ਬਿਊਰੋ ਰਿਪੋਰਟ: ਪੰਜਾਬ ਵਿੱਚ ਇੱਕ ਸੈਮੀਕੰਡਕਟਰ ਪਲਾਂਟ ਸਥਾਪਤ ਕਰਨ ਦੇ ਫੈਸਲੇ ਨੂੰ ਕੇਂਦਰ ਸਰਕਾਰ ਦੀ ਕੈਬਨਿਟ ਨੇ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਦੇਸ਼ ਭਰ ਵਿੱਚ ਕੁੱਲ 4 ਪਲਾਂਟ ਸਥਾਪਤ ਕਰਨ ਦਾ ਫੈਸਲਾ ਕੀਤਾ ਗਿਆ ਹੈ, ਜਿਸ ਵਿੱਚ ਪੰਜਾਬ, ਓਡੀਸ਼ਾ ਅਤੇ ਆਂਧਰਾ ਪ੍ਰਦੇਸ਼ ਸ਼ਾਮਲ ਹਨ।
ਇਨ੍ਹਾਂ ਪਲਾਂਟਾਂ ’ਤੇ ਕੁੱਲ 4,594 ਕਰੋੜ ਰੁਪਏ ਦੀ ਲਾਗਤ ਆਵੇਗੀ। ਇਹ ਪ੍ਰੋਜੈਕਟ ਆਉਣ ਵਾਲੇ ਸਮੇਂ ਵਿੱਚ ਨੌਜਵਾਨਾਂ ਲਈ ਵੱਡੇ ਪੱਧਰ ’ਤੇ ਰੁਜ਼ਗਾਰ ਦੇ ਮੌਕੇ ਪੈਦਾ ਕਰੇਗਾ। ਪੰਜਾਬ ਸਰਕਾਰ ਪਹਿਲਾਂ ਹੀ ਇਸ ਪ੍ਰੋਜੈਕਟ ’ਤੇ ਕੰਮ ਕਰ ਰਹੀ ਹੈ।
ਪੰਜਾਬ ਭਾਜਪਾ ਦੇ ਆਗੂ ਰਵਨੀਤ ਸਿੰਘ ਬਿੱਟੂ ਨੇ ਟਵੀਟ ਕਰਕੇ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ।
Cabinet under the leadership of Hon’ble PM Shri Narendra Modi ji approves four new semiconductor manufacturing units in Odisha, Punjab and Andhra Pradesh with an outlay of ₹ 4600 crore and are expected to generate a cumulative employment for 2034 skilled professionals which… pic.twitter.com/belWCC6PD1
— Ravneet Singh Bittu (@RavneetBittu) August 12, 2025
ਮੁਹਾਲੀ ਵਿੱਚ ਬਣਾਇਆ ਜਾਵੇਗਾ ਸੈਮੀਕੰਡਕਟਰ ਪਾਰਕ
ਮੁਹਾਲੀ ਵਿੱਚ ਸੈਮੀਕੰਡਕਟਰ ਪਾਰਕ ਬਣਾਉਣ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਮਹੀਨੇ ਚੰਡੀਗੜ੍ਹ ਵਿੱਚ ਸੈਮੀਕੰਡਕਟਰ ਉਦਯੋਗ ਦੇ ਪ੍ਰਮੁੱਖ ਪ੍ਰਤੀਨਿਧੀਆਂ ਨਾਲ ਇੱਕ ਮੀਟਿੰਗ ਕੀਤੀ ਤਾਂ ਜੋ ਸੂਬੇ ਨੂੰ ਦੇਸ਼ ਦਾ ਮੋਹਰੀ ਸੈਮੀਕੰਡਕਟਰ ਹੱਬ ਬਣਾਉਣ ਲਈ ਰਣਨੀਤੀ ਤਿਆਰ ਕੀਤੀ ਜਾ ਸਕੇ। ਉਨ੍ਹਾਂ ਭਰੋਸਾ ਦਿੱਤਾ ਕਿ ਸਰਕਾਰ ਪੰਜਾਬ ਵਿੱਚ ਇੱਕ ਮਜ਼ਬੂਤ ਸੈਮੀਕੰਡਕਟਰ ਈਕੋਸਿਸਟਮ ਵਿਕਸਤ ਕਰਨ ਲਈ ਹਰ ਸੰਭਵ ਕਦਮ ਚੁੱਕੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਸੈਮੀਕੰਡਕਟਰ ਚਿਪਸ ਅੱਜ ਹਰ ਆਧੁਨਿਕ ਤਕਨਾਲੋਜੀ ਦਾ ਆਧਾਰ ਹਨ, ਜੋ ਬੁਨਿਆਦੀ ਯੰਤਰਾਂ ਤੋਂ ਲੈ ਕੇ ਆਰਟੀਫੀਸ਼ੀਅਲ ਇੰਟੈਲੀਜੈਂਸ ਤੱਕ ਹਰ ਚੀਜ਼ ਨੂੰ ਸ਼ਕਤੀ ਪ੍ਰਦਾਨ ਕਰਦੀ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਇਹ ਉਦਯੋਗ ਇਸ ਸਮੇਂ ਦੇਸ਼ ਦੀ ਆਰਥਿਕਤਾ ਵਿੱਚ 20 ਤੋਂ 23% ਦੀ ਸਾਲਾਨਾ ਦਰ ਨਾਲ ਯੋਗਦਾਨ ਪਾ ਰਿਹਾ ਹੈ। ਪੰਜਾਬ ਸਰਕਾਰ ਮੁਹਾਲੀ ਵਿੱਚ ਇਸ ਉਦਯੋਗ ਲਈ ਇੱਕ ਵਿਸ਼ੇਸ਼ ਸੈਮੀਕੰਡਕਟਰ ਪਾਰਕ ਸਥਾਪਤ ਕਰਨ ਲਈ ਕੰਮ ਕਰ ਰਹੀ ਹੈ।