‘ਦ ਖ਼ਾਲਸ ਬਿਊਰੋ : ਕੇਂਦਰ ਸਰਕਾਰ ਨੇ ਚੰਡੀਗੜ੍ਹ ਵਿੱਚ ਕੇਂਦਰ ਦੇ ਸਰਵਿਸ ਰੂਲ ‘ਚ ਲੈਣ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਨਵੇਂ ਫੈਸਲੇ 1 ਅਪ੍ਰੈਲ ਤੋਂ ਲਾਗੂ ਹੋਣਗੇ। ਕੇਂਦਰੀ ਗ੍ਰਹਿ ਮੰਤਰੀ ਨੇ ਚੰਡੀਗੜ੍ਹ ਵਿੱਚ ਪਹਿਲਾਂ ਤੋਂ ਚੱਲੇ ਆ ਰਹੇ ਪੰਜਾਬ ਸਰਵਿਸ ਰੂਲਜ਼ ਦੀ ਬਜਾਏ ਕੇਂਦਰੀ ਸਰਵਿਸ ਰੂਲਜ਼ ਲਾਗੂ ਕਰਨ ਦਾ ਐਲਾਨ ਕੀਤਾ ਸੀ। ਇਸ ਸਬੰਧੀ ਅੱਜ ਨੋਟੀਫਿਕੇਸ਼ਨ ਵੀ ਜਾਰੀ ਹੋ ਗਿਆ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਸੇਵਾ ਨਿਯਮ ਲਾਗੂ ਹੁੰਦੇ ਸਨ।
ਇਹ ਨਿਯਮ ਚੰਡੀਗੜ੍ਹ ਪ੍ਰਸ਼ਾਸਨ ਦੇ ਸਾਰੇ ਮੁਲਾਜ਼ਮਾਂ ‘ਤੇ ਲਾਗੂ ਹੋਣਗੇ। ਕੇਂਦਰ ਸਰਕਾਰ ਦੇ ਇਸ ਫ਼ੈਸਲੇ ਦਾ ਪੰਜਾਬ ਸਰਕਾਰ ਨੇ ਤਿੱਖਾ ਵਿਰੋਧ ਕੀਤਾ ਸੀ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇਸ ਸੰਬੰਧੀ ਬਿਆਨ ਵੀ ਆਇਆ ਸੀ ਕਿ ਇਹ ਪੰਜਾਬ ਦੇ ਹੱਕਾਂ ਉੱਪਰ ਇਕ ਹੋਰ ਡਾਕਾ ਹੈ ਅਤੇ ਪੰਜਾਬ ਪੁਨਰਗਠਨ ਐਕਟ 1966 ਦੀ ਉਲੰਘਣਾ ਹੈ ਤੇ ਪੰਜਾਬ ਇਸ ਵਿਰੁਧ ਹਰ ਤਰਾਂ ਦਾ ਸੰਘਰਸ਼ ਕਰੇਗਾ ।
ਇਸ ਤੋਂ ਪਹਿਲਾਂ ਵੀ ਇਸੇ ਤਰ੍ਹਾਂ ਕੇਂਦਰ ਸਰਕਾਰ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਪੱਕੀ ਨੁਮਾਂਈਦਗੀ ਖਤਮ ਕਰ ਦਿੱਤੀ ਸੀ। ਦੂਜੇ ਪਾਸੇ ਹਰਿਆਣਾ ਦੇ ਮੁੱਖ ਮੰਤਰੀ ਖੁਦ ਨੂੰ ਇਸ ਪੂਰੇ ਮਾਮਲੇ ਤੋਂ ਅਨਜਾਣ ਦੱਸ ਰਹੇ ਹਨ। ਮਨੋਹਰ ਲਾਲ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਅਮਿਤ ਸ਼ਾਹ ਦੇ ਇਸ ਐਲਾਨ ਬਾਰੇ ਪਤਾ ਨਹੀਂ ਹੈ। ਹਾਲਾਂਕਿ ਉਨ੍ਹਾਂ ਨੇ ਇਹ ਜ਼ਰੂਰ ਕਿਹਾ ਚੰਡੀਗੜ੍ਹ ਤੇ ਪੰਜਾਬ ਅਤੇ ਹਰਿਆਣਾ ਦੋਹਾਂ ਦਾ ਹੱਕ ਹੈ , ਤੇ ਇਸਨੂੰ ਕੋਈ ਖੋਹ ਨਹੀਂ ਸਕਦਾ।