ਕੇਂਦਰ ਸਰਕਾਰ ਨੇ ਸਟੇਟ ਡਿਜ਼ਾਸਟਰ ਰਿਸਪਾਂਸ ਫੰਡ (ਐਸਡੀਆਰਐਫ) ਤਹਿਤ ਪੰਜਾਬ ਲਈ ਵਿੱਤੀ ਸਾਲ 2025-26 ਵਿੱਚ 240 ਕਰੋੜ ਰੁਪਏ ਦੀ ਦੂਸਰੀ ਅਡਵਾਂਸ ਕਿਸ਼ਤ ਜਾਰੀ ਕੀਤੀ ਹੈ। ਇਹ ਰਾਸ਼ੀ ਸੂਬੇ ਵਿੱਚ ਹੜ੍ਹ ਦੀ ਸਥਿਤੀ ਨੂੰ ਦੇਖਦੇ ਹੋਏ ਰਾਹਤ ਕਾਰਜਾਂ ਲਈ ਜਾਰੀ ਕੀਤੀ ਗਈ ਹੈ। ਨਾਲ ਹੀ, ਹਿਮਾਚਲ ਪ੍ਰਦੇਸ਼ ਨੂੰ ਵੀ 198 ਕਰੋੜ ਰੁਪਏ ਦੀ ਅਡਵਾਂਸ ਕਿਸ਼ਤ ਮਿਲੀ ਹੈ।
ਕੇਂਦਰ ਨੇ ਭਾਰਤੀ ਰਿਜ਼ਰਵ ਬੈਂਕ ਨੂੰ ਨਿਰਦੇਸ਼ ਦਿੱਤੇ ਹਨ ਕਿ ਇਹ ਰਕਮ ਤੁਰੰਤ ਸੂਬਿਆਂ ਦੇ ਖਾਤਿਆਂ ਵਿੱਚ ਜਮ੍ਹਾ ਕਰਵਾਈ ਜਾਵੇ, ਤਾਂ ਜੋ ਆਫ਼ਤ ਪ੍ਰਬੰਧਨ ਅਤੇ ਰਾਹਤ ਕਾਰਜ ਸਮੇਂ ਸਿਰ ਸ਼ੁਰੂ ਹੋ ਸਕਣ। ਗ੍ਰਹਿ ਮੰਤਰਾਲੇ ਦੀ ਸਿਫਾਰਸ਼ ‘ਤੇ ਜਾਰੀ ਇਸ ਰਾਸ਼ੀ ਦੀ ਵਰਤੋਂ ਐਸਡੀਆਰਐਫ ਅਤੇ ਐਨਡੀਆਰਐਫ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੀ ਜਾਵੇਗੀ, ਜੋ 15ਵੇਂ ਵਿੱਤ ਕਮਿਸ਼ਨ ਦੀਆਂ ਸਿਫਾਰਸ਼ਾਂ ‘ਤੇ ਅਧਾਰਤ ਹਨ।
ਇਸ ਦੌਰਾਨ, ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਨਵੀਂ ਦਿੱਲੀ ਵਿੱਚ ਹੋਏ ਰਬੀ ਸੀਜ਼ਨ ਸੰਮੇਲਨ-2025 ਵਿੱਚ ਅਪੀਲ ਕੀਤੀ ਕਿ ਸਰਹੱਦੀ ਜ਼ਿਲ੍ਹਿਆਂ ਵਿੱਚ ਹੜ੍ਹ ਕਾਰਨ ਸਿਲਟ ਨਾਲ ਪ੍ਰਭਾਵਿਤ ਖੇਤੀਬਾੜੀ ਜ਼ਮੀਨ ਨੂੰ ਸਾਫ ਕਰਨ ਲਈ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ (ਆਰਕੇਵੀਵਾਈ) ਤਹਿਤ 151 ਕਰੋੜ ਰੁਪਏ ਜਾਰੀ ਕੀਤੇ ਜਾਣ। ਉਨ੍ਹਾਂ ਨੇ ਦੱਸਿਆ ਕਿ ਹੜ੍ਹ ਨੇ ਖੇਤੀਬਾੜੀ ਜ਼ਮੀਨ ਅਤੇ ਖੜ੍ਹੀਆਂ ਫਸਲਾਂ ਨੂੰ ਵੱਡਾ ਨੁਕਸਾਨ ਪਹੁੰਚਾਇਆ ਹੈ।