ਚੰਡੀਗੜ੍ਹ : ਕਿਸਾਨ ਅੰਦੋਲਨ ਦਾ ਅੱਜ 11ਵਾਂ ਦਿਨ ਹੈ। ਕਿਸਾਨ-ਮਜ਼ਦੂਰ ਮੋਰਚਾ ਅੱਜ ਦਿੱਲੀ ਮਾਰਚ ਬਾਰੇ ਫ਼ੈਸਲਾ ਲਵੇਗਾ। 21 ਫਰਵਰੀ ਨੂੰ ਖਨੌਰੀ ਸਰਹੱਦ ‘ਤੇ ਨੌਜਵਾਨ ਸ਼ੁਭਕਰਨ ਦੀ ਮੌਤ ਤੋਂ ਬਾਅਦ ਕਿਸਾਨਾਂ ਨੇ ਦਿੱਲੀ ਮਾਰਚ ਰੋਕ ਦਿੱਤਾ ਸੀ। ਜਿਸ ਤੋਂ ਬਾਅਦ ਕਿਸਾਨ ਆਗੂਆਂ ਨੇ ਸ਼ੁਭਕਰਨ ਨੂੰ ਸ਼ਹੀਦ ਦਾ ਦਰਜਾ ਦੇਣ ਦੀ ਗੱਲ ਕਹੀ ਸੀ।
ਇਸ ਬਾਰੇ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੱਲ੍ਹ ਦੇਰ ਰਾਤ ਨੌਜਵਾਨ ਸ਼ੁਭਕਰਨ ਦੇ ਮਾਮਲੇ ‘ਤੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨਾਲ ਚਰਚਾ ਹੋਈ। ਉਨ੍ਹਾਂ ਨੇ ਦੱਸਿਆ ਕਿ ਸਰਕਾਰ ਨੇ ਉਨ੍ਹਾਂ ਦਾ ਪ੍ਰਸਤਾਵ ਮੰਨ ਲਿਆ ਹੈ। ਨੌਜਵਾਨ ਸ਼ੁਭਕਰਨ ਦੇ ਸਸਕਾਰ ਬਾਰੇ ਗੱਲ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂਂ ਸਮਾਂ ਸਰਕਾਰ ਹਰਿਆਣੇ ਦੇ ਅਧਿਕਾਰੀਆਂ ਅਤੇ ਅਰਧ ਸੈਨਿਕ ਬਲਾਂ ਅਤੇ ਪੁਲਿਸ ‘ਤੇ ਕੋਈ ਕਾਰਵਾਈ ਜਾਂ ਐਫਆਈਆਰ ਦਰਜ ਨਹੀਂ ਕਰਦੀ ਉਨ੍ਹਾਂ ਚਿਰ ਸ਼ਾਇਦ ਕੋਈ ਗੱਲ ਅੱਗੇ ਨਾ ਵੱਧ ਸਕੇ।
ਪੰਧੇਰ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਕਤਲ ਦਾ ਕੇਸ ਦਰਜ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਸ਼ੁਭਕਰਨ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ। ਉਨ੍ਹਾਂ ਨੇ ਦੱਸਿਆ ਕਿ ਕੱਲ੍ਹ ਸ਼ਾਮ 4 ਵਜੇ ਸਰਕਾਰ ਕੋਲ ਉਨ੍ਹਾਂ ਦੀਆਂ ਮੰਗਾਂ ਪਹੁੰਚ ਗਈਆਂ ਸਨ ਪਰ ਹਾਲੇ ਤੱਕ ਸਰਕਾਰ ਵੱਲੋਂ ਕੋਈ ਜਵਾਬ ਨਹੀਂ ਆਇਆ।
ਕੇਂਦਰ ਸਰਕਾਰ ਦੇ ਗੱਲਬਾਤ ਦੇ ਸੱਦੇ ਬਾਰੇ ਉਨ੍ਹਾਂ ਨੇ ਕਿਹਾ ਕਿ ਕੇਂਦਰ ਲਗਾਤਾਰ ਇਹ ਕਹਿ ਰਿਹਾ ਹੈ ਕਿ ਉਹ ਗੱਲਬਾਤ ਲਈ ਤਿਆਰ ਹੈ ਪਰ ਕੇਂਦਰ ਏਜੰਡਾ ਤਿਆਰ ਕਰਨ ਤੋਂ ਭੱਜ ਰਹੀ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਕਿਸਾਨਾਂ ਵੱਲੋਂ ਇਹ ਕਿਹਾ ਗਿਆ ਕਿ MSP ਖ਼ਰੀਦ ਦੀ ਗਾਰੰਟੀ ਕਾਨੂੰਨ ਬਣਾਉਣ ਦੇ ਹੱਲ ਲਈ ਸਰਕਾਰ ਮੀਟਿੰਗ ਰੱਖੇ ਜਿਸ ‘ਤੇ ਕੇਂਦਰ ਸਰਕਾਰ ਅੜੀ ਹੋਈ ਹੈ।