India

ਸਿਸੋਦੀਆ ਦੀ ਗ੍ਰਿਫਤਾਰੀ ਦੇ ਵਿਰੁੱਧ ਸਨ CBI ਅਧਿਕਾਰੀ : ਅਰਵਿੰਦ ਕੇਜਰੀਵਾਲ

CBI officials were against Sisodia's arrest: Arvind Kejriwal

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ ਤੋਂ ਬਾਅਦ ਦਾਅਵਾ ਕੀਤਾ ਕਿ ਸੀਬੀਆਈ ਦੇ ਜ਼ਿਆਦਾਤਰ ਅਧਿਕਾਰੀ ਉਨ੍ਹਾਂ ਦੇ ਡਿਪਟੀ ਮਨੀਸ਼ ਸਿਸੋਦੀਆ ਨੂੰ ਗ੍ਰਿਫਤਾਰ ਕਰਨ ਦਾ ਵਿਰੋਧ ਕਰ ਰਹੇ ਸਨ ਪਰ ਸਿਆਸੀ ਦਬਾਅ ਕਾਰਨ ਅਜਿਹਾ ਕੀਤਾ ਗਿਆ।

ਕੇਜਰੀਵਾਲ ਨੇ ਟਵੀਟ ਕਰਦਿਆਂ ਕਿਹਾ ਕਿ ‘ਮੈਨੂੰ ਦੱਸਿਆ ਗਿਆ ਹੈ ਕਿ ਜ਼ਿਆਦਾਤਰ ਸੀਬੀਆਈ ਅਧਿਕਾਰੀ ਮਨੀਸ਼ ਦੀ ਗ੍ਰਿਫਤਾਰੀ ਦੇ ਵਿਰੁੱਧ ਸਨ। ਉਨ੍ਹਾਂ ਸਾਰਿਆਂ ਦਾ ਸਿਸੋਦੀਆ ਲਈ ਬਹੁਤ ਸਤਿਕਾਰ ਹੈ ਅਤੇ ਉਨ੍ਹਾਂ ਵਿਰੁੱਧ ਕੋਈ ਸਬੂਤ ਨਹੀਂ ਹੈ ਪਰ ਸਿਸੋਦੀਆ ਨੂੰ ਗ੍ਰਿਫਤਾਰ ਕਰਨ ਦਾ ਸਿਆਸੀ ਦਬਾਅ ਇੰਨਾ ਜ਼ਿਆਦਾ ਸੀ ਕਿ ਉਨ੍ਹਾਂ ਨੂੰ ਕਹਿਣਾ ਮੰਨਣਾ ਪਿਆ।

ਉੱਧਰ ਸਿਸੋਦੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ‘ਆਪ’ ਵੱਲੋਂ ਪ੍ਰਦਰਸ਼ਨ ਕੀਤਾ ਗਿਆ, ਜਿਸ ਦੇ ਮੱਦੇਨਜ਼ਰ ਦਿੱਲੀ ’ਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ। ਸੀਬੀਆਈ ਨੇ ਐਤਵਾਰ ਨੂੰ ਸਿਸੋਦੀਆ ਨੂੰ ਸ਼ਰਾਬ ਦੀ ਵਿਕਰੀ ਨਾਲ ਸਬੰਧਤ ਹੁਣ ਰੱਦ ਕੀਤੀ ਆਬਕਾਰੀ ਨੀਤੀ ਵਿੱਚ ਕਥਿਤ ਭ੍ਰਿਸ਼ਟਾਚਾਰ ਦੇ ਸਬੰਧ ਵਿੱਚ ਗ੍ਰਿਫਤਾਰ ਕੀਤਾ ਹੈ।

ਗ੍ਰਿਫ਼ਤਾਰੀ ਤੋਂ ਬਾਅਦ ਕੱਲ੍ਹ ਦੇ ਮੁਕਾਬਲੇ ਅੱਜ ਸਵੇਰ ਤੋਂ ਹੀ ਸੀਬੀਆਈ ਦਫ਼ਤਰ ਦੇ ਬਾਹਰ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਦਫ਼ਤਰ ਦੇ ਬਾਹਰ ਕਰੀਬ 4 ਲੇਅਰ ਬੈਰੀਕੇਡਿੰਗ ਕੀਤੀ ਗਈ ਹੈ। ਸੀਬੀਆਈ ਦਫ਼ਤਰ ਦੇ ਬਾਹਰ ਨੀਮ ਫ਼ੌਜੀ ਬਲ ਵੀ ਤਾਇਨਾਤ ਹਨ। ਸੁਰੱਖਿਆ ਵਿਵਸਥਾ ਦੇ ਮੱਦੇਨਜ਼ਰ ਇੱਥੇ ਸੁਰੱਖਿਆ ਜਾਂਚ ਲਈ ਵੱਡੀ ਗਿਣਤੀ ਵਿੱਚ ਸੀਆਰਪੀਐਫ ਅਤੇ ਸੀਆਈਐਸਐਫ ਦੇ ਜਵਾਨ ਤਾਇਨਾਤ ਹਨ।

ਦੱਸ ਦਈਏ ਕਿ ਸ਼ਰਾਬ ਮਾਮਲੇ ਨੂੰ ਲੈ ਕੇ ਸੀਬੀਆਈ ਵੱਲੋਂ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਪੰਜਾਬ ਦੇ ਮੁੱਖ ਮੰਤਰੀ ਅਤੇ ਮੰਤਰੀਆਂ ਵੱਲੋਂ ਕੇਂਦਰ ਸਰਕਾਰ ਦੀ ਨਿਖੇਧੀ ਕੀਤੀ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮਨੀਸ਼ ਸਿਸੋਦੀਆ ਦੇ ਘਰ ਪਹੁੰਚੇ ਹਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ ਅਸਲ ਵਿੱਚ ਦਿੱਲੀ ਦੇ ਲੱਖਾਂ ਬੱਚਿਆਂ ਦੀ ਤੌਹੀਨ ਹੈ। ਉਨ੍ਹਾਂ ਕਿਹਾ ਕਿ ਸਕੂਲ ਬਣਾਉਣ ਵਾਲਿਆਂ ਨੂੰ ਜੇਲ੍ਹ ਭੇਜਣਾ ਭਾਜਪਾ ਦੇ ‘ਏਜੰਡੇ’ ਦਾ ਹਿੱਸਾ ਹੈ।

ਜ਼ਿਕਰਯੋਗ ਹੈ ਕਿ ਸ਼ਰਾਬ ਨੀਤੀ ਮਾਮਲੇ ਵਿੱਚ ਅੱਜ ਸੀਬੀਆਈ ਵੱਲੋਂ ਜਾਂਚ ਲਈ ਮਨੀਸ਼ ਸਿਸੋਦੀਆ ਨੂੰ ਬੁਲਾਇਆ ਗਿਆ ਸੀ। ਸੀਬੀਆਈ ਨੇ ਕਰੀਬ 8 ਘੰਟੇ ਤੱਕ ਪੁੱਛਗਿੱਛ ਕੀਤੇ ਜਾਣ ਤੋਂ ਬਾਅਦ ਮਨੀਸ਼ ਸਿਸੋਦੀਆ ਨੂੰ ਗ੍ਰਿਫਤਾਰ ਕਰ ਲਿਆ ਸੀ।