Punjab

ਕੈਪਟਨ ਦੀਆਂ ਪੰਜਾਬ ਦੇ ਲੋਕਾਂ ਨੂੰ ਪੰਜ ਅਪੀਲਾਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੋਰੋਨਾਵਾਇਰਸ ਦੇ ਵੱਧ ਰਹੇ ਖ਼ਤਰੇ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਲੋਕਾਂ ਨੂੰ ਵੱਡੇ ਇਕੱਠ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਅਤੇ ਸੂਬਾ ਸਰਕਾਰ ਵੱਲੋਂ ਸਮੇਂ-ਸਮੇਂ ਸਿਰ ਜਾਰੀ ਕੀਤੇ ਜਾਂਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨੀ ਚਾਹੀਦੀ ਹੈ।

ਕੈਪਟਨ ਨੇ ਸਾਰੀਆਂ ਧਾਰਮਿਕ ਸੰਸਥਾਵਾਂ ਦੇ ਮੁਖੀਆਂ ਅਤੇ ਪ੍ਰਬੰਧਕਾਂ ਨੂੰ ਬੇਨਤੀ ਕਰਦਿਆਂ ਕਿਹਾ ਕਿ ਧਾਰਮਿਕ ਥਾਂਵਾਂ ‘ਤੇ ਮਾਸਕ ਪਹਿਨਣ ਸਮੇਤ ਕੋਵਿਡ ਸਬੰਧੀ ਹੋਰ ਸਿਹਤ ਸੁਰੱਖਿਆ ਉਪਾਵਾਂ ਅਤੇ ਆਪਸੀ ਦੂਰੀ ਦੀਆਂ ਬੰਦਿਸ਼ਾਂ ਦੀ ਪਾਲਣਾ ਨੂੰ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇ ਤਾਂ ਕਿ ਇਸ ਮਹਾਂਮਾਰੀ ‘ਤੇ ਕਾਬੂ ਪਾਇਆ ਜਾ ਸਕੇ। ਉਨ੍ਹਾਂ ਨੇ ਧਾਰਮਿਕ ਸ਼ਖਸੀਅਤਾਂ ਨੂੰ ਵੀ ਗੁਰਦੁਆਰਿਆਂ, ਮੰਦਰਾਂ ਅਤੇ ਹੋਰ ਪਾਵਨ ਅਸਥਾਨਾਂ ਰਾਹੀਂ ਇਸ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੀ ਅਪੀਲ ਕੀਤੀ।

ਕੈਪਟਨ ਨੇ ਸੂਬੇ ਦੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਆਪਣੇ ਪੱਧਰ ‘ਤੇ ਪਾਰਟੀ ਵਰਕਰਾਂ ਨੂੰ ਕਿਸੇ ਵੀ ਤਰ੍ਹਾਂ ਦੇ ਸਿਆਸੀ ਇਕੱਠ ਕਰਨ ਤੋਂ ਗੁਰੇਜ਼ ਕਰਨ ਦੀ ਬੇਨਤੀ ਕੀਤੀ ਜਾਵੇ ਤਾਂ ਕਿ ਸੂਬੇ ਵਿੱਚ ਇਸ ਮਹਾਂਮਾਰੀ ਖਿਲਾਫ਼ ਵਿੱਢੀ ਲੜਾਈ ਨੂੰ ਹੋਰ ਕਾਰਗਰ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ।

ਕੈਪਟਨ ਨੇ ਕੋਰੋਨਾਵਾਇਰਸ ਨੂੰ ਮਾਤ ਦੇਣ ਵਾਲਿਆਂ ਨੂੰ ਵਿਸ਼ੇਸ਼ ਤੌਰ ‘ਤੇ ਅਪੀਲ ਕੀਤੀ ਹੈ ਕਿ ਉਹ ਆਪਣਾ ਪਲਾਜ਼ਮਾ ਦਾਨ ਕਰਨ ਲਈ ਅੱਗੇ ਆਉਣ ਤਾਂ ਕਿ ਇਸ ਬਿਮਾਰੀ ਤੋਂ ਪੀੜਤ ਲੋਕਾਂ ਨੂੰ ਇਲਾਜ ਮੁਹੱਈਆ ਕਰਵਾਇਆ ਜਾ ਸਕੇ। ਕੈਪਟਨ ਨੇ ਪਟਿਆਲਾ, ਅੰਮ੍ਰਿਤਸਰ ਅਤੇ ਫਰੀਦਕੋਟ ਸਥਿਤ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਤਿੰਨ ਪਲਾਜ਼ਮਾ ਬੈਂਕ ਸਥਾਪਤ ਕਰਨ ਬਾਰੇ ਵੀ ਦੱਸਿਆ।

ਉਨ੍ਹਾਂ ਨੇ ਕਿਹਾ ਕਿ ਕੋਰੋਨਾ ਵਿਰੁੱਧ ਜੰਗ ਜਿੱਤਣ ਲਈ ਸਾਨੂੰ ਸਾਰਿਆਂ ਨੂੰ ਵੱਧ ਤੋਂ ਵੱਧ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਪੂਰੀ ਸਾਵਧਾਨੀ ਵਰਤਣੀ ਚਾਹੀਦੀ ਹੈ ਤਾਂ ਕਿ ‘ਮਿਸ਼ਨ ਫਤਿਹ’ ਵਿੱਚ ਅਸੀਂ ਜੇਤੂ ਬਣ ਕੇ ਉੱਭਰ ਸਕੀਏ।