‘ਦ ਖ਼ਾਲਸ ਬਿਊਰੋ : ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਅੱਜ ਰਾਜ ਸਭਾ ਵਿੱਚ ਐਮਐਸਪੀ ਬਾਰੇ ਇੱਕ ਕਮੇਟੀ ਗਠਨ ਕਰਨ ਦਾ ਐਲਾਨ ਕੀਤਾ । ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਵਿਧਾਨ ਸਭਾ ਚੋਣਾਂ ਤੋਂ ਬਾਅਦ ਪੰਜ ਰਾਜਾਂ ਵਿੱਚ ਐਮਐਸਪੀ ਕਮੇਟੀ ਦੇ ਗਠਨ ਦਾ ਐਲਾਨ ਕਰੇਗੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਐਮਐਸਪੀ ਕਮੇਟੀ ਵਿੱਚ ਕਿਸਾਨ ਯੂਨੀਅਨ ਦੇ ਮੈਂਬਰ, ਵਿਗਿਆਨੀ ਅਤੇ ਮਾਹਿਰ ਸ਼ਾਮਲ ਹੋਣਗੇ। ਉਨ੍ਹਾਂ ਨੇ ਕਿਹਾ ਕਿ 2018-19 ਤੋਂ ਪਹਿਲਾਂ ਅਜਿਹੀ ਕੋਈ ਵਿਵਸਥਾ ਨਹੀਂ ਸੀ ਕਿ MSP ਨੂੰ ਕਿਸਾਨਾਂ ਲਈ ਲਾਭਕਾਰੀ ਬਣਾਇਆ ਜਾਵੇ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ 2018-19 ਵਿੱਚ ਇਸ ਨੂੰ ਸਵੀਕਾਰ ਕੀਤਾ ਸੀ ਅਤੇ ਹੁਣ ਐਮਐਸਪੀ ਵੱਧ ਕੇ ਮਿਲ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪਿਛਲੇ 7 ਸਾਲਾਂ ਤੋਂ ਐਮਐਸਪੀ ‘ਤੇ ਪਹਿਲਾਂ ਤੋਂ ਦੁੱਗਣੇ ਰੇਟ ਦਿੱਤੇ ਗਏ ਹਨ। ਬਜਟ ਵਿੱਚ ਵੀ 2 ਲੱਖ 37 ਹਜ਼ਾਰ ਕਰੋੜ ਰੁਪਏ ਕਿਸਾਨਾਂ ਨੂੰ ਲਾਹੇਵੰਦ ਭਾਅ ਲਈ ਦਿੱਤੇ ਜਾਣ ਦਾ ਪ੍ਰਬੰਧ ਕੀਤਾ ਗਿਆ ਹੈ।