ਚੰਡੀਗੜ੍ਹ : ਜਨਵਰੀ 2022 ਵਿੱਚ ਪੰਜਾਬ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰਖਿਆ ਵਿੱਚ ਕੁਤਾਹੀ ਮਾਮਲੇ ਵਿੱਚ ਕਾਰਵਾਈ ਵਿੱਚ ਦੇਰੀ ਹੋਣ ਉੱਤੇ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਪ੍ਰਤੀ ਸ਼ਖਤ ਨਰਾਜ਼ਗੀ ਜਤਾਈ ਹੈ। ਇੰਨਾ ਹੀ ਨਹੀਂ ਕੇਂਦਰ ਗ੍ਰਹਿ ਵਿਭਾਗ ਨੇ ਚਿਤਾਵਨੀ ਵੀ ਦਿੱਤੀ ਹੈ ਕਿ ਜੇਕਰ ਸੂਬਾ ਸਰਕਾਰ ਜ਼ਿੰਮੇਵਾਰ ਅਧਿਕਾਰੀਆਂ ਖਿਲਾਫ ਤੁਰੰਤ ਕਾਰਵਾਈ ਨਹੀਂ ਕਰਦੀ ਤਾਂ ਉਹ ਖੁਦ ਆਪਣੇ ਤੌਰ ‘ਤੇ ਕਾਰਵਾਈ ਕਰੇਗਾ। ਪੰਜਾਬੀ ਟ੍ਰਿਬਿਊਨ ਦੀ ਰਿਪੋਰਟ ਮੁਤਾਬਕ ਹਾਲ ਹੀ ਦੇ ਪੱਤਰ ਵਿੱਚ ਇਨ੍ਹਾਂ ਗੱਲਾ ਦਾ ਖੁਲਾਸਾ ਹੋਇਆ ਹੈ। ਦੱਸ ਦੇਈਏ ਕਿ ਇਹ ਨੌਂ ਮਹੀਨਿਆਂ ਦੇ ਅੰਦਰ ਇਹ ਦੂਜੀ ਵਾਰ ਹੈ ਜਦੋਂ ਗ੍ਰਹਿ ਵਿਭਾਗ ਨੇ ਇਸ ਮੁੱਦੇ ‘ਤੇ ਰਾਜ ਸਰਕਾਰ ਦੀ ਆਲੋਚਨਾ ਕੀਤੀ ਹੈ।
ਅਖਬਾਰ ਦੀ ਰਿਪੋਰਟ ਮੁਤਾਬਕ ਮਾਰਚ 2023 ਵਿੱਚ ਕੇਂਦਰੀ ਗ੍ਰਹਿ ਸਕੱਤਰ ਅਜੈ ਭੱਲਾ ਨੇ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਨ ਵਿੱਚ ਦੇਰੀ ਬਾਰੇ ਸਵਾਲ ਉਠਾਏ ਸਨ। ਇਸ ਤੋਂ ਬਾਅਦ ਸਰਕਾਰ ਨੇ ਕਾਰਵਾਈ ਦੀ ਰਿਪੋਰਟ, ਨੋਟਿਸ ਅਤੇ ਚਾਰਜਸ਼ੀਟ ਜਾਰੀ ਕੀਤੀ। ਹਾਲਾਂਕਿ, ਅੱਠ ਮਹੀਨਿਆਂ ਬਾਅਦ ਵੀ ਕੋਈ ਠੋਸ ਕਾਰਵਾਈ ਨਾ ਕੀਤੇ ਜਾਣ ਕਾਰਨ, ਗ੍ਰਹਿ ਮੰਤਰਾਲੇ ਨੇ ਇੱਕ ਤਾਜ਼ਾ ਸਖ਼ਤ ਸ਼ਬਦਾਂ ਵਾਲਾ ਪੱਤਰ ਜਾਰੀ ਕੀਤਾ ਹੈ, ਜਿਸ ਵਿੱਚ ਸਰਕਾਰ ਦੇ ਅੜਿੱਕੇ ਰਹਿਣ ‘ਤੇ ਮੰਤਰਾਲੇ ਵੱਲੋਂ ਕਾਰਵਾਈ ਕੀਤੇ ਜਾਣ ਦੀ ਸੰਭਾਵਨਾ ਜਤਾਈ ਗਈ ਹੈ।
ਸੁਪਰੀਮ ਕੋਰਟ ਦੀ ਕਮੇਟੀ ਨੇ ਇਨ੍ਹਾਂ ਅਧਿਕਾਰੀਆਂ ਨੂੰ ਠਹਿਰਾਇਆ ਸੀ ਜਿੰਮੇਵਾਰ
ਸੁਪਰੀਮ ਕੋਰਟ ਦੁਆਰਾ ਨਿਯੁਕਤ ਅਤੇ ਸੇਵਾਮੁਕਤ ਜੱਜ ਦੀ ਅਗਵਾਈ ਵਾਲੀ ਇੱਕ ਕਮੇਟੀ ਨੇ ਸੁਰੱਖਿਆ ਵਿੱਚ ਕੁਤਾਹੀ ਲਈ ਤਤਕਾਲੀ ਡੀਜੀਪੀ ਸਿਧਾਰਥ ਚਟੋਪਾਧਿਆਏ ਅਤੇ ਮੁੱਖ ਸਕੱਤਰ ਅਨਿਰੁਧ ਤਿਵਾੜੀ ਤੋਂ ਇਲਾਵਾ ਕਈ ਏਡੀਜੀਪੀ, ਆਈਜੀ ਅਤੇ ਐਸਐਸਪੀ ਸਮੇਤ ਕਈ ਅਧਿਕਾਰੀਆਂ ਨੂੰ ਦੋਸ਼ੀ ਠਹਿਰਾਇਆ ਸੀ, ਪਰ ਰਾਜ ਸਰਕਾਰ ਅਜੇ ਤੱਕ ਉਨ੍ਹਾਂ ਖਿਲਾਫ ਕਾਰਵਾਈ ਨਹੀਂ ਕੀਤੀ ਗਈ। ਹਾਲਾਂਕਿ ਇਨ੍ਹਾਂ ‘ਚੋਂ ਜ਼ਿਆਦਾਤਰ ਅਧਿਕਾਰੀ ਭਾਰਤੀ ਪੁਲਿਸ ਸੇਵਾ (ਆਈ.ਪੀ.ਐੱਸ.) ਕੇਡਰ ਨਾਲ ਸਬੰਧਤ ਹਨ।
ਇਸ ਤੋਂ ਇਲਾਵਾ ਤਤਕਾਲੀ ਡੀਜੀਪੀ ਅਤੇ ਮੁੱਖ ਸਕੱਤਰ ਤੋਂ ਇਲਾਵਾ, ਜਸਟਿਸ ਇੰਦੂ ਮਲਹੋਤਰਾ ਕਮੇਟੀ ਦੀ ਰਿਪੋਰਟ 25 ਅਗਸਤ, 2022 ਨੂੰ ਸੌਂਪੀ ਗਈ ਸੀ। ਇਸ ਕਮੇਟੀ ਨੇ ਵੀ ਡੀਆਈਜੀ ਇੰਦਰਬੀਰ ਸਿੰਘ ਅਤੇ ਐਸਐਸਪੀ, ਫਿਰੋਜ਼ਪੁਰ, ਹਰਮਨਦੀਪ ਸਿੰਘ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 5 ਜਨਵਰੀ, 2022 ਦੀ ਫੇਰੀ ਦੌਰਾਨ ਸੁਰੱਖਿਆ ਵਿੱਚ ਕਮੀ ਲਈ ਜ਼ਿੰਮੇਵਾਰ ਠਹਿਰਾਇਆ ਸੀ।
ਹੁਣ ਤੱਕ ਇਨ੍ਹਾਂ ਅਧਿਕਾਰੀਆਂ ਖਿਲਾਫ ਹੋਈ ਕਾਰਵਾਈ
ਸੂਬਾ ਸਰਕਾਰ ਨੇ ਇਸ ਮਾਮਲੇ ਵਿੱਚ ਹੁਣ ਤੱਕ ਪੰਜਾਬ ਪੁਲਿਸ ਸੇਵਾ ਕੇਡਰ ਨਾਲ ਸਬੰਧਿਤ ਸਿਰਫ਼ ਸੱਤ ਅਧਿਕਾਰੀਆਂ ਨੂੰ ਮੁਅੱਤਲ ਕੀਤਾ ਹੈ। ਸਰਕਾਰ ਨੇ ਪਿਛਲੇ ਮਹੀਨੇ ਐਸਪੀ ਗੁਰਵਿੰਦਰ ਸਿੰਘ, ਡੀਐਸਪੀ ਪ੍ਰਸੋਨ ਸਿੰਘ ਅਤੇ ਜਗਦੀਸ਼ ਕੁਮਾਰ ਅਤੇ ਹੋਰਾਂ ਨੂੰ ਮੁਅੱਤਲ ਕਰ ਦਿੱਤਾ ਸੀ।
ਕਾਰਵਾਈ ਵਿੱਚ ਦੇਰੀ ਦੀ ਵਜ੍ਹਾ
ਪੰਜਾਬੀ ਟ੍ਰਿਬਿਊਨ ਦੀ ਰਿਪੋਰਟ ਮੁਤਾਬਕ ਅਧਿਕਾਰੀਆਂ ਨੇ ਕਿਹਾ ਕਿ ਕਾਰਵਾਈ ਵਿੱਚ ਦੇਰੀ ਹੋਈ ਕਿਉਂਕਿ ਕੁਝ ਦੋਸ਼ੀ ਅਧਿਕਾਰੀਆਂ ਨੇ ਕਾਰਨ ਦੱਸੋ ਨੋਟਿਸ ਦਾ ਜਵਾਬ ਨਹੀਂ ਦਿੱਤਾ ਸੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਦੇ ਦੌਰੇ ਦੇ ਸੁਰੱਖਿਆ ਪ੍ਰਬੰਧਨ ਦਾ ਰਿਕਾਰਡ ਮੰਗਿਆ ਸੀ ਅਤੇ ਕਿਹਾ ਸੀ ਕਿ ਉਨ੍ਹਾਂ ਨੂੰ ਮਿੰਟ-ਦਰ-ਮਿੰਟ ਵੇਰਵੇ ਯਾਦ ਨਹੀਂ ਹਨ।
ਜ਼ਿਕਰਯੋਗ ਹੈ ਕਿ ਇਹ ਘਟਨਾ ਫਿਰੋਜ਼ਪੁਰ ਵਿੱਚ ਪ੍ਰਧਾਨ ਮੰਤਰੀ ਦੀ ਰੈਲੀ ਦੌਰਾਨ ਵਾਪਰੀ ਸੀ। ਜਦੋਂ ਪੀਐੱਮ ਮੋਦੀ ਹੁਸੈਨੀਵਾਲਾ ਸਥਿਤ ਸ਼ਹੀਦੀ ਸਮਾਰਕ ‘ਤੇ ਸ਼ਰਧਾਂਜਲੀ ਦੇਣ ਜਾ ਰਹੇ ਸਨ ਤਾਂ ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ਦੇ ਕਾਫਲੇ ਨੂੰ ਰੋਕ ਦਿੱਤਾ ਸੀ।