਲ ਰਹੇ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਨਵੰਬਰ 2020 ਵਿੱਚ ਹਰਿਆਣਾ ਪੁਲਿਸ ਨੇ ਕੇਂਦਰੀ ਕਾਨੂੰਨਾਂ ਦੇ ਵਿਰੁੱਧ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਕਿਸਾਨਾਂ ਨੂੰ ਦਿੱਲੀ ਦੀਆਂ ਸਰਹੱਦਾਂ ਵੱਲ ਮਾਰਚ ਕਰਨ ਤੋਂ ਰੋਕਣ ਲਈ ਬੇਰਹਿਮੀ ਨਾਲ ਉਨ੍ਹਾਂ ਦੀ ਕੁੱਟਮਾਰ ਕੀਤੀ ਸੀ। ਮੀਟਿੰਗ ਲਈ ਕਰਨਾਲ ਫੇਰੀ `ਤੇ ਜਾ ਰਹੇ ਖੱਟਰ ਦਾ ਵਿਰੋਧ ਕਰਨ ਲਈ ਗਏ ਕਿਸਾਨਾਂ `ਤੇ ਲਾਠੀਚਾਰਜ ਕੀਤੇ ਜਾਣ ਦੀਆਂ ਮੀਡੀਆ ਰਿਪੋਰਟਾਂ ਅਤੇ ਵਾਇਰਲ ਵੀਡੀਓ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਵਿਰੋਧ ਕਰ ਰਹੇ ਕਿਸਾਨਾਂ ਦੀ ਕੁੱਟਮਾਰ ਕਰਨ ਦਾ ਨਿਰਦੇਸ਼ ਦੇਣ ਵਾਲੇ ਆਈਏਐੱਸ ਅਧਿਕਾਰੀ ਦੀ ਵੀ ਨਿੰਦਾ ਕੀਤੀ। ਉਨ੍ਹਾਂ ਨੇ ਉਕਤ ਅਧਿਕਾਰੀ ਨੂੰ ਤੁਰੰਤ ਬਰਖਾਸਤ ਕਰਨ ਅਤੇ ਉਸ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।