The Khalas Tv Blog Punjab ਕੈਪਟਨ ਨੇ ਖੇਤੀ ਕਾਨੂੰਨਾਂ ਬਾਰੇ ਕੇਂਦਰ ਸਰਕਾਰ ਨੂੰ ਦਿੱਤਾ ਸੁਝਾਅ
Punjab

ਕੈਪਟਨ ਨੇ ਖੇਤੀ ਕਾਨੂੰਨਾਂ ਬਾਰੇ ਕੇਂਦਰ ਸਰਕਾਰ ਨੂੰ ਦਿੱਤਾ ਸੁਝਾਅ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਕਰਵਾਏ ਤੀਜੇ ਸੂਬਾ ਪੱਧਰੀ ਵਰਚੁਅਲ ਕਿਸਾਨ ਮੇਲੇ ਦਾ ਉਦਘਾਟਨ ਕੀਤਾ। ਕੈਪਟਨ ਨੇ ਖੇਤੀ ਕਾਨੂੰਨਾਂ ਦੇ ਇੱਕ ਸਾਲ ਪੂਰਾ ਹੋਣ ‘ਤੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕਰਦਿਆਂ ਕਿਸਾਨਾਂ ਨਾਲ ਵਿਸਥਾਰ ਸਹਿਤ ਗੱਲਬਾਤ ਕਰਨ ਸੁਝਾਅ ਜਾਂ ਕਹਿ ਲਈਏ ਕਿ ਅਪੀਲ ਕੀਤੀ ਹੈ। ਕਿਸਾਨੀ ਅੰਦੋਲਨ ਦੌਰਾਨ ਕਈ ਕਿਸਾਨਾਂ ਦੀ ਹੋਈ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਢੁੱਕਵਾਂ ਸਮਾਂ ਹੈ ਕਿ ਕੇਂਦਰ ਸਰਕਾਰ ਆਪਣੇ ਬੱਜਰ ਗੁਨਾਹ ਨੂੰ ਸਮਝੇ ਅਤੇ ਕਿਸਾਨਾਂ ਤੇ ਮੁਲਕ ਦੇ ਹਿੱਤ ਵਿੱਚ ਕਾਨੂੰਨ ਵਾਪਸ ਲਏ ਜਾਣ।

ਕੈਪਟਨ ਨੇ ਇਸ ਮੌਕੇ ‘ਜੇਕਰ ਕਿਸਾਨ ਨਹੀਂ ਤਾਂ ਭੋਜਨ ਨਹੀਂ’ ਦਾ ਬੈਜ ਲਾਇਆ ਹੋਇਆ ਸੀ। ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜੇ ਜਾਣ ਦੇ ਰੁਝਾਨ ਨੂੰ ਖਤਮ ਕਰਨ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਤਰਜ਼ ਉੱਤੇ ਇਸ ਦੋ ਰੋਜ਼ਾ ਮੇਲੇ ਦਾ ਮੁੱਖ ਵਿਸ਼ਾ ਵੀ ‘ਕਰੀਏ ਪਰਾਲੀ ਦੀ ਸੰਭਾਲ, ਧਰਤੀ ਮਾਂ ਹੋਵੇ ਖੁਸ਼ਹਾਲ’ ਹੈ।

ਕਿਸਾਨਾਂ ਦੇ ਸਵਾਲਾਂ ਦੇ ਜਵਾਬ ਦੇਣ ਲਈ ਇੱਕ ਲਿੰਕ ‘ਮਾਹਿਰਾਂ ਨਾਲ ਗੱਲ ਕਰੋ’ (ਸਵਾਲ ਤੁਹਾਡੇ ਜਵਾਬ ਅਸਾਡੇ) ਵੀ ਕਿਸਾਨਾਂ ਨਾਲ ਸਾਂਝਾ ਕੀਤਾ ਗਿਆ ਹੈ ਅਤੇ ਇੱਕ ਦੂਸਰਾ ਲਿੰਕ ਕਿਸਾਨਾਂ ਵੱਲੋਂ ਹਾਸਿਲ ਕੀਤੀਆਂ ਸਫਲਤਾਵਾਂ ਤੋਂ ਇਲਾਵਾ, ਸੈੱਲਫ ਹੈਲਪ ਗਰੁੱਪਾਂ ਅਤੇ ਕਿਸਾਨ ਉਤਪਾਦਕ ਸੰਗਠਨ (ਐਫ.ਪੀ.ਓਜ਼) ਵੀ ਪੀ.ਏ.ਯੂ. ਦੇ ਟ੍ਰੇਨੀਆਂ ਦੁਆਰਾ ਚਲਾਇਆ ਜਾ ਰਿਹਾ ਹੈ।

ਕੈਪਟਨ ਨੇ ਕਿਹਾ, “ਹੁਣ ਤੱਕ ਸੰਵਿਧਾਨ ਵਿੱਚ 127 ਵਾਰ ਸੋਧ ਕੀਤੀ ਜਾ ਚੁੱਕੀ ਹੈ ਤਾਂ ਫਿਰ ਖੇਤੀ ਕਾਨੂੰਨ ਰੱਦ ਕਰਨ ਲਈ ਇੱਕ ਵਾਰ ਫੇਰ ਸੋਧ ਕਿਉਂ ਨਹੀਂ ਕੀਤੀ ਜਾ ਸਕਦੀ। ਇਨ੍ਹਾਂ ਕਾਨੂੰਨਾਂ ਨਾਲ ਪੈਦਾ ਹੋਈ ਪੇਚੀਦਾ ਸਥਿਤੀ ਨੂੰ ਹੱਲ ਕੀਤਾ ਜਾਵੇ।” ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਜੋ ਕਿਸਾਨਾਂ ਨੂੰ ਤਬਾਹ ਕਰਨ ਉੱਤੇ ਤੁਲੀ ਹੋਈ ਹੈ, ਨੂੰ ਪੁੱਛਣਾ ਚਾਹੁੰਦੇ ਹਨ, “128ਵੀਂ ਵਾਰ ਸੋਧ ਕਰਨ ਵਿੱਚ ਤਹਾਨੂੰ ਕੀ ਦਿੱਕਤ ਹੋ ਰਹੀ ਹੈ।”

ਕੈਪਟਨ ਨੇ ਕਿਹਾ ਕਿ ਮੁਲਕ ਦੀ ਤਰੱਕੀ ਅਤੇ ਵਿਕਾਸ ਵਿੱਚ ਮਿਸਾਲੀ ਯੋਗਦਾਨ ਪਾਉਣ ਵਾਲੇ ਕਿਸਾਨ ਭਾਈਚਾਰੇ ਨਾਲ ਅੱਜ ਜੋ ਕੁੱਝ ਵੀ ਵਾਪਰ ਰਿਹਾ ਹੈ, ਉਹ ਬਹੁਤ ਹੀ ਦੁੱਖਦਾਇਕ ਹੈ। ਉਨ੍ਹਾਂ ਨੇ ਇਨ੍ਹਾਂ ਕਾਨੂੰਨਾਂ ਨੂੰ ਤੁਰੰਤ ਮਨਸੂਖ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਇਹ ਕਾਨੂੰਨ ਸਿਰਫ ਕਿਸਾਨ ਭਾਈਚਾਰੇ ਲਈ ਹੀ ਨਹੀਂ ਸਗੋਂ ਸਮੁੱਚੇ ਦੇਸ਼ ਲਈ ਘਾਤਕ ਹਨ। ਉਨ੍ਹਾਂ ਕਿਹਾ, “ਕਿਸਾਨਾਂ ਨੂੰ ਸੰਘਰਸ਼ ਕਿਉਂ ਨਹੀਂ ਕਰਨਾ ਚਾਹੀਦਾ। ਮੈਂ ਉਨ੍ਹਾਂ ਨੂੰ ਕਿਵੇਂ ਰੋਕ ਸਕਦਾਂ।” ਉਨ੍ਹਾਂ ਇਹ ਵੀ ਸਪੱਸ਼ਟ ਕਰ ਦਿੱਤਾ ਕਿ ਉਹ ਇਨ੍ਹਾਂ ਘਿਨਾਉਣੇ ਕਾਨੂੰਨਾਂ ਦੇ ਖਿਲਾਫ਼ ਕਿਸਾਨਾਂ ਦੀ ਲੜਾਈ ਵਿੱਚ ਉਨ੍ਹਾਂ ਦੇ ਨਾਲ ਖੜ੍ਹੇ ਰਹਿਣਗੇ ਅਤੇ ਉਨ੍ਹਾਂ ਦੀ ਸਰਕਾਰ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਨੌਕਰੀਆਂ ਦੇਣੀਆਂ ਜਾਰੀ ਰੱਖੇਗੀ।

ਮੁਲਕ ਦੀ ਤਰੱਕੀ ਵਿੱਚ ਪੰਜਾਬ ਅਤੇ ਇਸ ਦੇ ਕਿਸਾਨਾਂ ਦੇ ਯੋਗਦਾਨ ਦਾ ਜ਼ਿਕਰ ਕਰਦਿਆਂ ਕੈਪਟਨ ਨੇ ਕਿਹਾ ਕਿ ਭਾਰਤ ਦੇ ਕੁੱਲ ਭੂਗੋਲਿਕ ਖੇਤਰ ਦਾ ਮਹਿਜ਼ 1.53 ਫੀਸਦੀ ਹਿੱਸਾ ਹੋਣ ਦੇ ਬਾਵਜੂਦ ਪੰਜਾਬ ਮੁਲਕ ਲਈ ਕੁੱਲ ਕਣਕ ਦੀ 18 ਫੀਸਦੀ ਪੈਦਾਵਾਰ, ਕਣਕ ਦੀ 11 ਫੀਸਦੀ ਪੈਦਾਵਾਰ, ਕਪਾਹ ਦੀ 4.4 ਫੀਸਦੀ ਪੈਦਾਵਾਰ ਅਤੇ ਦੁੱਧ ਦੀ 10 ਫੀਸਦੀ ਪੈਦਵਾਰ ਕਰਦਾ ਹੈ। ਸੂਬੇ ਦੇ ਕਿਸਾਨਾਂ ਦੀਆਂ ਪ੍ਰਾਪਤੀਆਂ ਉੱਤੇ ਮਾਣ ਮਹਿਸੂਸ ਕਰਦਿਆਂ ਪਿਛਲੇ ਕਈ ਦਹਾਕਿਆਂ ਤੋਂ ਪੰਜਾਬ ਕੇਂਦਰੀ ਭੰਡਾਰ ਵਿੱਚ ਕਣਕ ਦਾ 35-40 ਫੀਸਦੀ ਅਤੇ ਚਾਵਲ ਦਾ 25-30 ਫੀਸਦੀ ਯੋਗਦਾਨ ਪਾ ਰਿਹਾ ਹੈ।

ਕੈਪਟਨ ਨੇ ਦੱਸਿਆ ਕਿ ਸਾਲ 2018-19 ਦੌਰਾਨ ਸੂਬੇ ਨੇ ਕਣਕ ਦੇ ਉਤਪਾਦਨ (5188 ਕਿਲੋਗ੍ਰਾਮ ਪ੍ਰਤੀ ਹੈਕਟੇਅਰ) ਅਤੇ 182.6 ਲੱਖ ਟਨ ਦੇ ਉਤਪਾਦਨ ਦਾ ਰਿਕਾਰਡ ਕਾਇਮ ਕੀਤਾ ਹੈ। ਸੂਬੇ ਨੇ ਸਾਲ 2017-18 ਦੌਰਾਨ ਚੌਲ ਦੀ ਪੈਦਾਵਾਰ (4366 ਕਿਲੋਗ੍ਰਾਮ ਪ੍ਰਤੀ ਹੈਕਟੇਅਰ) ਅਤੇ ਉਤਪਾਦਨ 133.8 ਲੱਖ ਟਨ ਦੇ ਉਤਪਾਦਨ ਦਾ ਰਿਕਾਰਡ ਵੀ ਪ੍ਰਾਪਤ ਕੀਤਾ। ਇਸੇ ਤਰ੍ਹਾਂ ਸਾਲ 2019-20 ਦੌਰਾਨ ਵੀ ਕਪਾਹ ਦੀ ਪੈਦਾਵਾਰ (827 ਕਿਲੋਗ੍ਰਾਮ ਗੱਠ ਪ੍ਰਤੀ ਹੈਕਟੇਅਰ) ਵਿੱਚ ਰਿਕਾਰਡ ਬਣਾਇਆ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਪਤੀਆਂ ਦਾ ਸਿਹਰਾ ਪੰਜਾਬ ਦੇ ਕਿਸਾਨਾਂ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਵਿਕਸਤ ਕੀਤੀਆਂ ਸੁਧਰੀਆਂ ਹੋਈਆਂ ਖੇਤੀ ਤਕਨਾਲੋਜੀਆਂ ਦੇ ਸਿਰ ਬੱਝਦਾ ਹੈ।

Exit mobile version