Punjab

ਲੋਕ ਜਿੱਤੇ, ਬੋਰਡ ਹਾਰਿਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰਵੀਂ ਦੀਆਂ ਇਤਿਹਾਸ ਵਿਸ਼ੇ ਦੀਆਂ ਵਿਵਾਦਤ ਪੁਸਤਕਾਂ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਉੱਤੇ ਕਿਤਾਬਾਂ ਦੇ ਲੇਖਕਾਂ ਅਤੇ ਪ੍ਰਕਾਸ਼ਕਾਂ ਖਿਲਾਫ਼ ਪਰਚਾ ਦਰਜ ਕਰ ਲਿਆ ਗਿਆ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਇਨ੍ਹਾਂ ਕਿਤਾਬਾਂ ਦੀ ਵਿਕਰੀ ਉੱਤੇ ਰੋਕ ਲਾ ਦਿੱਤੀ ਸੀ। ਕਿਸਾਨ ਨੇਤਾ ਬਲਦੇਵ ਸਿੰਘ ਸਿਰਸਾ ਪਿਛਲੇ ਤਿੰਨ ਮਹੀਨਿਆਂ ਤੋਂ PSEB ਦੇ ਦਫ਼ਤਰ ਮੂਹਰੇ ਧਰਨੇ ਉੱਤੇ ਬੈਠੇ ਹੋਏ ਹਨ।  ਵਿਵਾਦਤ ਪੁਸਤਕਾਂ ਦੇ ਮਾਮਲੇ ‘ਚ ਲੇਖਕਾਂ/ਪਬਲਿਸ਼ਰਾਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਸਿੱਖ ਇਤਿਹਾਸ ਨੂੰ ਤੋੜ ਮਰੋੜ ਕੇ ਪੇਸ਼ ਕਰਨ ਦੇ ਮਾਮਲੇ ‘ਚ ਧਾਰਾ 295-A, 153-A, 504, ਅਤੇ 120-B ਤਹਿਤ ਕੇਸ ਦਰਜ ਕੀਤਾ ਗਿਆ ਹੈ।

ਬਲਦੇਵ ਸਿੰਘ ਸਿਰਸਾ ਵੱਲੋਂ ਇਤਿਹਾਸ ਦੀਆਂ ਕਿਤਾਬਾਂ ਵਿੱਚ ਸਿੱਖ ਧਰਮ ਅਤੇ ਗੁਰੂਆਂ ਬਾਰੇ ਦਿੱਤੀ ਜਾਣਕਾਰੀ ਨੂੰ ਤੋੜ ਮਰੋੜ ਕੇ ਪੇਸ਼ ਕਰਨ ਦੇ ਖਿਲਾਫ ਸੰਘਰਸ਼ ਛੇੜਿਆ ਗਿਆ ਸੀ। ਸਕੂਲ ਬੋਰਡ ਅਤੇ ਪ੍ਰਦਰਸ਼ਨਕਾਰੀਆਂ ਦਰਮਿਆਨ ਮਸਲਿਆਂ ਨੂੰ ਲੈ ਕੇ ਕਈ ਮੀਟਿੰਗਾਂ ਵੀ ਹੋਈਆਂ ਪਰ ਬੋਰਡ ਪ੍ਰਸ਼ਾਸਨ ਪੈਰਾਂ ਉੱਤੇ ਪਾਣੀ ਪੈਣ ਨਹੀਂ ਸੀ ਦੇ ਰਿਹਾ। ਸਿਰਸਾ ਵੱਲੋਂ ਆਪਣੇ ਸਾਥੀਆਂ ਸਮੇਤ ਸੰਘਰਸ਼ ਕਾਂਗਰਸ ਸਰਕਾਰ ਦੇ ਰਾਜ ਵੇਲੇ ਛੇੜਿਆ ਗਿਆ ਸੀ ਪਰ ਕਾਰਵਾਈ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸੁਰੂ ਹੋਈ ਹੈ। ਇੱਥੇ ਇਹ ਦੱਸਣਾ ਵੀ ਜ਼ਰੂਰੀ ਹੋਵੇਗਾ ਕਿ ਪ੍ਰਦਰਸ਼ਨਕਾਰੀਆਂ ਵੱਲੋਂ ਸਿਰਸਾ ਦੀ ਅਗਵਾਈ ਵਿੱਚ 16 ਮਈ ਤੋਂ ਸਕੂਲ ਬੋਰਡ ਦੇ ਦੋਵੇਂ ਗੇਟ ਅਣਮਿੱਥੇ ਸਮੇਂ ਲਈ ਬੰਦ ਕਰਨ ਦੀ ਧਮਕੀ ਦਿੱਤੀ ਗਈ ਸੀ।