The Khalas Tv Blog India CBSE ਨੇ ਪੰਜਾਬੀ ਭਾਸ਼ਾ ਨਾਲ ਕੀਤਾ ਮਤਰੇਈ ਮਾਂ ਵਾਲਾ ਸਲੂਕ
India Punjab

CBSE ਨੇ ਪੰਜਾਬੀ ਭਾਸ਼ਾ ਨਾਲ ਕੀਤਾ ਮਤਰੇਈ ਮਾਂ ਵਾਲਾ ਸਲੂਕ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੀਬੀਐੱਸਈ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਕਲਾਸ ਦੀ ਜਾਰੀ ਡੇਟਸ਼ੀਟ ਵਿੱਚ ਪੰਜਾਬੀ ਵਿਸ਼ੇ ਨੂੰ ਮੁੱਖ ਵਿਸ਼ਿਆਂ ਵਿੱਚੋਂ ਬਾਹਰ ਕੱਢਿਆ ਗਿਆ ਹੈ। ਪੰਜਾਬ ਦੇ ਸਿੱਖਿਆ ਅਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਨੇ ਇਸ ਫ਼ੈਸਲੇ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਕੇਂਦਰੀ ਬੋਰਡ ਨੂੰ ਇਸ ਫ਼ੈਸਲੇ ਉੱਤੇ ਮੁੜ ਗ਼ੌਰ ਕਰਨ ਦੀ ਅਪੀਲ ਕੀਤੀ ਹੈ। ਪਰਗਟ ਸਿੰਘ ਨੇ ਸੀਬੀਐੱਸਈ ਵੱਲੋਂ ਸਾਰੀਆਂ ਖੇਤਰੀ ਭਾਸ਼ਾਵਾਂ ਨੂੰ ਮਾਈਨਰ ਵਿਸ਼ਿਆਂ ਵਿੱਚ ਸ਼ਾਮਲ ਕਰਨ ਦੇ ਫ਼ੈਸਲੇ ਨੂੰ ਦੇਸ਼ ਭਰ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਨੂੰ ਆਪਣੀ ਮਾਤ ਭਾਸ਼ਾ ਤੋਂ ਦੂਰ ਕਰਨ ਦੀ ਸਾਜਿਸ਼ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਸਬੰਧਤ ਸੂਬਿਆਂ ਦੇ ਵਿਦਿਆਰਥੀਆਂ ਨਾਲ ਧੱਕਾ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਭਾਰਤੀ ਸੰਵਿਧਾਨ ਦੀ ਮੂਲ ਭਾਵਨਾ ਦੇ ਉਲਟ ਹੈ।

ਪਰਗਟ ਸਿੰਘ ਨੇ ਕਿਹਾ ਕਿ ਘੱਟੋ-ਘੱਟ ਸਬੰਧਤ ਸੂਬੇ ਵਿੱਚ ਉੱਥੋਂ ਦੀ ਮਾਤ ਭਾਸ਼ਾ ਜਿਵੇਂ ਕਿ ਪੰਜਾਬ ਵਿੱਚ ਪੰਜਾਬੀ ਹੈ, ਨੂੰ ਮੁੱਖ ਵਿਸ਼ੇ ਵਿੱਚ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਹਰ ਸੂਬੇ ਵਿੱਚ ਉੱਥੋਂ ਦੀ ਸਥਾਨਕ ਮਾਤ ਭਾਸ਼ਾ ਮੁੱਖ ਵਿਸ਼ੇ ਵਿੱਚ ਸ਼ਾਮਲ ਹੋਵੇ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਜੇ ਲੋੜ ਪਈ ਤਾਂ ਉਹ ਕੇਂਦਰੀ ਸਿੱਖਿਆ ਮੰਤਰੀ ਕੋਲ ਵੀ ਪਹੁੰਚ ਕਰ ਕੇ ਫੈਸਲਾ ਵਾਪਸ ਕਰਵਾਉਣ ਲਈ ਚਾਰਾਜੋਈ ਕਰਨਗੇ।

Exit mobile version